SI Sandeep Kaur arrested : ਅੰਮ੍ਰਿਤਸਰ : ਜ਼ਿਲ੍ਹੇ ਦੇ ਨਵਾਂ ਪਿੰਡ ਵਿੱਚ ਗਹਿਣਿਆਂ ਦੇ ਕਾਰੋਬਾਰੀ ਅਤੇ ਉਸ ਦੀ ਪਤਨੀ ਵੱਲੋਂ ਖੁਦਕੁਸ਼ੀ ਮਾਮਲੇ ਵਿੱਚ ਪੁਲਿਸ ਨੇ ਸਬ-ਇੰਸਪੈਕਟਰ ਸੰਦੀਪ ਕੌਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਸੰਦੀਪ ਕੌਰ ਨੂੰ ਪਨਾਹ ਦੇਣ ਵਾਲੇ ਤਿੰਨ ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਨ੍ਹਾਂ ਵਿਚੋਂ ਇਕ ਪੰਜਾਬ ਪੁਲਿਸ ਵਿਚ ਕਾਂਸਟੇਬਲ ਹੈ।
ਤੁਹਾਨੂੰ ਦੱਸ ਦਈਏ ਕਿ ਵਿਕਰਮਜੀਤ ਸਿੰਘ ਵਿੱਕੀ ਨੂੰ ਸਬ-ਇੰਸਪੈਕਟਰ ਸੰਦੀਪ ਕੌਰ ਵੱਲੋਂ ਬਲੈਕਮੇਲ ਕਰਕੇ ਲਗਭਗ 20 ਲੱਖ ਰੁਪਏ ਲਏ ਗਏ ਸਨ। ਸੰਦੀਪ ਕੌਰ ਵੱਲੋਂ ਉਸ ਨੂੰ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਸਨ, ਜਿਸ ਤੋਂ ਬਾਅਦ ਵਿਕਰਮਜੀਤ ਨੇ ਖੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ ਵਿਕਰਮਜੀਤ ਨੇ ਇਕ ਸੁਸਾਈਡ ਨੋਟ ਲਿਖਿਆ ਜਿਸ ਵਿਚ ਉਸਨੇ ਆਪਣੀ ਮੌਤ ਲਈ ਸਬ-ਇੰਸਪੈਕਟਰ ਸੰਦੀਪ ਕੌਰ ਨੂੰ ਜ਼ਿੰਮੇਵਾਰ ਠਹਿਰਾਇਆ। ਵਿਕਰਮਜੀਤ ਦੀ ਮੌਤ ