Second death in Fatehgarh Sahib : ਕੋਰੋਨਾ ਦਾ ਕਹਿਰ ਪੰਜਾਬ ਵਿਚ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਇਸ ਦੇ ਨਾਲ ਹੀ ਇਸ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵੀ ਵਧਦੀ ਜਾ ਰਹੀ ਹੈ। ਅੱਜ ਫਤਿਹਗੜ੍ਹ ਵਿਚ ਕੋਰੋਨਾ ਨਾਲ ਇਕ ਹੋਰ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਬੱਸੀ ਪਠਾਣਾ ਦੇ ਪਿੰਡ ਭਾਂਬਰੀ ਦੀ ਇਕ 56 ਸਾਲਾ ਔਰਤ ਨੂੰ ਚੰਡੀਗੜ੍ਹ ਦੇ ਸੈਕਟਰ-32 ਵਿਚ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਔਰਤ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ। ਅੱਜ ਹਾਲਤ ਗੰਭੀਰ ਹੋਣ ਦੇ ਚੱਲਦਿਆਂ ਅੱਜ ਉਸ ਨੇ ਇਲਾਜ ਦੌਰਾਨ ਹਸਪਤਾਲ ਵਿਚ ਦਮ ਤੋੜ ਦਿੱਤਾ।
ਦੱਸਣਯੋਗ ਹੈ ਕਿ ਫਤਿਹਗੜ੍ਹ ਸਾਹਿਬ ਵਿਚ ਕੋਰੋਨਾ ਨਾਲ ਹੋਣ ਵਾਲੀ ਇਹ ਦੂਸਰੀ ਮੌਤ ਹੈ। ਇਸ ਤੋਂ ਪਹਿਲਾਂ ਮੰਡੀ ਗੋਬਿੰਦਗੜ੍ਹ ਵਿਚ ਇਕ 53 ਸਾਲਾ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋਈ ਸੀ। ਇਥੇ ਦੱਸ ਦੇਈਏ ਕਿ ਫਤਿਹਗੜ੍ਹ ਸਾਹਿਬ ਵਿਚ ਕੋਰੋਨਾ ਦੇ ਹੁਣ ਤੱਕ 131 ਮਾਮਲੇ ਸਾਹਮਣੇ ਆ ਚੁੱਕੇ ਹਨ। ਰਾਹਤ ਵਾਲੀ ਗੱਲ ਇਹ ਹੈ ਕਿ ਹੁਣ ਤੱਕ 114 ਲੋਕ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਸਮੇਂ ਜ਼ਿਲੇ ਵਿਚ ਵਿਚ ਕੋਰੋਨਾ ਦੇ ਕੁਲ ਸਰਗਰਮ ਮਾਮਲੇ 15 ਹਨ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਜ਼ਿਕਰਯੋਗ ਹੈ ਕਿ ਅੱਜ ਪਹਿਲਾਂ ਵੀ ਕੋਰੋਨਾ ਨਾਲ ਸੂਬੇ ਵਿਚ ਦੋ ਹੋਰ ਮੌਤਾਂ ਹੋਣ ਦੀ ਖਬਰ ਸਾਹਮਣੇ ਆਈ ਹੈ, ਜਿਥੇ ਸੰਗਰੂਰ ਵਿਚ ਇਕ 59 ਸਾਲਾ ਵਿਅਕਤੀ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ, ਉਥੇ ਜਲੰਧਰ ਦੇ ਹਸਪਤਾਲ ਵਿਚ ਸੁਲਤਾਨਪੁਰ ਲੋਧੀ ਦੇ ਇਕ 54 ਸਾਲਾ ਵਿਅਕਤੀ ਦੀ ਮੌਤ ਹੋ ਗਈ। ਸੁਲਤਾਨਪੁਰ ਲੋਧੀ ਵਿਚ ਕੋਰੋਨਾ ਨਾਲ ਹੋਣ ਵਾਲੀ ਇਹ ਪਹਿਲੀ ਮੌਤ ਹੈ।