Sangrur and Gurdaspur New Corona : ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿਚ ਲੈ ਰਿਹਾ ਹੈ। ਇਸ ਦਾ ਕਹਿਰ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ ਹੈ। ਅੱਜ ਸੰਗਰੂਰ ਤੋਂ 52 ਤੇ ਗੁਰਦਾਸਪੁਰ ਵਿਚ 6 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਦੱਸਣਯੋਗ ਹੈ ਕਿ ਸੰਗਰੂਰ ਵਿਚ ਕੋਰੋਨਾ ਦੇ ਵੱਡੀ ਗਿਣਤੀ ਵਿਚ ਇਕੱਠੇ 52 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਰਾਜ ਕੁਮਾਰ ਵੱਲੋਂ ਕੀਤੀ ਗਈ ਹੈ, ਜਿਸ ਨਾਲ ਜ਼ਿਲੇ ਵਿਚ ਕੋਰੋਨਾ ਵਾਇਰਸ ਦੇ ਕੁਲ ਮਾਮਲਿਆਂ ਦੀ ਗਿਣਤੀ 62 ਹੋ ਗਈ ਹੈ। ਦੱਸਣਯੋਗ ਹੈ ਕਿ ਇਹ ਸਾਰੇ ਨਵੇਂ ਮਰੀਜ਼ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਵਿਚ ਸ਼ਾਮਲ ਸਨ।
ਉਥੇ ਹੀ ਗੁਰਦਾਸਪੁਰ ਵਿਚ 6 ਨਵੇਂ ਕੋਰੋਨਾ ਦੇ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਦੀ ਜਾਣਕਾਰੀ ਸਿਵਲ ਸਰਜਨ ਡਾ. ਕਿਸ਼ਨ ਚੰਦ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਅੱਜ ਜਿਹੜੇ 6 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਉਨ੍ਹਾਂ ਵਿਚੋਂ ਇਕ ਔਰਤ ਨੇੜਲੇ ਪਿੰਡ ਭੂਨ ਦੀ ਰਹਿਣ ਵਾਲੀ ਹੈ। ਉਕਤ ਔਰਤ ਗੁਰਦਾਸਪੁਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਕਰਵਾ ਰਹੀ ਸੀ। ਇਸ ਤੋਂ ਇਲਾਵਾ ਇਕ ਕੇਸ ਮੁਹੱਲਾ ਸੰਤ ’ਚੋਂ ਸਾਹਮਣੇ ਆਇਆ ਹੈ ਅਤੇ ਨਾਂਦੇੜ ਸਾਹਿਬ ਤੋਂ ਸ਼ਰਧਾਲੂਆਂ ਨੂੰ ਲਿਆਉਣ ਵਾਲੇ ਡਰਾਈਵਰ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਹੈ, ਜਦਕਿ ਹੋਰ ਤਿੰਨ ਮਾਮਲੇ ਨੇੜਲੇ ਪਿੰਡਾਂ ਦੇ ਹੀ ਦੱਸੇ ਜਾ ਰਹੇ ਹਨ।
ਇਥੇ ਦੱਸਣਯੋਗ ਹੈ ਕਿ ਅੱਜ ਦੇ ਮਿਲੇ ਕੁਲ 6 ਮਾਮਲਿਆਂ ਨੂੰ ਮਿਲਾ ਕੇ ਗੁਰਦਾਸਪੁਰ ਵਿਚ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਗਿਣਤੀ 35 ਤੱਕ ਪਹੁੰਚ ਗਈ ਹੈ, ਜਦਕਿ ਇਨ੍ਹਾਂ ਵਿਚੋਂ ਸਭ ਤੋਂ ਪਹਿਲਾਂ ਮਿਲੇ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਮੌਤ ਹੋ ਚੁੱਕੀ ਹੈ।