SGPC demands stern action : ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਡੇਰਾਬੱਸੀ ਨੇੜਲੇ ਪਿੰਡ ਦੇਵੀਨਗਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਕ ਔਰਤ ਵੱਲੋਂ ਕੀਤੀ ਗਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਸਜੀਪੀਸੀ ਪ੍ਰਧਾਨ ਨੇ ਬੇਅਦਬੀ ਕਰਨ ਵਾਲੀ ਗ੍ਰਿਫ਼ਤਾਰ ਕੀਤੀ ਦੋਸ਼ੀ ਔਰਤ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਇਸ ਔਰਤ ਪਾਸੋਂ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇ। ਇਸ ਔਰਤ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ, ਤਾਂ ਜੋ ਅੱਗੇ ਤੋਂ ਕੋਈ ਅਜਿਹਾ ਕਰਨ ਦੀ ਹਿੰਮਤ ਨਾ ਕਰੇ।
ਭਾਈ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਅਵੇਸਲੇ ਢੰਗ ਨਾਲ ਕੰਮ ਕਰ ਰਹੀ ਹੈ, ਇਸੇ ਕਰਕੇ ਹੀ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਘਟਨਾਵਾਂ ਆਏ ਦਿਨ ਵਾਪਰ ਰਹੀਆਂ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਗੰਭੀਰ ਢੰਗ ਨਾਲ ਆਪਣੀ ਜ਼ਿੰਮੇਵਾਰੀ ਨਿਭਾਏ ਤਾਂ ਅਜਿਹੀਆਂ ਘਟਨਾਵਾਂ ਰੋਕੀਆਂ ਜਾ ਸਕਦੀਆਂ ਹਨ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਸੁਚੇਤ ਰੂਪ ਵਿਚ ਨਿਗਰਾਨੀ ਕਰਨੀ ਚਾਹੀਦੀ ਹੈ। ਇਸੇ ਦੌਰਾਨ ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਸ. ਨਿਰਮੈਲ ਸਿੰਘ ਜੌਲਾਂ ਅਤੇ ਹੋਰਾਂ ਨੂੰ ਘਟਨਾ ਸਥਾਨ ’ਤੇ ਭੇਜਿਆ, ਜਿਨ੍ਹਾਂ ਨੇ ਮੌਕੇ ’ਤੇ ਜਾ ਕੇ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਗੁਰਦੁਆਰਾ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਲਿਆਂਦਾ।
ਦੱਸਣਯੋਗ ਹੈ ਕਿ ਡੇਰਾਬੱਸੀ ਦੇ ਪਿੰਡ ਦੇਵੀਨਗਰ ਦੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 232 ਦੇ ਪਾਵਨ ਸਰੂਪਾਂ ਦੀ ਇੱਕ ਔਰਤ ਵੱਲੋਂ ਬੇਅਦਬੀ ਕੀਤੀ ਗਈ। ਲੋਕਾਂ ਨੇ ਔਰਤ ਨੂੰ ਫੜ ਕੇ ਕੁੱਟਿਆ ਹਾਲਾਂਕਿ ਕਿਹਾ ਜਾ ਰਿਹਾ ਹੈ ਕਿ ਔਰਤ ਦਿਮਾਗੀ ਤੌਰ ‘ਤੇ ਠੀਕ ਨਹੀਂ ਅਤੇ ਉਹ ਘਰੋਂ 4-5 ਦਿਨਾਂ ਤੋਂ ਗਾਇਬ ਸੀ। ਅਚਾਨਕ ਅੱਜ ਸਵੇਰੇ ਸਾਢੇ 8 ਵਜੇ ਮਹਿਲਾ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਫ਼ਿਆਂ ਨੂੰ ਫਾੜ ਦਿੱਤਾ। ਲੋਕਾ ਨੇ ਔਰਤ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਪਿਛਲੇ 26 ਦਿਨਾਂ ਵਿੱਚ ਪੰਜਾਬ ਤੋਂ ਤੀਜੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ।