Shiromani Akali Dal protests : ਸ਼੍ਰੋਮਣੀ ਅਕਾਲੀ ਦਲ ਵੱਲੋਂ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਲਗਾਤਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾਉਣ ਤੇ ਆਮ ਲੋਕਾਂ ’ਤੇ ਪਾਏ ਵਾਧੂ ਬੋਝ ਦੇ ਵਿਰੋਧ ਵਿਚ 7 ਜੁਲਾਈ ਦਿਨ ਮੰਗਲਵਾਰ ਨੂੰ ਪੰਜਾਬ ਦੇ ਸੂਬੇ ਦੇ ਹਰ ਪਿੰਡ ਤੇ ਹਰ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਆਦਮਪੁਰ ਦੇ ਆਗੂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਰਾਜ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾਂ ਲੋਕਾਂ ਦੇ ਨੀਲੇ ਕਾਰਡ ਕੱਟੇ ਜਾ ਰਹੇ ਹਨ, ਉਨ੍ਹਾਂ ਨੂੰ ਰਾਸ਼ਨ ਨਹੀਂ ਮਿਲ ਰਿਹਾ ਹੈ, ਵਿਦਿਆਰਥੀਆਂ ਨੂੰ ਸਕਾਲਰਸ਼ਿਪ ਨਹੀਂ ਮਿਲ ਰਹੀ।
ਸੂਬੇ ਵਿਚ ਲੋਕਾਂ ਦੇ ਬਿਜਲੀ ਦੇ ਵੱਡੇ-ਵੱਡੇ ਬਿੱਲ ਆਏ ਹਨ, ਪਿੰਡਾਂ ਵਿਚ ਨਰੇਗਾ ਲੇਬਰ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚ ਹੀ ਸ਼ਰਾਬ ਘਪਲਾ ਤੇ ਬੀਜ ਘਪਲਾ ਸਾਹਮਣੇ ਆਏ ਹਨ। ਲੋਕਾਂ ਨੂੰ ਪੈਨਸ਼ਨਾਂ ਨਹੀਂ ਮਿਲ ਰਹੀਆਂ। ਸੂਬੇ ਵਿਚ ਵਿਕਾਸ ਠੱਪ ਹੋ ਕੇ ਰਹਿ ਗਿਆ ਹੈ। ਉਸ ਤੋਂ ਬਾਅਦ ਸਰਕਾਰ ਵੱਲੋਂ ਆਮ ਆਦਮੀ ’ਤੇ ਹੋਰ ਬੋਝ ਪਾਉਂਦੇ ਹੋਏ ਬੱਸਾਂ ਦੇ ਕਿਰਾਇਆਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਕ ਤਾਂ ਕੋਰੋਨਾ ਮਹਾਮਾਰੀ ਕਾਰਨ ਲੋਕ ਪਹਿਲਾਂ ਹੀ ਆਰਥਿਕ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਉਤੋਂ ਸਰਕਾਰ ਦੀਆਂ ਇਨ੍ਹਾਂ ਲੋਕ ਮਾਰੂ ਨੀਤੀਆਂ ਨਾਲ ਮਹਿੰਗਾਈ ਵਿਚ ਹੋਰ ਵਾਧਾ ਹੋਇਆ ਹੈ, ਜਿਸ ਨਾਲ ਆਮ ਆਦਮੀ ’ਤੇ ਵਾਧੂ ਬੋਝ ਪਿਆ ਹੈ।
ਸਰਕਾਰ ਦੀਆਂ ਇਨ੍ਹਾਂ ਸਾਰੀਆਂ ਲੋਕ ਮਾਰੂ ਨੀਤੀਆਂ ਖਿਲਾਫ 7 ਜੁਲਾਈ ਨੂੰ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ-ਆਪਣੇ ਪਿੰਡਾਂ ਤੇ ਸ਼ਹਿਰਾਂ ਵਿਚ ਲੋਕਾਂ ਨੂੰ ਇਕੱਠੇ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਰੋਸ ਪ੍ਰਦਰਸ਼ਨ ਦੀਆਂ ਫੋਟੋਆਂ ਸੋਸ਼ਲ ਮੀਡੀਆਂ ’ਤੇ ਵੀ ਪਾਈਆਂ ਜਾਣਗੀਆਂ ਤਾਂ ਜੋ ਪੰਜਾਬ ਸਰਕਾਰ ਨੂੰ ਪਤਾ ਲੱਗ ਸਕੇ ਕਿ ਲੋਕ ਉਨ੍ਹਾਂ ਦੇ ਰਾਜ ਵਿਚ ਕਿੰਨੇ ਪ੍ਰੇਸ਼ਾਨ ਹਨ ਅਤੇ ਉਨ੍ਹਾਂ ਨੂੰ ਕਿੰਨੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।