ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ‘ਨੈਸ਼ਨਲ ਹੈਰਾਲਡ’ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੇਸ਼ ਹੋਣ ਲਈ ਸੰਮਨ ਭੇਜੇ ਜਾਣ ਮਗਰੋਂ ਕਾਂਗਰਸ ਵੀ ਸਖ਼ਤ ਜਵਾਬ ਦੇਣ ਦੇ ਮੂਡ ਵਿੱਚ ਆ ਗਈ ਹੈ। ਕਾਂਗਰਸ ਨੇ ਹੁਣ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ 13 ਜੂਨ ਨੂੰ ਈਡੀ ਸਾਹਮਣੇ ਪੇਸ਼ੀ ਦੌਰਾਨ ਜ਼ਬਰਦਸਤ ਤਾਕਤ ਦੇ ਪ੍ਰਦਰਸ਼ਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਇਸੇ ਲੜੀ ਤਹਿਤ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਦਿੱਲੀ ਬੁਲਾਇਆ ਗਿਆ ਹੈ। ਹਾਲਾਂਕਿ ਸੋਨੀਆ ਗਾਂਧੀ ਦੀ ਪੇਸ਼ੀ ਨੂੰ ਲੈ ਕੇ ਕੋਈ ਨਵੀਂ ਤਰੀਕ ਨਹੀਂ ਮਿਲੀ ਹੈ।
ਪਾਰਟੀ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਕਾਂਗਰਸ ਨੇ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਦੇ ਈਡੀ ਸਾਹਮਣੇ ਪੇਸ਼ ਹੋਣ ਦੇ ਮਾਮਲੇ ‘ਤੇ ਚਰਚਾ ਕਰਨ ਲਈ ਵੀਰਵਾਰ ਨੂੰ ਪਾਰਟੀ ਜਨਰਲ ਸਕੱਤਰਾਂ, ਸੂਬਾ ਕਾਂਗਰਸ ਕਮੇਟੀਆਂ ਦੇ ਇੰਚਾਰਜਾਂ ਅਤੇ ਪ੍ਰਧਾਨਾਂ ਦੀ ਡਿਜੀਟਲ ਮੀਟਿੰਗ ਵੀ ਬੁਲਾਈ ਹੈ। ਕਾਂਗਰਸ ਨਾਲ ਜੁੜੇ ਸੂਤਰਾਂ ਨੇ ਦੱਸਿਆ, ”ਵੀਰਵਾਰ ਸ਼ਾਮ ਨੂੰ ਪਾਰਟੀ ਦੇ ਜਨਰਲ ਸਕੱਤਰਾਂ, ਇੰਚਾਰਜਾਂ ਅਤੇ ਸੂਬਾ ਪ੍ਰਧਾਨਾਂ ਦੀ ਆਨਲਾਈਨ ਮੀਟਿੰਗ ਬੁਲਾਈ ਗਈ ਹੈ, ਜਿਸ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਅਤੇ ਸੰਗਠਨ ਨਾਲ ਜੁੜੇ ਕੁਝ ਹੋਰ ਮੁੱਦਿਆਂ ‘ਤੇ ਵੀ ਚਰਚਾ ਕੀਤੀ ਜਾ ਸਕਦੀ ਹੈ।”
ਸੂਤਰਾਂ ਮੁਤਾਬਕ ਕਾਂਗਰਸ ਨੇ ਵੀ ਆਪਣੇ ਸੰਸਦ ਮੈਂਬਰਾਂ ਨੂੰ 13 ਜੂਨ ਦੀ ਸਵੇਰ ਨੂੰ ਦਿੱਲੀ ‘ਚ ਮੌਜੂਦ ਰਹਿਣ ਲਈ ਕਿਹਾ ਹੈ। ਸੂਤਰਾਂ ਨੇ ਦੱਸਿਆ ਕਿ ਈਡੀ ਸਾਹਮਣੇ ਰਾਹੁਲ ਗਾਂਧੀ ਦੀ ਪੇਸ਼ੀ ਦੌਰਾਨ ਪਾਰਟੀ ਦੇ ਸੀਨੀਅਰ ਨੇਤਾ, ਸੰਸਦ ਮੈਂਬਰ ਤੇ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਰਹਿਣ ਦੀ ਸੰਭਾਵਨਾ ਹੈ।
ਜਾਂਚ ਏਜੰਸੀ ਈਡੀ ਨੇ ‘ਨੈਸ਼ਨਲ ਹੈਰਾਲਡ’ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ‘ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ 8 ਜੂਨ ਨੂੰ ਪੇਸ਼ ਹੋਣ ਦਾ ਨੋਟਿਸ ਦਿੱਤਾ ਸੀ ਪਰ ਇਸ ਦੌਰਾਨ ਕਾਂਗਰਸ ਪ੍ਰਧਾਨ ਕੋਰੋਨਾ ਦੀ ਲਪੇਟ ‘ਚ ਆ ਗਏ ਅਤੇ ਤੈਅ ਸਮੇਂ ਤੱਕ ਠੀਕ ਨਹੀਂ ਹੋ ਸਕੇ। ਉਨ੍ਹਾਂ ਨੇ ਪੇਸ਼ ਹੋਣ ਲਈ ਹੋਰ ਸਮਾਂ ਮੰਗਿਆ ਹੈ।
ਜਦਕਿ ਇਸੇ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਵੀ ਈਡੀ ਵੱਲੋਂ 13 ਜੂਨ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਡਾਇਰੈਕਟੋਰੇਟ ਨੇ ਪਹਿਲਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਨੂੰ 2 ਜੂਨ ਨੂੰ ਪੇਸ਼ ਹੋਣ ਲਈ ਕਿਹਾ ਸੀ, ਪਰ ਉਨ੍ਹਾਂ ਨੇ ਦੇਸ਼ ਤੋਂ ਬਾਹਰ ਹੋਣ ਦੀ ਗੱਲ ਕਹਿ ਕੇ 5 ਜੂਨ ਤੋਂ ਬਾਅਦ ਕਿਸੇ ਹੋਰ ਤਰੀਕ ਲਈ ਪੇਸ਼ ਹੋਣ ਦੀ ਬੇਨਤੀ ਵੀ ਕੀਤੀ ਸੀ। ਰਾਹੁਲ ਪਿਛਲੇ ਹਫ਼ਤੇ ਦੇਸ਼ ਵਾਪਸ ਪਰਤੇ ਸਨ।
ਦੂਜੇ ਪਾਸੇ ਪਾਰਟੀ ਦੇ ਚੋਟੀ ਦੇ ਆਗੂਆਂ ਨੂੰ ਪੇਸ਼ੀ ਲਈ ਬੁਲਾਏ ਜਾਣ ‘ਤੇ ਕਾਂਗਰਸ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਤੇ ਸਾਂਸਦ ਰਾਹੁਲ ਗਾਂਧੀ ਈਡੀ ਸਾਹਮਣੇ ਪੇਸ਼ ਹੋਣਗੇ, ਕਿਉਂਕਿ ਉਨ੍ਹਾਂ ਕੋਲ ਲੁਕਾਉਣ ਲਈ ਕੁਝ ਨਹੀਂ ਹੈ।
ਕਾਂਗਰਸ ਦੇ ਬੁਲਾਰੇ ਪਵਨ ਖੇੜਾ ਨੇ ਕਿਹਾ, ”ਅਸੀਂ ਕਾਨੂੰਨ ਦੀ ਪਾਲਣਾ ਕਰਨ ਵਾਲੀ ਪਾਰਟੀ ਹਾਂ। ਅਸੀਂ ਨਿਯਮਾਂ ਦੀ ਪਾਲਣਾ ਕਰਦੇ ਹਾਂ। ਜੇਕਰ ਉਨ੍ਹਾਂ ਨੂੰ ਬੁਲਾਇਆ ਗਿਆ ਤਾਂ ਉਹ ਜ਼ਰੂਰ ਜਾਣਗੇ। ਸਾਡੇ ਕੋਲ ਲੁਕਾਉਣ ਲਈ ਕੁਝ ਨਹੀਂ ਹੈ। ”