Relief news for Fatehgarh Sahib : ਫਤਿਹਗੜ੍ਹ ਸਾਹਿਬ ਤੋਂ ਅੱਜ ਰਾਹਤ ਭਰੀ ਖਬਰ ਆਈ ਹੈ। ਇਥੇ ਦੇ ਗਿਆਨ ਸਾਗਰ ਹਸਪਤਾਲ ਬਨੂੜ ਵਿਚੋਂ ਅੱਜ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਆਖਰੀ ਮਰੀਜ਼ ਨੂੰ ਵੀ ਠੀਕ ਹੋਣ ’ਤੇ ਛੁੱਟੀ ਦੇ ਕੇ ਘਰ ਲਈ ਰਵਾਨਾ ਕਰ ਦਿੱਤਾ ਗਿਆ ਹੈ, ਜਿਸ ਨਾਲ ਹੁਣ ਫਤਿਹਗੜ੍ਹ ਸਾਹਿਬ ਵੀ ਕੋਰੋਨਾ ਮੁਕਤ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਫਤਿਹਗੜ੍ਹ ਸਾਹਿਬ ’ਚ ਕੁਲ 57 ਪਾਜ਼ੀਟਿਵ ਮਰੀਜ਼ ਪਾਏ ਗਏ ਸਨ, ਜਿਨ੍ਹਾਂ ਵਿਚੋਂ 56 ਮਰੀਜ਼ ਪਹਿਲਾਂ ਹੀ ਕੋਰੋਨਾ ਨੂੰ ਮਾਤ ਦੇ ਚੁੱਕੇ ਸਨ ਤੇ ਅੱਜ ਰਹਿੰਦੇ ਇਕ ਮਰੀਜ਼ ਨੂੰਵੀ ਡਿਸਚਾਰਜ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਗਰਵਾਲ ਨੇ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਨੂੰ ਪੰਜਾਬ ਸਰਕਾਰ ਵੱਲੋਂ ਨਵੀਂ ਪਾਲਿਸੀ ਅਧੀਨ ਹਸਪਤਾਲੋਂ ਤੋਂ ਛੁੱਟੀ ਦਿੱਤੀ ਗਈ ਹੈ, ਜਿਸ ਅਧੀਨ ਤਿੰਨ ਦਿਨਾਂ ਤੱਕ ਬਿਨਾਂ ਕੋਰੋਨਾ ਦੇ ਲੱਛਣ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਜਾਂਦੀ ਹੈ ਤੇ ਕੋਰੋਨਾ ਪਾਜ਼ੀਟਿਵ ਲੱਛਣ ਵਾਲਿਆਂ ਨੂੰ 10 ਦਿਨਾਂ ਵਿਚ ਕੋਈ ਲੱਛਣ ਨਾ ਮਿਲਣ ’ਤੇ ਬਿਨਾਂ ਟੈਸਟ ਦੇ ਛੁੱਟੀ ਦੇ ਦਿੱਤੀ ਜਾਂਦੀ ਹੈ।
ਸਿਵਲ ਸਰਜਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਰੀਜ਼ਾਂ ਨੂੰ ਛੁੱਟੀ ਦੇ ਕੇ ਸੱਤ ਦਿਨ ਆਪਣੇ ਘਰਾਂ ਵਿਚ ਹੀ ਕੁਆਰੰਟਾਈਨ ’ਚ ਰਹਿਣ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਜ਼ਿਲੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਦੱਸਣਯੋਗ ਹੈ ਕਿ ਜ਼ਿਲੇ ਵਿਚ ਹੁਣ ਤੱਕ 3003 ਸੈਂਪਲ ਲਏ ਗਏ ਸਨ, ਜਿਨ੍ਹਾਂ ਵਿਚੋਂ 2741 ਨੈਗੇਟਿਵ ਆਏ ਹਨ।
ਦੱਸਣਯੋਗ ਹੈ ਕਿ ਰੂਪਨਗਰ ਵੀ ਹੁਣ ਕੋਰੋਨਾ ਮੁਕਤ ਹੋ ਗਿਆ ਹੈ। ਇਸ ਤੋਂ ਇਲਾਵਾ ਸ਼ਨੀਵਾਰ ਨੂੰ ਰਾਜ ਭਰ ਤੋਂ 23 ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ। ਇਸ ਤੋਂ ਪਹਿਲਾਂ ਫਿਰੋਜ਼ਪੁਰ ਤੇ ਫਾਜ਼ਿਲਕਾ ਵੀ ਕੋਰੋਨਾ ਮੁਕਤ ਹੋ ਚੁੱਕੇ ਹਨ। ਪੰਜਾਬ ‘ਚ ਕੁੱਲ 2124 ਮਰੀਜ਼ਾਂ ਵਿਚੋਂ 1870 ਅਰਥਾਤ 88 ਪ੍ਰਤੀਸ਼ਤ ਰੋਗ ਠੀਕ ਹੋ ਚੁੱਕੇ ਹਨ। ਇਸ ਦੇ ਨਾਲ ਹੀ ਸੂਬੇ ‘ਚ ਇਕ ਹੋਰ ਮਰੀਜ਼ ਦੀ ਕੋਰੋਨਾ ਨਾਲ ਮੌਤ ਹੋ ਗਈ ਜਿਸ ਨਾਲ ਪੰਜਾਬ ‘ਚ ਕੋਰੋਨਾ ਨਾਲ ਮਾਰੇ ਗਏ ਲੋਕਾਂ ਦੀ ਗਿਣਤੀ 42 ਹੋ ਗਈ ਹੈ।