SGPC and Akali Dal protest outside : ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦੇ ਬਾਹਰ ਧਰਨਾ ਲਗਾ ਕੇ ਜ਼ਬਰਦਸਤ ਰੋਸ ਮੁ਼ਜ਼ਾਹਰਾ ਕੀਤਾ ਗਿਆ। ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿੱਚ ਇਹ ਧਰਨਾ ਐਸਜੀਪੀਸੀ ਦੇ 400 ਲੋਕਾਂ ’ਤੇ ਮੁਕੱਦਮਾ ਦਰਜ ਕਰਨ ’ਤੇ ਰੋਸ ਦੇ ਚੱਲਦਿਆਂ ਲਗਾਇਆ।। ਭਾਈ ਲੌਂਗੋਵਾਲ ਨੇ ਪੰਜਾਬ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਉਂਦੀ ਹੈ ਇਸੇ ਲਈ SGPC ਦਫ਼ਤਰ ‘ਤੇ ਹਮਲਾ ਕਰਨ ਵਾਲਿਆਂ ਦੀ ਜਗ੍ਹਾ ਉਨ੍ਹਾਂ ਦੇ ਹੀ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਣਬੁੱਝ ਕੇ ਐਸਜੀਪੀਸੀ ‘ਤੇ ਨਿਸ਼ਾਨਾ ਵਿੰਨ੍ਹਿਆ ਜਾ ਰਿਹਾ ਹੈ। ਈ ਲੌਂਗੋਵਾਲ ਦਾ ਕਹਿਣਾ ਕਿ ਸ਼੍ਰੋਮਣੀ ਕਮੇਟੀ ਦਫਤਰ ਦੇ ਸਾਹਮਣੇ ਧਰਨਾ ਦੇ ਰਹੀਆਂ ਸਿੱਖ ਜਥੇਬੰਦੀਆਂ ਨਾਲ ਉਨ੍ਹਾਂ ਵੱਲੋਂ ਕਈ ਵਾਰ ਗੱਲਬਾਤ ਕਰਨ ਦੀ ਵੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿੱਚ ਦਖਲਅੰਦਾਜ਼ੀ ਕੀਤੀ ਗਈ। ਦੱਸਣਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ ਪਾਵਨ ਸਰੂਪਾਂ ਦੇ ਮਾਮਲੇ ਵਿਚ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕਰਦਿਆਂ ਸਤਿਕਾਰ ਕਮੇਟੀ ਵੱਲੋਂ ਐਸਜੀਪੀਸੀ ਦੇ ਦਫ਼ਤਰ ਦੇ ਬਾਹਰ 12 ਸਤੰਬਰ ਤੋਂ ਧਰਨਾ ਲਗਾਇਆ ਗਿਆ ਸੀ।
ਦਰਅਸਲ ਸਿੱਖ ਜਥੇਬੰਦੀਆਂ ਇਸ ਮਾਮਲੇ ਵਿਚ ਐਜੀਪੀਸੀ ਦੀ ਕਾਰਵਾਈ ਤੋਂ ਸੰਤੁਸ਼ਟ ਨਹੀਂ ਹਨ। ਇਸੇ ਧਰਨੇ ਦੇ ਚੱਲਦਿਆਂ ਬੀਤੀ 24 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਪਾਲਕੀ ਸਾਹਿਬ ਦੀ ਸੇਵਾ ਲਈ ਗਏ ਤਾਂ ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਤੇ ਸਤਿਕਾਰ ਕਮੇਟੀ ਵਿਚਾਲੇ ਹਿੰਸਕ ਝੜਪ ਹੋ ਗਈ ਸੀ। ਇਸ ਵਿੱਚ ਐਸਜੀਪੀਸੀ ਟਾਸਕ ਫੋਰਸ ਅਤੇ ਸਿੱਖ ਜਥੇਬੰਦੀਆਂ ਵੱਲੋਂ ਕਿਰਪਾਨਾਂ ਤੱਕ ਕੱਢ ਲਈਆਂ ਗਈਆਂ। ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਦੇ ਦਫਤਰ ਨੂੰ ਤਾਲਾ ਲਗਾ ਦਿੱਤਾ। ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਵੱਲੋਂ ਐਸਜੀਪੀਸੀ ਦੇ ਮੈਂਬਰਾਂ ਵਿਰੁੱਧ ਮਾਮਲਾ ਦਰਜ ਕਰਵਾਇਆ ਗਿਆ। ਇਸ ਸੰਬੰਧੀ ਐਸਜੀਪਸੀ ਵੱਲੋਂ ਮੁੱਖ ਮੰਤਰੀ ਨੂੰ ਇੱਕ ਪੱਤਰ ਲਿਖ ਕੇ ਇਸ ਨੂੰ ਰੱਦ ਕਰਨ ਲਈ ਵੀ ਕਿਹਾ ਗਿਆ ਸੀ।