SAD launches Kisan Morcha : ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਣ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਖੁੱਲ੍ਹੇਆਮ ਵਿਰੋਧ ਕਰਦਿਆਂ ਸੜਕਾਂ ’ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਅਧੀਨ ਪਾਰਟੀ ਨੇ ਅੱਜ ਪੰਜਾਬ ਦੇ ਸਥਿਤ ਤਿੰਨ ਤਖ਼ਤਾਂ ਤੋਂ ਕਿਸਾਨ ਮੋਰਚੇ ਦੀ ਸ਼ੁਰੂਆਤ ਕੀਤੀ। ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਅਦ ਦਾ ਕਿਸਾਨ ਮਾਰਚ ਸ਼ੁਰੂ ਕੀਤਾ ਗਿਆ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਤਲਵੰਡੀ ਸਾਬੋ ਵਿਚ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਚ ਸਥਿਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਅਗਵਾਈ ਕਰਦੇ ਹੋਏ ਕਿਸਾਨ ਮੋਰਚੇ ਕੱਢੇ ਗਏ।
ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਕੇ ‘ਕਿਸਾਨੀ ਮਾਰਚ’ ਦੀ ਸ਼ੁਰੂਆਤ ਕੀਤੀ। ਅੰਮ੍ਰਿਤਸਰ ਅਤੇ ਤਲਵੰਡੀ ਸਾਬੋ ਤੋਂ ਇਹ ਕਿਸਾਨ ਮਾਰਚ ਸਵੇਰੇ ਲਗਭਗ ਅੱਠ ਵਜੇ ਸ਼ਰੂ ਕੀਤਾ ਗਿਆ। ਆਨੰਦਪੁਰ ਸਾਹਿਬ ਤੋਂ ਕਿਸਾਨ ਮਾਰਚ ਦੀ ਸ਼ੁਰੁਆਤ ਸਵੇਰੇ 10 ਵਜੇ ਹੋਈ। ਪਾਰਟੀ ਨੇਤਾਵਾਂ ਦਾ ਦਾਅਵਾ ਹੈ ਕਿ ਕਿਸਾਨ ਮਾਰਚ ਵਿਚ 40000 ਵਾਹਨ ਸ਼ਾਮਲ ਹੋਣਗੇ। ਅੰਮ੍ਰਿਤਸਰ ਤੋਂ ਸ਼ੁਰੂ ਇਹ ਕਿਸਾਨ ਮਾਰਚ ਵੱਖ-ਵੱਖ ਸ਼ਹਿਰਾਂ ਤੋਂ ਹੁੰਦਾ ਹੋਇਆ ਚੰਡੀਗੜ੍ਹ ਪਹੁੰਚੇਗਾ, ਜਿਥੇ ਅਕਾਲੀ ਵਰਕਰ ਰਾਜਪਾਲ ਰਾਹੀਂ ਰਾਸ਼ਟਰਪਤੀ ਲਈ ਮੰਗ ਪੱਤਰ ਸੌਂਪਣਗੇ, ਜਿਸ ਵਿਚ ਰਾਜ ਸਭਾ ਅਤੇ ਲੋਕ ਸਭਾ ਦਾ ਸੈਸ਼ਨ ਦੁਬਾਰਾ ਬੁਲਾਉਣ ਅਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦਾ ਇਤਿਹਾਸ ਰਿਹਾ ਹੈ ਕਿ ਅਕਾਲੀ ਦਲ ਨੇ ਕਿਸਾਨ ਅੰਦੋਲਨ ਦੀ ਅਗਵਾਈ ਕੀਤੀ ਹੈ, ਕਿਸਾਨਾਂ ਅਤੇ ਉਨ੍ਹਾਂ ਦੇ ਭਵਿੱਖ ‘ਤੇ ਹਮਲਾ ਹੈ, ਜਿਸ ਲਈ ਅਕਾਲੀ ਦਲ ਨੇ ਕੇਂਦਰ ਸਰਕਾਰ ਤੋਂ ਮੰਤਰੀ ਪਦ ਦਾ ਅਸਤੀਫਾ ਦੇ ਕੇ ਕਿਸਾਨਾਂ ਦੇ ਨਾਲ ਖੜੇ ਹੋਣ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਸਰਕਾਰ ਨੂੰ ਪਹਿਲਾਂ ਹੀ ਲਿਖ ਚੁੱਕੀ ਸੀ ਕਿ ਕਾਨੂੰਨ ਵਿੱਚ ਕਿਸਾਨਾਂ ਨਾਲ ਕੋਈ ਬੇਇਨਸਾਫੀ ਨਹੀਂ ਹੋਣੀ ਚਾਹੀਦਾ ਅਤੇ ਭਾਜਪਾ ਸਰਕਾਰ ਨੇ ਪਹਿਲਾਂ ਇਹ ਵਾਅਦਾ ਵੀ ਕੀਤਾ ਸੀ। ਜਦੋਂ ਇਸ ਨੂੰ ਪੂਰਾ ਨਹੀਂ ਕੀਤਾ ਗਿਆ ਅਤੇ ਕਾਨੂੰਨ ਵਿੱਚ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਨਹੀਂ ਕੀਤੀ ਗਈ ਤਾਂ ਪਾਰਟੀ ਨੇ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਅਤੇ ਕਿਸਾਨਾਂ ਦੇ ਨਾਲ ਹੈ ਅਤੇ ਆਪਣੇ ਹਿੱਤਾਂ ਦੀ ਰਾਖੀ ਲਈ ਹਮੇਸ਼ਾਂ ਸਭ ਤੋਂ ਅੱਗੇ ਰਹੇਗਾ। ਉਨ੍ਹਾਂ ਸਮੂਹ ਕਿਸਾਨ ਜਥੇਬੰਦੀਆਂ ਨੂੰ ਇਕੱਠੇ ਹੋ ਕੇ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।