SGPC came to the aid of Sikhs : ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਫਗਾਨਿਸਤਾਨ ਦੇ ਸਿੱਖਾਂ ਦੀ ਮਦਦ ਲਈ ਅੱਗੇ ਆਉਂਦੇ ਹੋਏ ਆਪਣੇ ਖਰਚੇ ’ਤੇ ਉਨ੍ਹਾਂ ਨੂੰ ਭਾਰਤ ਲੈ ਕੇ ਆਏਗੀ। ਇਹ ਫੈਸਲਾ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਚੰਡੀਗੜ੍ਹ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ ਜਿਸ ਵਿਚ ਕਿਹਾ ਗਿਆ ਕਿ ਅਫਗਾਨਿਸਤਾਨ ਵਿਚ ਰਹਿਣ ਵਾਲੇ ਸਿੱਖਾਂ ਨੂੰ ਭਾਰਤ ਲਿਆਉਣ ਲਈ ਸਾਰਾ ਖਰਚਾ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ। ਇਸ ਦੌਰਾਨ SGPC ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਅਫਗਾਨਿਸਤਾਨ ਵਿਚ ਵੱਸਦੇ ਸਿੱਖਾਂ ’ਤੇ ਲਗਾਤਾਰ ਹਮਲੇ ਹੋ ਰਹੇ ਹਨ। ਉਥੇ ਉਨ੍ਹਾਂ ਦੀ ਜ਼ਿੰਦਗੀ ਅਤੇ ਇੱਜ਼ਤ ਸੁਰੱਖਿਅਤ ਨਹੀਂ ਹੈ, ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਅਫਗਾਨੀ ਸਿੱਖਾਂ ਨੂੰ ਭਾਰਤ ਲਿਆਉਣ ਵਿਚ ਮਦਦ ਕੀਤੀ ਜਾਵੇਗੀ।
ਮੀਟਿੰਗ ਵਿਚ UAPA ਅਧੀਨ ਸਿੱਖ ਨੌਜਵਾਨਾਂ ਨੂੰ ਪੁਲਿਸ ਵੱਲੋਂ ਪ੍ਰੇਸ਼ਾਨ ਕੀਤੇ ਜਾਣ ’ਤੇ ਚਰਚਾ ਕਰਦਿਆਂ ਇਸ ਦੀ ਸਖਤ ਨਿਖੇਧੀ ਕੀਤੀ ਗਈ। ਉਨ੍ਹਾਂ ਪੰਜਾਬ ਸਰਕਾਰ ਨੂੰ ਇਸ ਕਾਨੂੰਨ ਦੀ ਦੁਰਵਰਤੋਂ ’ਤੇ ਰੋਕ ਲਗਾਉਣ ਦੀ ਮੰਗ ਵੀ ਕੀਤੀ। ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਕਾਨੂੰਨ ਦੀ ਆੜ੍ਹ ਹੇਠ ਜਾਣਬੁੱਝ ਕੇ ਸਿੱਖ ਨੌਜਵਾਨਾਂ ਨੂੰ ਨਿਸ਼ਾਨਾਂ ਬਣਾਇਆ ਜਾ ਰਿਹਾ ਹੈ। ਉਨ੍ਹਾਂ ਇਸ ਮਾਮਲੇ ਵਿਚ ਵੀ ਉਨ੍ਹਾਂ ਸਿੱਖ ਨੌਜਵਾਨਾਂ ਦੀ ਮਦਦ ਕਰਨ ਦੀ ਗੱਲ ਕਹੀ। ਭਾਈ ਲੌਂਗੋਵਾਲ ਨੇ SGPC ਦੇ ਪਬਲੀਕੇਸ਼ਨ ਵਿਭਾਗ ’ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਗਾਇਬ ਗੋਣ ਸਬੰਧੀ ਸੋਸ਼ਲ ਮੀਡੀਆ ’ਤੇ ਮਨਘੜੰਤ ਬਿਆਨਬਾਜ਼ੀ ਦਾ ਸਖਤ ਨੋਟਿਸ ਲੈਂਦਿਆਂ ਕਿਹਾ ਕਿ ਉਹ ਅਜਿਹੇ ਲੋਕਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨਗੇ।