ਬੀਤੇ ਦਿਨੀਂ ਭਵਾਨੀਗੜ੍ਹ ਨੇੜੇ ਪਿੰਡ ਜੋਲੀਆ ਦੇ ਗੁਰਦੁਆਰਾ ਸਾਹਿਬ ਵਿੱਚ ਅੱਗ ਲੱਗ ਗਈ, ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋ ਗਿਆ। ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਗੁਰਦੁਆਰਾ ਸਾਹਿਬ ਵਿੱਚ ਲੱਗੇ ਕੈਮਰਿਆਂ ਦੀ ਸੀਸੀਟੀਵੀ ਫੁਟੇਜ ਦੀ ਜਦੋਂ ਜਾਂਚ ਕੀਤੀ ਗਈ ਤਾਂ ਇੱਕ ਔਰਤ ਜਵਲਨਸ਼ੀਲ ਪਦਾਰਥ ਲੈ ਕੇ ਜਾਂਦੀ ਹੋਈ ਦਿਖਾਈ ਦੇ ਰਹੀ ਹੈ।
ਐੱਸ. ਜੀ. ਪੀ. ਸੀ. ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਪੂਰੀ ਘਟਨਾ ਦੀ ਨਿੰਦਾ ਕੀਤੀ ਹੈ ਤੇ ਇਸ ਖਿਲਾਫ ਸਖਤ ਕਾਰਵਾਈ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ । ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਵਿਚ ਬੇਅਦਬੀ ਦੀਆਂ ਘਟਨਾਵਾਂ ਕਾਫੀ ਵੱਡੀ ਗਿਣਤੀ ਵਿਚ ਸਾਹਮਣੇ ਆ ਰਹੀਆਂ ਹਨ। ਦੋਸ਼ੀਆਂ ਦੇ ਫੜੇ ਜਾਣ ਮਗਰੋਂ ਵੀ ਉਨ੍ਹਾਂ ਤੋਂ ਸਖਤੀ ਨਾਲ ਪੁੱਛਗਿੱਛ ਨਹੀਂ ਕੀਤੀ ਜਾਂਦੀ, ਜਿਸ ਕਰਕੇ ਅਜਿਹੇ ਲੋਕਾਂ ਦੇ ਹੌਸਲੇ ਬਣੇ ਹੋਏ ਹਨ ਅਤੇ ਅਜਿਹੀਆਂ ਘਟਨਾਵਾਂ ਰੁਕ ਨਹੀਂ ਰਹੀਆਂ।
ਬੀਬੀ ਜਗੀਰ ਕੌਰ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਮਾਮਲਿਆਂ ਖਿਲਾਫ ਸਖਤ ਕਾਰਵਾਈ ਕਰਨ ਤਾਂ ਜੋ ਦੁਬਾਰਾ ਕੋਈ ਅਜਿਹਾ ਕਰਨ ਦੀ ਹਿੰਮਤ ਨਾ ਕਰੇ। ਉਨ੍ਹਾਂ ਕਿਹਾ ਕਿ ਇਨ੍ਹਾਂ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਲੁਕੀਆਂ ਸ਼ਕਤੀਆਂ ਨੂੰ ਸਾਹਮਣੇ ਲਿਆਉਣਾ ਜਰੂਰੀ ਹੈ, ਜਿਸ ਲਈ ਪ੍ਰਸ਼ਾਸਨ ਨੂੰ ਸੁਚੇਤ ਹੋਣ ਦੀ ਲੋੜ ਹੈ।
ਇਹ ਵੀ ਪੜ੍ਹੋ : ਮਹਾਨ ਦਾਨੀ! ਅੰਮ੍ਰਿਤਸਰ ਦੇ ਇਸ ਸ਼ਖਸ ਨੇ ਆਪਣੀ 1 ਕਰੋੜ ਦੀ ਕੋਠੀ ਸ੍ਰੀ ਹਰਿਮੰਦਰ ਸਾਹਿਬ ਨੂੰ ਦਾਨ ਕਰਨ ਦਾ ਕੀਤਾ ਐਲਾਨ