Shaheedi Jor Mela : ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਜੋੜ ਮੇਲ ਦੇ ਦੂਸਰੇ ਦਿਨ ਵੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅੱਜ ਵੱਡੀ ਗਿਣਤੀ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ। ਇਸ ਦੌਰਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵੱਖ-ਵੱਖ ਸ਼ਖ਼ਸੀਅਤਾਂ ਨੇ ਪੁੱਜੀਆਂ ਅਤੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਗੁਰੂਘਰ ਵਿੱਚ ਸੀਸ ਨਿਵਾਏ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੀ ਗੁਰੂ ਘਰ ਨਤਮਸਤਕ ਹੋਏ। ਉਨ੍ਹਾਂ ਨੇ ਦੀਵਾਨ ਟੋਡਰ ਮੱਲ ਦੀਵਾਨ ਹਾਲ ਵਿਖੇ ਮਾਤਾ ਗੁਜਰੀ ਜੀ ਨੂੰ ਸਮਰਪਿਤ ਗੁਰਮਤਿ ਸਮਾਗਮ ਵਿੱਚ ਸ਼ਹਾਦਤ ਦਾ ਮਾਣਮੱਤਾ ਇਤਿਹਾਸ ਸਾਂਝਾ ਕੀਤਾ। ਕੱਲ੍ਹ 27 ਦਸੰਬਰ ਨੂੰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਤੱਕ ਸਜਾਏ ਜਾਣ ਵਾਲੇ ਨਗਰ ਕੀਰਤਨ ਦੀ ਸਮਾਪਤੀ ਮੌਕੇ ਦੁਪਹਿਰ 1 ਵਜੇ ਅਰਦਾਸ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ‘ਚ ਸ੍ਰੀ ਫ਼ਤਿਹਗੜ੍ਹ ਸਾਹਿਬ ‘ਚ ਹਰ ਸਾਲ ਤਿੰਨ ਦਿਨਾ ਸ਼ਹੀਦੀ ਜੋੜ ਮੇਲ ਹੁੰਦਾ ਹੈ। ਇਸ ਵਾਰ ਇਹ ਜੋੜ ਮੇਲਾ 25, 26 ਤੇ 27 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ। ਇਹ ਸ਼ਹੀਦੀ ਜੋੜ ਮੇਲ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਬੀਤੇ ਦਿਨ ਸ਼ੁਰੂ ਹੋਇਆ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਰੰਭ ਵਾਲੇ ਅਖੰਡ ਪਾਠ ਦਾ ਆਰੰਭ ਗੁਰੂਦਵਾਰਾ ਜੋਤੀ ਸਵਰੂਪ ਸਾਹਿਬ ਵਿਖੇ ਕੀਤੀ ਗਈ, ਜਿਥੇ ਸਾਹਿਬਜਾਦਿਆਂ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ। ਸ਼ਹੀਦੀ ਜੋੜ ਮੇਲੇ ਦੇ ਪਹਿਲੇ ਹੀ ਦਿਨ ਗੁਰਦੁਆਰਾ ਸ੍ਰੀ ਫਤਿਹਗੜ ਸਾਹਿਬ ਅਤੇ ਗੁਰੂਦੁਆਰਾ ਜੋਤੀ ਸਵਰੂਪ ਸਾਹਿਬ ਵਿਖੇ ਗੁਰੂਘਰਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ।