Relief to former DGP Saini : ਚੰਡੀਗੜ੍ਹ : ਪੰਜਾਬ ਦੇ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਰਾਹਤ ਦਿੰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੋਟਕਪੂਰਾ ਗੋਲੀਬਾਰੀ ਮਾਮਲੇ ਵਿਚ ਉਸ ਵਿਰੁੱਧ ਦਰਜ ਕੀਤੀ ਗਈ ਐਫਆਈਆਰ ਵਿਚ 23 ਮਾਰਚ ਤੱਕ ਦੀ ਗ੍ਰਿਫ਼ਤਾਰੀ ’ਤੇ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸੈਣੀ ਦੀ ਅਗਾਊਂ ਜ਼ਮਾਨਤ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਜਸਟਿਸ ਅਵਨੀਸ਼ ਝੀਂਗਨ ਨੇ ਸੈਣੀ ਵੱਲੋਂ ਕੇਸ ਵਿੱਚ ਦਰਜ ਐਫਆਈਆਰ ਵਿੱਚ ਅਗਾਊਂ ਜ਼ਮਾਨਤ ਦੀ ਮੰਗ ਕਰਦਿਆਂ ਪਾਈ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਆਦੇਸ਼ ਦਿੱਤਾ। ਤੁਹਾਨੂੰ ਦੱਸ ਦਈਏ ਕਿ ਪਿਛਲੇ ਸੋਮਵਾਰ ਨੂੰ ਹਾਈ ਕੋਰਟ ਨੇ ਬਹਿਬਲ ਕਲਾਂ ਗੋਲੀਬਾਰੀ ਮਾਮਲੇ ਵਿੱਚ ਸੈਣੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ। ਹੁਣ ਸੈਣੀ ਨੇ ਕੋਟਕਪੂਰਾ ਵਿਖੇ ਉਸ ਵਿਰੁੱਧ ਦਰਜ ਕੀਤੀ ਗਈ ਐਫਆਈਆਰ ਵਿੱਚ ਪਟੀਸ਼ਨ ਦਾਇਰ ਕਰਕੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ।
ਦੱਸ ਦੇਈਏ ਕਿ ਇਹ ਕੇਸ ਫਰੀਦਕੋਟ ਦੀ ਹੇਠਲੀ ਅਦਾਲਤ ਵਿੱਚ ਚੱਲ ਰਿਹਾ ਹੈ।ਇਸ ਕੇਸ ਵਿੱਚ ਸੈਣੀ ਖ਼ਿਲਾਫ਼ ਇੱਕ ਚਲਾਨ ਵੀ ਪੇਸ਼ ਕੀਤਾ ਗਿਆ ਹੈ। ਸੈਣੀ ਨੇ ਪਹਿਲਾਂ ਇਸ ਕੇਸ ਵਿੱਚ ਹੇਠਲੀ ਅਦਾਲਤ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਹੇਠਲੀ ਅਦਾਲਤ ਨੇ ਖਾਰਜ ਕਰ ਦਿੱਤਾ ਸੀ। ਹੇਠਲੀ ਅਦਾਲਤ ਤੋਂ ਅਗਾਊਂ ਜ਼ਮਾਨਤ ਪਟੀਸ਼ਨ ਖਾਰਿਜ ਹੋਣ ਤੋਂ ਬਾਅਦ ਸੈਣੀ ਨੇ ਹੁਣ ਅਗਾਊਂ ਜ਼ਮਾਨਤ ਦੀ ਮੰਗ ਕਰਦਿਆਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਵੀਰਵਾਰ ਨੂੰ ਸੈਣੀ ਦੀ ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 23 ਮਾਰਚ ਨੂੰ ਜਵਾਬ ਦੇਣ ਲਈ ਇਕ ਨੋਟਿਸ ਜਾਰੀ ਕਰਦਿਆਂ ਕੇਸ ਦੀ ਅਗਲੀ ਸੁਣਵਾਈ ਤੱਕ ਸੈਣੀ ਦੀ ਗ੍ਰਿਫਤਾਰੀ ‘ਤੇ ਅੰਤਰਿਮ ਰੋਕ ਲਗਾ ਦਿੱਤੀ ਹੈ।