SGPC President writes letter : ਸਿੱਖਾਂ ਦੀ ਸ਼ਹਾਦਤ ਦੇ ਸ਼ਤਾਬਦੀ ਸਾਲ ‘ਤੇ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ਨੂੰ ਐਨ ਮੌਕੇ ‘ਤੇ ਗ੍ਰਹਿ ਮੰਤਰਾਲਾ ਵੱਲੋਂ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ, ਜਿਸ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਖੇਧੀ ਕੀਤੀ ਗਈ ਹੈ। SGPC ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਸੰਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਨੂੰ ਚਿੱਠੀ ਲਿਖੀ ਹੈ, ਜਿਸ ਵਿੱਚ ਉਨ੍ਹਾਂ ਨੇ ਰੋਸ ਪ੍ਰਗਟਾਉਂਦੇ ਹੋਏ ਉਨ੍ਹਾਂ ਨੂੰ 21 ਫ਼ਰਵਰੀ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਇਜਾਜ਼ਤ ਮੰਗੀ ਹੈ।
ਚਿੱਠੀ ਵਿੱਚ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਫੈਸਲੇ ’ਤੇ ਮੁੜ ਗੌਰ ਕਰਨਾ ਚਾਹੀਦਾ ਹੈ। ਕੇਂਦਰ ਸਰਕਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 12 ਜਨਵਰੀ ਨੂੰ ਇਸ ਸੰਬੰਧੀ ਪੱਤਰ ਲਿਖਿਆ ਗਿਆ ਸੀ ਪਰ ਐਨ ਮੌਕੇ ‘ਤੇ ਉਨ੍ਹਾਂ ਨੂੰ ਇਜਾਜ਼ਤ ਦੇਣ ਤੋਂ ਨਾਂਹ ਕਰ ਦਿੱਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੰਮੇ ਸਮੇਂ ਤੋਂ ਬੰਦ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਗਰ ਨੂੰ ਵੀ ਖੋਲ੍ਹਣ ਦੀ ਮੰਗ ਕੀਤੀ।
ਦੱਸ ਦੇਈਏ ਕਿ ਭਾਰਤ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ 18 ਫਰਵਰੀ ਤੋਂ ਰਵਾਨਾ ਹੋਣਾ ਸੀ, ਜਿਥੇ ਬੀਤੇ ਦਿਨ ਐਨ ਮੌਕੇ ‘ਤੇ ਗ੍ਰਹਿ ਮੰਤਰਾਲਾ ਨੇ ਇਜਾਜ਼ਤ ਦੇਣ ਤੋਂ ਨਾਂਹ ਕਰ ਦਿੱਤੀ। ਇਸ ਸਬੰਧੀ ਗ੍ਰਹਿ ਮੰਤਰਾਲੇ ਵੱਲੋਂ ਇੱਕ ਪੱਤਰ ਭੇਜਿਆ ਗਿਆ ਹੈ ਜਿਸ ‘ਚ ਉਨ੍ਹਾਂ ਦੱਸਿਆ ਕਿ ਕੋਵਿਡ-19 ਕਾਰਨ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ ਜਿਸ ਕਾਰਨ ਇਹ ਰੋਕ ਲਗਾਈ ਗਈ ਹੈ। ਬੀਬੀ ਜਗੀਰ ਕੌਰ ਨੇ ਇਸ ਫੈਸਲੇ ਨੂੰ ਸਹੀ ਨਹੀਂ ਠਹਿਰਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੀਤੇ ਨਵੰਬਰ ਮਹੀਨੇ ਵਿਚ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਕਰਕੇ ਆਇਆ ਹੈ। ਜੇਕਰ ਉਸ ਵਕਤ ਕੋਈ ਖਤਰਾ ਨਹੀਂ ਸੀ ਤਾਂ ਹੁਣ ਖਤਰਾ ਕਿਵੇਂ ਪੈਦਾ ਹੋ ਗਿਆ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜੇਕਰ ਕੋਈ ਅਜਿਹੀ ਗੱਲ ਸੀ ਤਾਂ ਚੱਲ ਰਹੀ ਪ੍ਰਕਿਰਿਆ ਦੌਰਾਨ ਭਾਰਤ ਸਰਕਾਰ ਨੇ ਪਹਿਲਾਂ ਸਪੱਸ਼ਟ ਕਿਉਂ ਨਾ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਹਰ ਸ਼ਰਧਾਲੂ ਦੀ ਭਾਰਤ ਅਤੇ ਸੂਬਾ ਸਰਕਾਰ ਦੀਆਂ ਏਜੰਸੀਆਂ ਵੱਲੋਂ ਜਾਂਚ ਰਿਪੋਰਟ ਮਗਰੋਂ ਹੀ ਪਾਕਿਸਤਾਨ ਦੂਤਾਵਾਸ ਵੱਲੋਂ ਵੀਜ਼ੇ ਜਾਰੀ ਹੋਏ ਹਨ।