ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ‘ਚ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਜਾਂਚ ਲਈ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਦੀ ਅਗਵਾਈ ਸੇਵਾਮੁਕਤ ਜੱਜ ਇੰਦੂ ਮਲਹੋਤਰਾ ਕਰਨਗੇ।
ਭਾਰਤ ਦੇ ਚੀਫ਼ ਜਸਟਿਸ ਐਨਵੀ ਰਮੰਨਾ, ਜਸਟਿਸ ਸੂਰਿਆ ਕਾਂਤ ਅਤੇ ਹਿਮਾ ਕੋਹਲੀ ਦੀ ਬੈਂਚ ਨੇ ਬੁੱਧਵਾਰ ਨੂੰ ਇਹ ਹੁਕਮ ਜਾਰੀ ਕੀਤਾ। ਪੀਐੱਮ ਮੋਦੀ ਦਾ 5 ਜਨਵਰੀ ਨੂੰ ਫਿਰੋਜ਼ਪੁਰ ਦੌਰਾ ਤੈਅ ਸੀ ਪਰ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੂੰ ਵਾਪਸ ਪਰਤਣਾ ਪਿਆ।
ਕਮੇਟੀ ਵਿੱਚ ਚੰਡੀਗੜ੍ਹ ਦੇ ਪੁਲਿਸ ਡਾਇਰੈਕਟਰ ਜਨਰਲ, ਐਨਆਈਏ ਦੇ ਆਈਜੀ, ਏਡੀਜੀ (ਸੁਰੱਖਿਆ) ਪੰਜਾਬ, ਪੰਜਾਬ-ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਵੀ ਸ਼ਾਮਲ ਹੋਣਗੇ। ਕਮੇਟੀ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਕਾਰਨਾਂ ਦਾ ਪਤਾ ਲਗਾਏਗੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੁਝਾਅ ਵੀ ਦੇਵੇਗੀ। ਇਸ ਤੋਂ ਪਹਿਲਾਂ 10 ਜਨਵਰੀ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਸੀ ਕਿ ਜਾਂਚ ਲਈ ਨਿਆਂਇਕ ਕਮੇਟੀ ਬਣਾਈ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਦੱਸਣਯੋਗ ਹੈ ਕਿ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਫਿਰੋਜ਼ਪੁਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨਾ ਸੀ। ਬਠਿੰਡਾ ਹਵਾਈ ਅੱਡੇ ਤੋਂ ਪ੍ਰਧਾਨ ਮੰਤਰੀ ਦਾ ਕਾਫਲਾ ਫ਼ਿਰੋਜ਼ਪੁਰ ਲਈ ਰਵਾਨਾ ਹੋਇਆ। ਗ੍ਰਹਿ ਮੰਤਰਾਲੇ ਮੁਤਾਬਕ ਜਦੋਂ ਪ੍ਰਧਾਨ ਮੰਤਰੀ ਦਾ ਕਾਫਲਾ ਹੁਸੈਨੀਵਾਲਾ ਵਿੱਚ ਰਾਸ਼ਟਰੀ ਸ਼ਹੀਦ ਯਾਦਗਾਰ ਤੋਂ ਲਗਭਗ 30 ਕਿਲੋਮੀਟਰ ਦੂਰ ਇੱਕ ਫਲਾਈਓਵਰ ‘ਤੇ ਪਹੁੰਚਿਆ ਤਾਂ ਕੁਝ ਪ੍ਰਦਰਸ਼ਨਕਾਰੀਆਂ ਨੇ ਸੜਕ ਨੂੰ ਜਾਮ ਕਰ ਦਿੱਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ 15-20 ਮਿੰਟ ਤੱਕ ਫਲਾਈਓਵਰ ‘ਤੇ ਫਸੇ ਰਹੇ। ਇਹੀ ਕਾਰਨ ਹੈ ਕਿ ਪ੍ਰਧਾਨ ਮੰਤਰੀ ਆਪਣੀ ਫਿਰੋਜ਼ਪੁਰ ਰੈਲੀ ਰੱਦ ਕਰਕੇ ਵਾਪਸ ਦਿੱਲੀ ਆ ਗਏ। ਇਸ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਇੱਕ ਵੱਡੀ ਕੁਤਾਹੀ ਦੱਸਿਆ ਗਿਆ।