ਚੰਡੀਗੜ੍ਹ : ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਪੰਜਾਬ ਦੇ ਅਥਲੀਟਾਂ ਨੂੰ ਉਨ੍ਹਾਂ ਦੇ ਪ੍ਰਦਰਸ਼ਨ ਦੁਆਰਾ ਰਾਜ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਦਾ ਸੱਦਾ ਦਿੰਦਿਆਂ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਨੂੰ ਪੂਰੀ ਉਮੀਦ ਹੈ ਕਿ ਸਾਡੇ ਖਿਡਾਰੀ ਟੋਕਿਓ ਤੋਂ ਵੱਡੀ ਗਿਣਤੀ ਵਿੱਚ ਤਮਗੇ ਜਿੱਤ ਕੇ ਘਰ ਵਾਪਿਸ ਪਰਤਨਗੇ।
ਇਥੇ ਵੀਡੀਓ ਕਾਨਫਰੰਸਿੰਗ ਰਾਹੀਂ ਪੰਜਾਬ ਦੇ ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਮਸ਼ਹੂਰ ਸ਼ੂਟਿੰਗ ਦੇ ਪ੍ਰਸਿੱਧ ਖਿਡਾਰੀ ਰਹੇ ਰਾਣਾ ਸੋਢੀ ਨੇ ਕਿਹਾ ਕਿ ਟੋਕਿਓ ਜਾ ਰਹੇ ਪੰਜਾਬ ਦੇ ਖਿਡਾਰੀਆਂ ਨੂੰ ਇਸ ਖੇਡ ਮਹਾਕੁੰਭ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਅਤੇ ਲੋੜੀਂਦੇ ਉਪਕਰਣ ਖਰੀਦਣ ਲਈ ਸਲਾਹ ਦਿੱਤੀ ਅਤੇ ਪੰਜ ਲੱਖ ਰੁਪਏ ਦਿੱਤੇ। ਇਨ੍ਹਾਂ ਖਿਡਾਰੀਆਂ ਨੂੰ ਕੁੱਲ 1 ਕਰੋੜ 30 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ।
ਹਰੇਕ ਖਿਡਾਰੀ ਲਈ ਵਿੱਤੀ ਸਹਾਇਤਾ ਦੀ ਘੋਸ਼ਣਾ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਉਮੀਦ ਕੀਤੀ ਜਾ ਰਹੀ ਹੈ ਕਿ ਲਗਭਗ 190 ਮੈਂਬਰੀ ਗਰੁੱਪ ਭਾਰਤ ਵੱਲੋਂ ਟੋਕੀਓ ਓਲੰਪਿਕ ਵਿੱਚ ਹਿੱਸਾ ਲਏਗਾ, ਜਿਸ ਵਿੱਚੋਂ 100 ਅਥਲੀਟ ਪਹਿਲਾਂ ਹੀ ਕੁਆਲੀਫਾਈ ਹੋ ਚੁੱਕੇ ਹਨ। ਇਨ੍ਹਾਂ ਵਿਚੋਂ 56 ਮਰਦ ਅਤੇ 44 ਔਰਤਾਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ 25 ਤੋਂ 30 ਹੋਰ ਐਥਲੀਟ 23 ਜੁਲਾਈ ਤੋਂ ਸ਼ੁਰੂ ਹੋਣ ਵਾਲੀਆਂ ਖੇਡਾਂ ਲਈ ਕੁਆਲੀਫਾਈ ਕਰਨਗੇ।
