ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਮਿਲੀ ਵਾਰ-ਵਾਰ ਪੈਰੋਲ ਖ਼ਿਲਾਫ਼ ਅਦਾਲਤ ਵਿੱਚ ਜਾਣ ਦਾ ਫ਼ੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਸ਼ ਲਾਇਆ ਕਿ ਰਾਮ ਰਹੀਮ ਪੈਰੋਲ ’ਤੇ ਬਾਹਰ ਆ ਕੇ ਸਿੱਖਾਂ ਦੀ ਆਸਥਾ ਨੂੰ ਭੜਕਾ ਰਿਹਾ ਹੈ।
ਧਾਮੀ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ਲਈ ਹਰਿਆਣਾ ਦੀ ਭਾਜਪਾ-ਜੇਜੇਪੀ ਸਰਕਾਰ ਅਤੇ ਕੇਂਦਰ ਸਰਕਾਰ ਦੀ ਵੀ ਆਲੋਚਨਾ ਕੀਤੀ।
ਧਾਮੀ ਨੇ ਕਿਹਾ ਕਿ ਰਾਮ ਰਹੀਮ ਨੂੰ ਇੱਕ ਸਾਲ ਵਿੱਚ 4 ਵਾਰ ਪੈਰੋਲ ਦਿੱਤੀ ਗਈ ਸੀ। ਦੂਜੇ ਪਾਸੇ ਜੇ ਬੰਦੀ ਸਿੰਘ ਇਕ ਵਾਰ ਪੈਰੋਲ ਲੈਣ ਤੋਂ ਬਾਅਦ ਦੂਜੀ ਵਾਰ ਪੈਰੋਲ ਲਈ ਅਰਜ਼ੀ ਦਾਇਰ ਕਰਦੇ ਹਨ ਤਾਂ ਉਨ੍ਹਾਂ ਨੂੰ ਇਹ ਕਹਿ ਕੇ ਇਨਕਾਰ ਕਰ ਦਿੱਤਾ ਜਾਂਦਾ ਹੈ ਕਿ ਉਹ ਛੁੱਟੀ ਕੱਟ ਚੁੱਕੇ ਹਨ। ਇਸ ਤੋਂ ਇਲਾਵਾ ਬੰਦੀ ਸਿੰਘਾਂ ਦੀ ਪੈਰੋਲ ਸਬੰਧੀ ਅਰਜ਼ੀ ਨੂੰ ਖਤਰਾ ਦੱਸ ਕੇ ਰੱਦ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ : 55 ਯਾਤਰੀ ਲਏ ਬਿਨਾਂ ਉੱਡੀ ਫਲਾਈਟ ‘ਤੇ Go Air ਨੂੰ ਠੋਕਿਆ ਗਿਆ 10 ਲੱਖ ਰੁ. ਜੁਰਮਾਨਾ
ਧਾਮੀ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਰਾਮ ਰਹੀਮ ਨੂੰ ਮਿਲੀ ਪੈਰੋਲ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰੇਗੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਸਾਹਿਬ ਸਿੱਖਾਂ ਦੀ ਆਸਥਾ ਨਾਲ ਜੁੜਿਆ ਧਾਰਮਿਕ ਚਿੰਨ੍ਹ ਹੈ ਅਤੇ ਇਹ ਗੁਰੂ ਸਾਹਿਬ ਵੱਲੋਂ ਬਖਸ਼ੇ ਪੰਜ ਕੱਕਾਰਾਂ ਵਿੱਚ ਸ਼ਾਮਲ ਹੈ। ਰਾਮ ਰਹੀਮ ਨੇ ਪਿਛਲੇ ਦਿਨੀਂ ਪੈਰੋਲ ਮਿਲਣ ਤੋਂ ਬਾਅਦ ਇਸ ਕਿਰਪਾਨ ਨਾਲ ਕੇਕ ਕੱਟਿਆ ਸੀ। ਅਜਿਹਾ ਕਰਕੇ ਉਸ ਨੇ ਸਿੱਖਾਂ ਦੀ ਆਸਥਾ ਨੂੰ ਠੇਸ ਪਹੁੰਚਾਉਣ ਅਤੇ ਭੜਕਾਉਣ ਦਾ ਕੰਮ ਕੀਤਾ ਹੈ। ਸਿੱਖ ਕੌਮ ਅਜਿਹੀ ਕਿਸੇ ਵੀ ਹਰਕਤ ਨੂੰ ਬਰਦਾਸ਼ਤ ਨਹੀਂ ਕਰੇਗੀ।
ਵੀਡੀਓ ਲਈ ਕਲਿੱਕ ਕਰੋ -: