SGPC President Demands Strict Action : ਅੰਮ੍ਰਿਤਸਰ : ਸ਼੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਦਿਨ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਧਰਨਾ ਦੇ ਰਹੇ ਲੋਕਾਂ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਜਾਨਲੇਵਾ ਹਮਲਾ ਕਰਨ ਵਾਲਿਆਂ ਵਿਰੁੱਧ ਸਰਕਾਰ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖਿਲਾਫ ਸ਼੍ਰੋਮਣੀ ਕਮੇਟੀ ਨੇ ਪਰਚਾ ਦਰਜ ਕਰਵਾਇਆ ਹੈ, ਉਨ੍ਹਾਂ ’ਤੇ ਬਣਦੀਆਂ ਧਰਾਵਾਂ ਤਹਿਤ ਤੁਰੰਤ ਕਾਰਵਾਈ ਕੀਤੀ ਜਾਵੇ।
ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਕੱਲ ਹਮਲੇ ਦੌਰਾਨ ਪੁਲਿਸ ਪ੍ਰਸ਼ਾਸਨ ਨੇ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ, ਜਿਸ ਦਾ ਉਨ੍ਹਾਂ ਨੂੰ ਅਫਸੋਸ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਾਣਬੁਝ ਕੇ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਢਾਹ ਲਗਾਉਣ ਦੇ ਰਾਹ ਤੁਰੀ ਹੋਈ ਹੈ। ਸਰਕਾਰ ਦੀ ਇਹ ਮਨਸ਼ਾ ਠੀਕ ਨਹੀਂ ਹੈ ਅਤੇ ਇਸ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ। ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਧਰਨਾ ਦੇਣ ਵਾਲੇ ਲੋਕਾਂ ਨਾਲ ਕਈ ਵਾਰ ਗੱਲਬਾਤ ਕੀਤੀ ਗਈ, ਪਰੰਤੂ ਇਹ ਜਾਣਬੁਝ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿਚ ਦਖ਼ਲ ਦਿੰਦੇ ਰਹੇ। ਸ਼੍ਰੋਮਣੀ ਕਮੇਟੀ ਨੇ ਹਮੇਸ਼ਾ ਯਤਨ ਕੀਤਾ ਕਿ ਗੱਲਬਾਤ ਰਾਹੀਂ ਸ਼ਾਂਤੀ ਨਾਲ ਮਸਲਾ ਹੱਲ ਕੀਤਾ ਜਾਵੇ, ਪਰ ਧਰਨਾਕਾਰੀਆਂ ਦੀ ਮਨਸ਼ਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿਚ ਖਲਲ ਪਾਉਣ ਦੀ ਸੀ। ਇਸੇ ਤਹਿਤ ਹੀ ਉਨ੍ਹਾਂ ਨੇ ਬੀਤੇ ਕੱਲ੍ਹ ਜਾਣਬੁਝ ਕੇ ਹੁਲੜਬਾਜ਼ੀ ਅਤੇ ਗਾਲੀ-ਗਲੋਚ ਕੀਤਾ।
ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਕਈ ਦਿਨਾਂ ਤੋਂ ਧਰਨਾ ਲਗਾ ਰਹੇ ਵਿਅਕਤੀਆਂ ਨੇ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਹਮਲਾ ਕਰਕੇ 6 ਮੁਲਾਜ਼ਮਾਂ ਨੂੰ ਜ਼ਖ਼ਮੀ ਕਰ ਦਿੱਤਾ ਸੀ। ਇਨ੍ਹਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਸਮੇਤ ਉਸ ਦੀ ਗੱਡੀ ’ਤੇ ਵੀ ਹਮਲਾ ਕੀਤਾ ਗਿਆ। ਭਾਈ ਲੌਂਗੋਵਾਲ ਨੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲ੍ਹਾ ਵਿਖੇ ਦਾਖਲ ਇਨ੍ਹਾਂ ਮੁਲਾਜ਼ਮਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੇ ਛੇਤੀ ਹੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।