ਖੇਡ ਮੰਤਰੀ ਨੇ ਕਿਹਾ ਕਿ ਭਾਰਤੀ ਓਲੰਪਿਕ ਟੁਕੜੀ ਵਿੱਚ ਪੰਜਾਬ ਦੀ ਵੱਡੀ ਪ੍ਰਤੀਨਿਧਤਾ ਹੋਵੇਗੀ ਕਿਉਂਕਿ ਹੁਣ ਤੱਕ 26 ਅਥਲੀਟ ਪੰਜਾਬ ਤੋਂ ਕੁਆਲੀਫਾਈ ਕਰ ਚੁੱਕੇ ਹਨ। ਉਨ੍ਹਾਂ ਨਾਲ ਡਾ: ਜਗਬੀਰ ਸਿੰਘ ਚੀਮਾ ਵਾਈਸ ਚਾਂਸਲਰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਡਾ. ਜਗਬੀਰ ਸਿੰਘ ਚੀਮਾ, ਰਜਿਸਟਰਾਰ ਕਰਨਲ ਨਵਜੀਤ ਸਿੰਘ ਸੰਧੂ, ਪ੍ਰਮੁੱਖ ਸਕੱਤਰ ਖੇਡ ਅਤੇ ਯੁਵਕ ਸੇਵਾਵਾਂ ਰਾਜ ਕਮਲ ਚੌਧਰੀ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਡੀ.ਪੀ.ਐਸ. ਖਰਬੰਦਾ, ਪੀ.ਆਈ.ਐੱਸ. ਡਾਇਰੈਕਟਰ ਅਮਰਦੀਪ ਸਿੰਘ ਅਤੇ ਜੁਆਇੰਟ ਸਕੱਤਰ ਕਰਤਾਰ ਸਿੰਘ ਹਾਜ਼ਰ ਸਨ।
ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨਾਲ ਕੀਤੇ ਵਾਅਦੇ ਨੂੰ ਦੁਹਰਾਉਂਦਿਆਂ ਰਾਣਾ ਸੋਢੀ ਨੇ ਕਿਹਾ ਕਿ ਓਲੰਪਿਕ ਖੇਡਾਂ ਤੋਂ ਪੰਜਾਬ ਦੇ ਸੋਨ ਤਗਮਾ ਜੇਤੂਆਂ ਨੂੰ 25.25 ਕਰੋੜ, ਚਾਂਦੀ ਦਾ ਤਗਮਾ ਜੇਤੂ ਨੂੰ 1.5 ਕਰੋੜ ਰੁਪਏ ਅਤੇ ਕਾਂਸੇ ਤਗਮਾ ਜੇਤੂ ਨੂੰ ਸਰਕਾਰ ਵੱਲੋਂ ਇਕ ਕਰੋੜ ਰੁਪਏ ਦਿੱਤੇ ਜਾਣਗੇ ਤੇ ਸਰਕਾਰੀ ਨੌਕਰੀ ਦਿੱਤੀ ਜਾਏਗੀ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਪੰਜਾਬ ਦੇ ਵੱਧ ਤੋਂ ਵੱਧ ਖਿਡਾਰੀ ਤਮਗਾ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣਗੇ ਅਤੇ ਹਾਕੀ ਦੀ ਖੇਡ ਇਸ ਵਿੱਚ ਮੋਹਰੀ ਰਹੇਗੀ। ਭਾਰਤੀ ਹਾਕੀ ਟੀਮ ਵਿੱਚ ਅੱਧੇ ਤੋਂ ਵੱਧ ਖਿਡਾਰੀ ਪੰਜਾਬ ਤੋਂ ਚੁਣੇ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਨਵੀਂ ਖੇਡ ਨੀਤੀ ਉਭਰ ਰਹੇ ਖਿਡਾਰੀਆਂ ਲਈ ਬਹੁਤ ਲਾਹੇਵੰਦ ਸਿੱਧ ਹੋਈ ਹੈ ਅਤੇ ਇਹ ਖਿਡਾਰੀਆਂ ਨੂੰ ਵਿਦੇਸ਼ੀ ਕੋਚਾਂ ਦੀ ਨਿਗਰਾਨੀ ਹੇਠ ਆਧੁਨਿਕ ਉਪਕਰਣਾਂ ਨਾਲ ਅਭਿਆਸ ਕਰਨ ਦਾ ਮੌਕਾ ਪ੍ਰਦਾਨ ਕਰ ਰਹੀ ਹੈ।
