SAD BJP demands dismissal : ਚੰਡੀਗੜ੍ਹ : ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਵੀਪੀ ਬਦਨੌਰ ਨੂੰ ਮਿਲਿਆ, ਜਿਥੇ ਉਨ੍ਹਾਂ ਨੇ ਰਾਜਪਾਲ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਬਰਖ਼ਾਸਤ ਕਰਨ ਦੇ ਨਾਲ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਦੀ ਹਾਈਕੋਰਟ ਦੇ ਮੌਜੂਦਾ ਜੱਜ ਜਾਂ ਸੀ ਬੀ ਆਈ ਕੋਲੋਂ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਜਾਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਕਾਂਗਰਸੀ ਆਗੂਆਂ ਵੱਲੋਂ ਗੈਰ ਕਾਨੂੰਨੀ ਸ਼ਰਾਬ ਦੇ ਧੰਦੇ ਵਿਚ ਕਮਾਏ ਪੈਸੇ ਵਸੂਲੇ ਜਾਣ। ਉਨ੍ਹਾਂ ਅਪੀਲ ਕੀਤੀ ਕਿ ਗੈਰ ਕਾਨੂੰਨੀ ਸ਼ਰਾਬ ਦੇ ਵਪਾਰ ਵਿਚ ਸ਼ਾਮਲ ਸਾਰੇ ਦੋਸ਼ੀਆਂ ਭਾਵੇਂ ਕੋਈ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ, ਦੀਆਂ ਜਾਇਦਾਦਾਂ ਕੁਰਕ ਕੀਤੀ ਜਾਵੇ। ਡਿਸਟੀਲਰੀਆਂ ਤੋਂ ਸਪੀਰਿਟ ਤੇ ਈ ਐਨ ਏ ਦੀ ਸਪਲਾਈ ਰੋਕੀ ਜਾਵੇ ਅਤੇ ਪੀੜਤ ਪਰਿਵਾਰਾਂ ਨੇ ਜਿਨ੍ਹਾਂ ਦੋਸ਼ੀਆਂ ਦੇ ਨਾਂ ਲਏ ਹਨ, ਖਾਸ ਤੌਰ ‘ਤੇ ਖਡੂਰ ਸਾਹਿਬ ਹਲਕੇ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਖਿਲਾਫ ਕਤਲ ਦਾ ਕੇਸ ਦਰਜ ਕੀਤਾ ਜਾਵੇ।
ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਮਨੋਰੰਜਨ ਕਾਲੀਆ ਦੀ ਪ੍ਰਧਾਨਗੀ ਵਾਲੇ ਇਸ ਵਫਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਸਰਕਾਰੀ ਸਰਪ੍ਰਸਤੀ ਦਾ ਸਿੱਧਾ ਨਤੀਜਾ ਹੈ ਤੇ ਇਸੇ ਲਈ ਅੰਮ੍ਰਿਤਸਰ, ਤਰਨਤਾਰਨ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਲੋਕ ਇਸ ਜ਼ਹਿਰੀਲੀ ਸ਼ਰਾਬ ਨਾਲ ਸਭ ਤੋਂ ਵੱਧ ਪ੍ਰਭਾਵਤ ਹੋਏ ਹਨ। ਇਸ ਪੱਧਰ ਦੀ ਸ਼ਰਾਬ ਦੀ ਸਪਲਾਈ ਕਾਂਗਰਸੀ ਆਗੂਆਂ ਤੇ ਵਿਧਾਇਕਾਂ ਅਤੇ ਪੁਲਿਸ ਤੇ ਆਬਕਾਰੀ ਮੁਲਾਜ਼ਮਾਂ ਵਿਚਾਲੇ ਗੰਢਤੁਪ ਨਾਲ ਹੀ ਹੋਈ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਆਬਕਾਰੀ ਤੇ ਗ੍ਰਹਿ ਮੰਤਰੀ ਵਜੋਂ ਆਪਣੀ ਸੰਵਿਧਾਨਕ ਡਿਊਟੀ ਨਿਭਾਉਣ ਵਿਚ ਫੇਲ੍ਹ ਹੋ ਗਏ ਹਨ। ਉਹਨਾਂ ਦੱਸਿਆ ਕਿ ਰਾਜਪੁਰਾ ਤੇ ਖੰਨਾ ਵਿਖੇ ਫੜੀਆਂ ਗਈਆਂ ਦੋ ਡਿਸਟੀਲਰੀਆਂ ਕਮ ਬੋਟਲਿੰਗ ਪਲਾਂਟਾਂ ਦਾ ਖੁਲਾਸਾ ਹੋਣ ਦੇ ਬਾਵਜੂਦ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ। ਮੁੱਖ ਦੋਸ਼ੀਆਂ ਦੀ ਸਰਪ੍ਰਸਤੀ ਵਿਚ ਸ਼ਾਮਲ ਦੋ ਕਾਂਗਰਸੀ ਵਿਧਾਇਕਾਂ ਮਦਨ ਲਾਲ ਜਲਾਲਪੁਰ ਅਤੇ ਹਰਦਿਆਲ ਸਿੰਘ ਕੰਬੋਜ ਖਿਲਾਫ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ। ਸਰਕਾਰ ਨੇ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਈਡੀ ਨੂੰ ਫਾਈਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਸੰਕੇਤ ਦਿੱਤਾ ਹੈ ਕਿ ਉਹ ਨਹੀਂ ਚਾਹੁੰਦੀ ਕਿ ਪੈਸੇ ਦੀ ਹੋਈ ਵੰਡ ਸਾਹਮਣੇ ਆਵੇ।
ਵਫਦ ਨੇ ਕਿਹਾ ਕਿ ਮੁੱਖ ਮੰਤਰੀ ਦੇ ਧਾਰਮਿਕ ਸਲਾਹਕਾਰ ਪਰਮਜੀਤ ਸਿੰਘ ਸਰਨਾ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਖਿਲਾਫ ਵੀ ਇਸ ਮਾਮਲੇ ਵਿਚ ਦੋਸ਼ ਲੱਗਣ ਕਾਰਨ ਕਾਰਵਾਈ ਹੋਣੀ ਚਾਹੀਦੀ ਹੈ। ਸੁਖਬੀਰ ਸਿੰਘ ਬਾਦਲ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੀ ਨਿਸ਼ਾਨੇ ‘ਤੇ ਲਾਏ। ਉਨ੍ਹਾਂ ਮੁੱਖ ਮੰਤਰੀ ਦੇ ਪੀੜਤ ਪਰਿਵਾਰਾਂ ਦੀ ਸਾਰ ਲੈਣ ਤੋਂ ਇਨਕਾਰ ਕਰਨ ਦੀ ਵੀ ਨਿਖੇਧੀ ਕੀਤੀ। ਇਸ ਦੌਰਾਨ ਵਫਦ ਵਿਚ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ, ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਡਾ. ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ ਅਤੇ ਮਨਜਿੰਦਰ ਸਿੰਘ ਸਿਰਸਾ ਵੀ ਸ਼ਾਮਲ ਸਨ।