ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਹੋਈ। ਸ਼੍ਰੋਮਣੀ ਅਕਾਲੀ ਦਲ ਨੇ ਆਉਣ ਵਾਲੀਆਂ ਵਿਧਾਨ ਸਭਾ ਤੇ ਲੋਕਲ ਬਾਡੀਜ਼ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸੰਗਠਨ ਨੂੰ ਮਜ਼ਬੂਤ ਕਰਨ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿਚ ਪਾਰਟੀ ਦੀ ਪੱਤਰਕਾਰ ਵਾਰਤਾ ਨੂੰ ਸੰਬੋਧਨ ਕਰਦੇ ਹੋਏ ਸੀਨੀਅਰ ਨੇਤਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਫਰਵਰੀ ਮਹੀਨੇ ਵਿਚ ਪਾਰਟੀ ਦਾ ਮਾਸ ਕਾਟੈਕਟ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ ਜਿਸ ਤਹਿਤ ਹਲਕਾ ਵਾਈਜ਼ ਵੱਡੀਆਂ ਰੈਲੀਆਂ ਆਯੋਜਿਤ ਕੀਤੀਆਂ ਜਾਣਗੀਆਂ।
ਇਨ੍ਹਾਂ ਰੈਲੀਆਂ ਦੀਆਂ ਤਰੀਕਾਂ ਦਾ ਐਲਾਨ ਆਉਣ ਵਾਲੇ ਕੁਝ ਦਿਨਾਂ ਵਿਚ ਕਰ ਦਿੱਤਾ ਜਾਵੇਗਾ। ਇਕ ਹਫਤੇ ਵਿਚ 4 ਰੈਲੀਆਂ ਆਯੋਜਿਤ ਕਰਨ ਦੀ ਯੋਜਨਾ ਹੈ। ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਹੁਣੇ ਜਿਹੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀਆਂ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ‘ਤੇ ਸਮੀਖਿਆ ਕੀਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਚੋਣਾਂ ਵਿਚ ਅਕਾਲੀ ਦਲ ਦੀ ਵੋਟ ਫੀਸਦੀ ਵਿਚ ਵਾਧਾ ਹੋਇਆ ਹੈ ਜੋ ਪਾਰਟੀ ਲਈ ਸਕਾਰਾਤਮਕ ਸੰਕੇਤ ਹੈ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚ ‘ਵਜ਼ੂ’ ਕਰਨ ਵਾਲੇ ਨੌਜਵਾਨ ਖਿਲਾਫ਼ ਵੱਡਾ ਐਕਸ਼ਨ, ਕੀਤਾ ਗਿਆ ਗ੍ਰਿਫਤਾਰ
ਚੀਮਾ ਨੇ ਕਿਹਾ ਕਿ ਮਾਸ ਕਾਟੈਕਟ ਪ੍ਰੋਗਰਾਮ ਦੌਰਾਨ ਅਕਾਲੀ ਦਲ ਸਰਕਾਰ ਸਮੇਂ ਕੀਤੇ ਗਏ ਵਿਕਾਸ ਕੰਮਾਂ ਨੂੰ ਜਨਤਾ ਵਿਚ ਲਿਆਂਦਾ ਜਾਵੇਗਾ। ਇਸ ਦੇ ਨਾਲ ਹੀ ਪੰਜਬ ਵਿਚ ਜ਼ਮੀਨਾਂ ਵੇਚਣ ਵਰਗੇ ਕਥਿਤ ਗਲਤ ਫੈਸਲਿਆਂ ਬਾਰੇ ਲੋਕਾਂ ਨੂੰ ਜਾਣੂ ਕਰਾਇਆ ਜਾਵੇਗਾ। 10 ਫਰਵਰੀ ਤੱਕ ਸਰਕਲ ਪ੍ਰਧਾਨਾਂ ਦੀ ਨਿਯੁਕਤੀ, ਜ਼ਿਲ੍ਹਾ ਕੋਰ ਕਮੇਟੀਆਂ ਤੇ ਬੂਥ ਲੈਵਲ ਕਮੇਟੀਆਂ ਦੇ ਗਠਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪਾਰਟੀ ਦੇ ਵੱਖ-ਵੱਖ ਵਿੰਗ ਐੱਸ ਸੀ ਵਿੰਗ, ਬੀਸੀ ਵਿੰਗ, ਯੂਥ ਵਿੰਗ, ਵੂਮੈਨ ਵਿੰਗ ਤੇ ਐੱਸਓਆਈ ਦੀਆਂ ਕਮੇਟੀਆਂ ਨੂੰ ਵੀ ਪੂਰਾ ਕਰਨ ਨੂੰ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਵਿਚ ਜਿੱਤ ਦਰਜ ਕਰਨ ਵਾਲੀ ਪਾਰਟੀ ਲਈ ਅਹਿਮ ਭੂਮਿਕਾ ਨਿਭਾਉਣ ਵਾਲੇ ਵਰਕਰਾਂ ਨੂੰ ਸਹੀ ਜ਼ਿੰਮੇਵਾਰੀ ਦਿੱਤੀ ਜਾਵੇਗੀ ਤੇ ਨਾਲ ਹੀ ਨਗਰ ਨਿਗਮ ਤੇ ਮਿਊਂਸਪਲ ਕੌਂਸਲ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।
