ਟੋਕਿਓ ਰਵਾਨਾ ਹੋਣ ਤੋਂ ਪਹਿਲਾਂ ਸਾਰੇ ਭਾਰਤੀ ਖਿਡਾਰੀਆਂ ਨੂੰ ਕੋਰੋਨਾ ਦੀ ਰੋਕਥਾਮ ਲਈ ਦਵਾਈਆਂ ਦਿੱਤੀਆਂ ਜਾਣ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਓਲੰਪਿਕ ਇਕ ਅਜਿਹਾ ਮੰਚ ਹੈ ਜਿਸ ਵਿਚ ਵਿਸ਼ਵ ਦੇ ਸਰਬੋਤਮ ਖਿਡਾਰੀ ਆਪਣੀ ਖੇਡ ਦਾ ਪ੍ਰਦਰਸ਼ਨ ਦਰਸਾਉਂਦੇ ਹਨ। ਸਾਨੂੰ ਉਮੀਦ ਹੈ ਕਿ ਸਾਡੇ ਖਿਡਾਰੀ ਆਪਣੀ ਪੂਰੀ ਤਾਕਤ ਲਗਾ ਕੇ ਦੇਸ਼ ਨੂੰ ਮਾਣ ਦਿਵਾਉਣਗੇ। ਉਨ੍ਹਾਂ ਕਿਹਾ ਕਿ ਕੋਵਿਡ ਮਹਾਮਾਰੀ ਕਾਰਨ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ ਖੇਡ ਵਿਭਾਗ ਨੇ ਖਿਡਾਰੀਆਂ ਨੂੰ ਵਿੱਤੀ ਅਤੇ ਲੌਜਿਸਟਿਕ ਮਦਦ ਦਿੱਤੀ।
ਮਨਦੀਪ ਸਿੰਘ (ਹਾਕੀ ਕਪਤਾਨ), ਅਕਾਸ਼ਦੀਪ ਸਿੰਘ, ਹਰਮਨਪ੍ਰੀਤ ਸਿੰਘ, ਕ੍ਰਿਸ਼ਨਾ ਪਾਠਕ, ਵਰੁਣ ਕੁਮਾਰ, ਗੁਰਿੰਦਰ ਸਿੰਘ, ਮਨਦੀਪ ਸਿੰਘ, ਜਰਮਨਪ੍ਰੀਤ ਸਿੰਘ, ਸਮਸ਼ੇਰ ਸਿੰਘ, ਗੁਰਸਾਹਿਬਜੀਤ ਸਿੰਘ, ਰੁਪਿੰਦਰਪਾਲ ਸਿੰਘ, ਰਮਨਦੀਪ ਸਿੰਘ, ਹਾਰਦਿਕ ਸਿੰਘ, ਸਿਮਰਨਜੀਤ ਸਿੰਘ, ਜਸਕਰਨ ਸਿੰਘ, ਗੁਰਜੰਟ ਸਿੰਘ ਅਤੇ ਦਿਲਪ੍ਰੀਤ ਸਿੰਘ (ਸਾਰੇ ਹਾਕੀ ਖਿਡਾਰੀ), ਰਾਜਵਿੰਦਰ ਕੌਰ, ਗੁਰਜੀਤ ਕੌਰ ਅਤੇ ਰੀਨਾ ਖੋਖਰ (ਮਹਿਲਾ ਹਾਕੀ ਖਿਡਾਰੀ), ਸਿਮਰਨਜੀਤ ਕੌਰ (ਮੁੱਕੇਬਾਜ਼ੀ), ਅੰਜੁਮ ਮੌਦਗਿੱਲ (ਸ਼ੂਟਿੰਗ), ਅੰਗਦ ਵੀਰ ਸਿੰਘ ਬਾਜਵਾ (ਸ਼ੂਟਿੰਗ), ਕਮਲਪ੍ਰੀਤ ਕੌਰ (ਡਿਸਕ ਥ੍ਰੋ), ਤੇਜਿੰਦਰਪਾਲ ਸਿੰਘ ਤੂਰ (ਸ਼ਾਟਪੁੱਟ) ਅਤੇ ਪਲਕ ਕੋਹਲੀ (ਪੈਰਾ ਬੈਡਮਿੰਟਨ ਪਲੇਅਰ) ਨੇ ਆਪਣੇ ਮਾਪਿਆਂ ਸਮੇਤ ਵੱਖ-ਵੱਖ ਜ਼ਿਲ੍ਹਿਆਂ ਤੋਂ ਹਿੱਸਾ ਲਿਆ ਅਤੇ ਖੇਡ ਮੰਤਰੀ ਨਾਲ ਅੱਜ ਵੀਡੀਓ ਕਾਨਫਰੰਸਿੰਗ ਦੌਰਾਨ ਸਲਾਹ ਮਸ਼ਵਰਾ ਕਰਦਿਆਂ ਉਨ੍ਹਾਂ ਦੀ ਖੇਡ ਤਿਆਰੀ ਅਤੇ ਰਣਨੀਤੀ ਬਾਰੇ ਵਿਚਾਰ-ਵਟਾਂਦਰੇ ਨਾਲ ਗੱਲਬਾਤ ਕੀਤੀ।
ਇਹ ਵੀ ਪੜ੍ਹੋ : ਡੇਲੀ ਪੋਸਟ ਪੰਜਾਬੀ ਦੀ ਖਬਰ ਰੰਗ ਲਿਆਈ- 20 ਮੈਡਲ ਜਿੱਤਣ ਵਾਲੀ ਕੌਮਾਂਤਰੀ ਖਿਡਾਰਨ ਨੂੰ ਮਿਲੀ ਸਰਕਾਰੀ ਨੌਕਰੀ
ਹਰਦੀਪ ਕੌਰ ਖੇਡ ਵਿਭਾਗ ਵਿੱਚ ਕਰਾਟੇ ਇੰਸਟ੍ਰਕਟਰ ਵਜੋਂ ਸੇਵਾ ਨਿਭਾਏਗੀ
ਇਸ ਤੋਂ ਪਹਿਲਾਂ ਖੇਡ ਮੰਤਰੀ ਰਾਣਾ ਸੋਢੀ ਨੇ ਜ਼ਿਲ੍ਹਾ ਮਾਨਸਾ ਦੀ ਅੰਤਰਰਾਸ਼ਟਰੀ ਕਰਾਟੇ ਦੀ 23 ਸਾਲਾ ਖਿਡਾਰਨ ਹਰਦੀਪ ਕੌਰ ਨੂੰ ਕਰਾਟੇ ਇੰਸਟ੍ਰਕਟਰ ਦੀ ਨੌਕਰੀ ਲਈ ਨਿਯੁਕਤੀ ਪੱਤਰ ਵੀ ਸੌਂਪਿਆ। ਮੀਡੀਆ ਰਿਪੋਰਟਾਂ ਅਨੁਸਾਰ ਉਸ ਨੂੰ ਆਪਣੇ ਜੱਦੀ ਪਿੰਡ ਗੁਰਨੇ ਕਲਾਂ ਵਿੱਚ ਝੋਨੇ ਦੀ ਬਿਜਾਈ ਲਈ ਮਜ਼ਦੂਰ ਵਜੋਂ ਕੰਮ ਕਰਨ ਲਈ ਮਜ਼ਬੂਰ ਕੀਤਾ ਗਿਆ ਸੀ।
ਰਾਣਾ ਸੋਢੀ ਨੇ ਕਿਹਾ ਕਿ ਬਹੁਤ ਸਾਰੀਆਂ ਕੌਮਾਂਤਰੀ ਅਤੇ ਕੌਮੀ ਕਰਾਟੇ ਚੈਂਪੀਅਨਸ਼ਿਪਾਂ ਵਿੱਚ ਤਮਗੇ ਜਿੱਤ ਚੁੱਕੀ ਹਰਦੀਪ ਕੌਰ ਨੂੰ ਦੋ ਸਾਲ ਪਹਿਲਾਂ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਕੋਰੋਨਾ ਮਹਾਂਮਾਰੀ ਦੇ ਕਾਰਨ ਹਰ ਕੋਈ ਘਰ ਵਿੱਚ ਰਹਿਣ ਲਈ ਮਜਬੂਰ ਹੋਇਆ ਅਤੇ ਹਰਦੀਪ ਕੌਰ ਵਿਭਾਗ ਵਿੱਚ ਪੂਰੇ ਦਸਤਾਵੇਜ਼ ਜਮ੍ਹਾ ਨਹੀਂ ਕਰਵਾ ਸਕੀ, ਜਿਸ ਕਰਕੇ ਉਸਦੀ ਨਿਯੁਕਤੀ ਵਿਚ ਦੇਰੀ ਹੋ ਗਈ। ਖੇਡ ਮੰਤਰੀ ਨੇ ਹਰਦੀਪ ਕੌਰ ਨੂੰ ਵਿਸ਼ਵ ਪੱਧਰੀ ਖੇਡਾਂ ਦੀ ਤਿਆਰੀ ਲਈ ਪ੍ਰੇਰਿਤ ਕੀਤਾ ਅਤੇ ਭਵਿੱਖ ਵਿੱਚ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।