Sant Seva Singh Ji : ਜਲੰਧਰ : ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਕਿਸਾਨਾਂ ਦਾ ਦਿੱਲੀ ਬਾਰਡਰਾਂ ’ਤੇ ਅੱਜ 59ਵਾਂ ਦਿਨ ਹੈ। ਕੜਾਕੇ ਦੀ ਠੰਡ ਵਿੱਚ ਉਹ ਇਹ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਡਟੇ ਹੋਏ ਹਨ। ਇਸ ਦੌਰਾਨ ਕਿਸਾਨਾਂ ਵੱਲੋਂ ਕੱਲ੍ਹ ਗਣਤੰਤਰ ਦਿਵਸ ਮੌਕੇ ਟਰੈਕਟਰ ਰੈਲੀ ਕੱਢਣ ਦਾ ਐਲਾਨ ਕੀਤਾ ਹੈ, ਜਿਸ ਨੂੰ ਪੂਰਾ ਸਮਰਥਨ ਮਿਲ ਰਿਹਾ ਹੈ। ਅੱਜ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵੱਲੋਂ ਸੈਂਕੜੇ ਟਰੈਕਟਰ ਟਰਾਲੀਆਂ ਲੈ ਕੇ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਸੰਤ ਬਾਬਾ ਸੇਵਾ ਸਿੰਘ ਜੀ ਰਵਾਨਾ ਹੋਏ। ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਦੇ ਨਾਲ ਲੱਗਦੇ ਪਿੰਡਾਂ ਦੇ ਕਿਸਾਨ ਟ੍ਰੈਕਟਰ ਟਰਾਲੀਆਂ ਅਤੇ ਨਿੱਜੀ ਵਾਹਨ ਲੈ ਕੇ ਸੰਤ ਬਾਬਾ ਸੇਵਾ ਸਿੰਘ ਜੀ ਦੀ ਅਗੁਵਾਈ ਵਿੱਚ ਦਿੱਲੀ ਕਿਸਾਨੀ ਧਰਨੇ ਵੱਲ ਕੂਚ ਕੀਤੇ।
ਸੰਤ ਬਾਬਾ ਸੇਵਾ ਸਿੰਘ ਜੀ ਨੇ ਕਿਹਾ ਕਿ ਕਿਸਾਨੀ ਸੰਘਰਸ਼ ਵਿੱਚ ਜੂਝਦਿਆਂ ਹੁਣ ਤਕ ਕਈ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਜ਼ਾਲਮ ਸਰਕਾਰ ਦੇ ਕੰਨ ’ਤੇ ਜੂੰ ਨਹੀਂ ਸਰਕ ਰਹੀ। ਜਦਕਿ ਹੁਣ ਇਹ ਮੋਰਚਾ ਸਿਰਫ ਕਿਸਾਨਾਂ ਦਾ ਨਹੀਂ ਬਲਕਿ ਹਰ ਆਮ ਤੇ ਖਾਸ ਭਾਰਤੀ ਨਾਗਰਿਕ ਦਾ ਹੋ ਚੁਕਾ ਹੈ। ਹਰ ਵਰਗ ਇਸ ਮੋਰਚੇ ਵਿਚ ਸ਼ਮੂਲੀਅਤ ਕਰ ਰਹੇ ਹਨ। ਹੁਣ ਸਰਕਾਰ ਨੂੰ ਵੀ ਇਹ ਕਾਲੇ ਕਾਨੂੰਨ ਵਾਪਿਸ ਲੈ ਕੇ ਆਪਣੀ ਦਰਿਆਦਿਲੀ ਵਖਾਉਣੀ ਚਾਹੀਦੀ ਹੈ।
ਦੱਸਣਯੋਗ ਹੈ ਕਿ ਦੱਸਣਯੋਗ ਹੈ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਬਾਰਡਰਾਂ ’ਤੇ ਡਟੇ ਹੋਏ ਹਨ। ਬੀਤੇ ਦਿਨ ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ 11ਵੇਂ ਗੇੜ ਦੀ ਗੱਲਬਾਤ ਹੋਈ ਪਰ ਪਹਿਲਾਂ ਵਾਂਗ ਇਹ ਵੀ ਬੇਸਿੱਟਾ ਰਹੀ। ਕੇਂਦਰ ਸਰਕਾਰ ਨੇ ਖੇਤੀ ਕਾਨੂੰਨਾਂ ’ਤੇ ਡੇਢ ਸਾਲ ਲਈ ਰੋਕ ਲਗਾਉਣ ਦਾ ਪ੍ਰਸਤਾਵ ਦਿੱਤਾ ਹੈ, ਜਿਸ ਨੂੰ ਕਿਸਾਨਾਂ ਨੇ ਨਹੀਂ ਮੰਨਿਆ। ਉਨ੍ਹਾਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਵਾਏ ਬਗੈਰ ਉਹ ਅੰਦੋਲਨ ਖਤਮ ਨਹੀਂ ਕਰਨਗੇ। ਉਥੇ ਹੀ ਕਿਸਾਨਾਂ ਦੀ ਟਰੈਕਟਰ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਟਰੈਕਟਰ-ਟਰਾਲੀਆਂ ਲੈ ਕੇ ਪਹੁੰਚ ਰਹੇ ਹਨ।