ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ‘ਤੇ ਜਿਥੇ ਮਾਨ ਸਰਕਾਰ ਦੀਆਂ ਤਾਰੀਫਾਂ ਹੋ ਰਹੀਆਂ ਹਨ, ਉਥੇ ਹੀ ਕੁਝ ਆਗੂ ਇਸ ਨੂੰ ਲੈ ਕੇ ਸਰਕਾਰ ‘ਤੇ ਨਿਸ਼ਾਨਾ ਵੀ ਵਿੰਨ੍ਹ ਰਹੇ ਹਨ। ਕਾਂਗਰਸੀ ਆਗੂ ਰਵਨੀਤ ਸਿੰਘ ਬਿੱਟੂ ਨੇ ਸੰਗਰੂਰ ਦੀਆਂ ਜ਼ਿਮਨੀ ਚੋਣਾਂ ਤੋਂ ਐਨ ਪਹਿਲਾਂ ਸਰਕਾਰ ਦੀ ਇਸ ਕਾਰਵਾਈ ‘ਤੇ ਸਵਾਲ ਉਠਾਏ।
ਬਿੱਟੂ ਨੇ ਕਿਹਾ ਕਿ ਜ਼ਿਮਨੀ ਚੋਣਾਂ ਦੇ ਐਲਾਨ ਤੋਂ ਇੱਕ ਦਿਨ ਪਹਿਲਾਂ ਮੁੱਖ ਮੰਤਰੀ ਵੱਲੋਂ ਕੈਬਨਿਟ ਮੰਤਰੀ ਨੂੰ ਬਰਖਾਸਤ ਕਰਨਾ ਤੇ ਗ੍ਰਿਫਤਾਰ ਕਰਵਾਉਣਾ ਪੰਜਾਬ ਦੇ ਲੋਕਾਂ ਨੂੰ ਦਾਲ ਵਿੱਚ ਕੁਝ ਕਾਲਾ ਹੋਣ ਦਾ ਸੰਕੇਤ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਵਾਲੀਆਂ ਲੋਕ ਸਭਾ ਜ਼ਿਮਨੀ ਚੋਣਾਂ ਵਿੱਚ ਆਪਣੀ ਜਾਨ ਬਚਾਉਣ ਤੇ ਆਪਣੀਆਂ ਨਾਕਾਮੀਆਂ ‘ਤੇ ਪਰਦਾ ਪਾਉਣ ਲਈ ਇਹ ਸਟੰਟ ਕਰ ਰਹੀ ਹੈ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਸਤੀਫ਼ਾ ਦੇਣ ਕਰਕੇ ਖ਼ਾਲੀ ਹੋਈ ਸੰਗਰੂਰ ਲੋਕ ਸਭਾ ਸੀਟ ‘ਤੇ ਜ਼ਿਮਨੀ ਚੋਣ ਲਈ ਚੋਣ ਕਮਿਸ਼ਨ ਵੱਲੋਂ ਬੁੱਧਵਾਰ ਨੂੰ ਸ਼ਡਿਊਲ ਜਾਰੀ ਕੀਤਾ ਗਿਆ। ਇਹ ਚੋਣਾਂ 23 ਜੂਨ ਨੂੰ ਹੋਣਗੀਆਂ ਤੇ ਪਾਰਟੀਆਂ ਕੋਲ ਇਸ ਦੀਆਂ ਤਿਆਰੀਆਂ ਲਈ ਇੱਕ ਮਹੀਨੇ ਤੋਂ ਵੀ ਘੱਟ ਸਮਾਂ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਉਥੇ ਹੀ ਮੰਤਰੀ ‘ਤੇ ਮੰਗਲਵਾਰ ਨੂੰ ਕਾਰਵਾਈ ਕਰਦਿਆਂ ਉਸ ਨੂੰ ਬਰਖਾਸਤ ਕੀਤਾ ਗਿਆ ਸੀ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਸਰਕਾਰ ਦੀ ਇਸੇ ਕਾਰਵਾਈ ‘ਤੇ ਕਾਂਗਰਸੀ ਆਗੂ ਨੇ ਸਵਾਲ ਉਠਾਏ ਹਨ। ਹਾਲਾਂਕਿ ਹੋਰ ਕਈ ਵਿਰੋਧੀ ਪਾਰਟੀਆਂ ਨੇ ਸਰਕਾਰ ਦੀ ਇਸ ਕਾਰਵਾਈ ਦੀਆਂ ਤਾਰੀਫਾਂ ਕੀਤੀਆਂ ਹਨ।