Punjabi film actress Tejinder Kaur : ਆਮ ਆਦਮੀ ਪਾਰਟੀ ਨੇ ਸਾਲ 2022 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਤਿਆਰੀ ਕਰ ਲਈ ਹੈ। ਪਾਰਟੀ ਨੇ ਪਹਿਲਾਂ ਹੀ ਕਾਂਗਰਸ ਸਰਕਾਰ ਨੂੰ ਚੁਣੌਤੀ ਦੇਣ ਲਈ ਇਕ ਸਖਤ ਰਣਨੀਤੀ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਸੋਮਵਾਰ ਨੂੰ ਪੰਜਾਬੀ ਫਿਲਮ ਇੰਡਸਟਰੀ ਦੀ ਵੱਡੀ ਅਦਾਕਾਰਾ ਤੇਜਿੰਦਰ ਕੌਰ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਈ। ਉਨ੍ਹਾਂ ਦੇ ਨਾਲ, ਕਾਂਗਰਸੀ ਆਗੂ ਗੁਰਸੇਵਕ ਸਿੰਘ ਔਲਖ ਵੀ ‘ਆਪ’ ਵਿਚ ਸ਼ਾਮਲ ਹੋਏ। ਇਸ ਨਾਲ ਪੰਜਾਬ ਵਿਚ ਆਮ ਆਦਮੀ ਪਾਰਟੀ ਮਜ਼ਬੂਤ ਹੋਵੇਗੀ।
ਤੇਜਿੰਦਰ ਕੌਰ ਜਿਨ੍ਹਾਂ ਨੂੰ ਤੇਜੀ ਸੰਧੂ ਵਜੋਂ ਜਾਣਿਆ ਜਾਂਦਾ ਹੈ, ਤੇ ਗੁਰਸੇਵਕ ਸੰਧੂ ਨੂੰ ਪੰਜਾਬ ਪ੍ਰਦੇਸ਼ ਪ੍ਰਧਾਨ ਭਗਵੰਤ ਸਿੰਘ ਮਾਨ ਨੇ ਪਾਰਟੀ ਦੀ ਮੈਂਬਰਸ਼ਿਪ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕਰਨ ਵਿੱਚ ਅਸਫਲ ਰਹੀ ਹੈ। ਕੈਪਟਨ ਸਰਕਾਰ ਨੇ ਪਰਦੇ ਦੇ ਪਿੱਛੇ ਉਨ੍ਹਾਂ ਉਦਯੋਗਤੀਆਂ ਦਾ ਪੱਲਾ ਫੜਿਆ ਹੋਇਆ ਹੈ, ਜਿਨ੍ਹਾਂ ਦੇ ਵਿਰੋਧ ਵਿੱਚ ਪੂਰਾ ਕਿਸਾਨ ਅੰਦੋਲਨ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਇਸ ਸੱਚਾਈ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਆਉਣ ਵਾਲੇ ਸਮੇਂ ਵਿਚ ਉਹ ਕਾਂਗਰਸ ਨੂੰ ਸਬਕ ਸਿਖਾਉਣਗੇ।
ਗੁਰਸੇਵਕ ਸਿੰਘ ਔਲਖ ਪੇਸ਼ੇ ਤੋਂ ਡਾਕਟਰ ਹੈ ਅਤੇ ਸਮਾਜ ਸੇਵਾ, ਲੋਕਾਂ ਦੀ ਸੇਵਾ ਨਾਲ ਜੁੜਿਆ ਹੋਇਆ ਹੈ। ਇਸ ਦੇ ਨਾਲ ਹੀ ਤੇਜਿੰਦਰ ਕੌਰ ਇਕ ਪੰਜਾਬੀ ਫਿਲਮ ਅਦਾਕਾਰਾ ਹੋਣ ਦੇ ਨਾਲ ਨਾਲ ਸਕ੍ਰਿਪਟ ਲੇਖਕ ਅਤੇ ਸਮਾਜ ਸੇਵੀ ਵੀ ਹੈ। ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਵੱਖ-ਵੱਖ ਖੇਤਰਾਂ ਦੇ ਲੋਕ ਸਮਾਜ ਵਿੱਚ ਤਬਦੀਲੀ ਲਈ ਸਿਰਫ ਆਮ ਆਦਮੀ ਪਾਰਟੀ ਨੂੰ ਹੀ ਇੱਕ ਬਦਲ ਮੰਨਦੇ ਹਨ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ 2022 ਵਿਚ ਪੰਜਾਬ ਵਿਧਾਨ ਸਭਾ ਵਿਚ ਸਰਕਾਰ ਬਣਾ ਕੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰੇਗੀ।