Sangrur Civil Surgeon reported Corona : ਸੂਬੇ ਵਿਚ ਵਧ ਰਿਹਾ ਕੋਰੋਨਾ ਵਾਇਰਸ ਫਰੰਟ ਲਾਈਨ ’ਤੇ ਡਿਊਟੀਆਂ ਨਿਭਾ ਰਹੇ ਸਿਹਤ ਵਿਭਾਗ ਦੇ ਕਰਮਚਾਰੀਆਂ ਤੇ ਅਫਸਰਾਂ ਨੂੰ ਵੀ ਆਪਣੀ ਪਕੜ ਵਿਚ ਲੈ ਰਿਹਾ ਹੈ। ਅੱਜ ਸੰਗਰੂਰ ਦੇ ਸਿਵਲ ਸਰਜਨ ਵੀ ਇਸ ਦੀ ਲਪੇਟ ਵਿਚ ਆ ਗਏ ਹਨ। ਦੱਸਣਯੋਗ ਹੈ ਕਿ ਅੱਜ ਸੰਗਰੂਰ ਜ਼ਿਲੇ ਵਿਚ ਕੋਰੋਨਾ ਦੇ 7 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ ਸਿਵਲ ਸਰਜਨ ਡਾ. ਰਾਜ ਕੁਮਾਰ ਦੀ ਰਿਪੋਰਟ ਵਿਚ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਬਾਕੀ 6 ਮਾਮਲੇ ਮਾਲੇਰਕੋਟਲਾ ਨਾਲ ਸਬੰਧਤ ਦੱਸੇ ਜਾ ਰਹੇ ਹਨ।
ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪਟਿਆਲਾ ਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਉਨ੍ਹਾਂ ਦੇ ਪਾਜ਼ੀਟਿਵ ਹੋਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਸਾਹ ਲੈਣ ਵਿਚ ਤਕਲੀਫ ਹੋ ਰਹੀ ਸੀ ਤੇ ਬੁਖਾਰ ਵੀ ਮਹਿਸੂਸ ਹੋ ਰਿਹਾ ਸੀ, ਜਿਸ ਦੇ ਚੱਲਦਿਆਂ ਬੀਤੇ ਦਿਨ ਉਨ੍ਹਾਂ ਨੂੰ ਪਟਿਆਲਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਥੇ ਉਨ੍ਹਾਂ ਨੂੰ ਆਈਸੀਯੂ ਵਿਚ ਰਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਹਾਲਤ ਹੁਣ ਸਥਿਰ ਹੈ।
ਜ਼ਿਕਰਯੋਗ ਹੈ ਕਿ ਡਾ. ਰਾਮ ਕੁਮਾਰ ਬਰਨਾਲਾ ਦੇ ਰਹਿਣ ਵਾਲੇ ਹਨ ਅਤੇ ਸੰਗਰੂਰ ਵਿਚ ਬਤੌਰ ਸਿਵਲ ਸਰਜਨ ਆਪਣੀਆਂ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੁਆਰੰਟਾਈਨ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਵੀ ਸੂਚੀ ਬਣਾਈ ਜਾ ਰਹੀ ਹੈ।