SAD appeals to Punjabis : ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਸਣੇ ਦੇਸ਼ ਦੇ ਵੱਡੀ ਗਿਣਤੀ ‘ਚ ਕਿਸਾਨ ਦਿੱਲੀ-ਹਰਿਆਣਾ ਬਾਰਡਰ ‘ਤੇ ਡਟੇ ਹੋਏ ਹਨ। ਉਨ੍ਹਾਂ ਦੇ ਇਸ ਅੰਦੋਲਨ ਨੂੰ ਹਰ ਵਰਗ ਦਾ ਸਮਰਥਨ ਮਿਲ ਰਿਹਾ ਹੈ। ਭਾਜਪਾ ਨੂੰ ਛੱਡ ਕੇ ਲਗਭਗ ਸਾਰੀਆਂ ਸਿਆਸੀ ਪਾਰਟੀਆਂ ਵੀ ਇਸ ਦੇ ਹੱਕ ਵਿੱਚ ਹਨ। ਕਿਸਾਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਕਾਨੂੰਨਾਂ ਵਿੱਚ ਸੋਧ ਨਹੀਂ ਚਾਹੀਦੀ, ਸਗੋਂ ਉਹ ਇਸ ਨੂੰ ਰੱਦ ਹੀ ਕਰਵਾਉਣਗੇ, ਇਸੇ ਨੂੰ ਲੈ ਕੇ ਉਨ੍ਹਾਂ ਨੇ 8 ਦਸੰਬਰ, ਮੰਗਲਵਾਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ, ਜਿਸ ‘ਤੇ ਉਨ੍ਹਾਂ ਨੂੰ ਪੂਰਾ ਸਮਰਥਨ ਮਿਲ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ 8 ਦਸੰਬਰ ਨੂੰ ਕਿਸਾਨ ਸੰਗਠਨਾਂ ਵੱਲੋਂ ਇਸ ਭਾਰਤ ਬੰਦ ਦੇ ਸੱਦੇ ਨੂੰ ਪੂਰੀ ਤਰ੍ਹਾਂ ਸਮਰਥਨ ਕਰਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਡੇ ਵਰਕਰ ਵੀ ਇਸ ਬੰਦ ਨੂੰ ਪੂਰਨ ਸਫਲ ਬਣਾਉਣ ਲਈ ਤਨਦੇਹੀ ਨਾਲ ਕੰਮ ਕਰਨਗੇ ਅਤੇ ਕਿਸਾਨ ਵਿਰੋਧੀ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਨੂੰ ਯਕੀਨੀ ਬਣਾਉਣਗੇ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਇਸ ਦਾ ਸਮਰਥਨ ਕਰਦੇ ਹੋਏ ਇਸ ਦਿਨ ਆਪਣੇ ਸਾਰੇ ਦਫਤਰ ਅਤੇ ਸੰਸਥਾ ਨਾਲ ਅਦਾਰੇ ਬੰਦ ਰਖਣ ਦੀਆਂ ਹਿਦਾਇਤਾਂ ਜਾਰੀ ਕੀਤੀਆਂ ਹਨ।
ਉਥੇ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੰਜਾਬ ਬੰਦ ਦੇ ਸਮਰਥਨ ਵਿਚ ਦਫਤਰ ਬੰਦ ਰੱਖਣ ਲਈ ਆਖਿਆ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸਿੱਖ ਇਤਿਹਾਸ ਰੀਸਰਚ ਬੋਰਡ ਦੇ ਦਫਤਰਾਂ ਸਮੇਤ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਸਮੂਹ ਅਦਾਰੇ ਇਸ ਦਿਨ ਨਹੀਂ ਖੁੱਲ੍ਹਣਗੇ। ਦੱਸਣਯੋਗ ਹੈ ਕਿ ਐਸਜੀਪੀਸੀ ਵੱਲੋਂ 7 ਦਸੰਬਰ ਨੂੰ ਸਮੂਹ ਇਤਿਹਾਸਕ ਗੁਰਦੁਆਰਿਆਂ ਅੰਦਰ ਕਿਸਾਨ ਅਰਦਾਸ ਕੀਤੀ ਜਾਵੇਗੀ, ਜਿਸ ਦਾ ਸਮਾਂ ਸਵੇਰੇ 8 ਤੋਂ 9 ਵਜੇ ਤੱਕ ਹੋਵੇਗਾ। ਇਹ ਅਰਦਾਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਹੋਵੇਗੀ। ਦੱਸ ਦੇਈਏ ਕਿ ਕਿਸਾਨਾਂ ਵੱਲੋਂ 8 ਤਰੀਕ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ ਅਤੇ 9 ਦਸੰਬਰ ਨੂੰ ਉਨ੍ਹਾਂ ਦੀ ਮੁੜ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਹੋਵੇਗੀ।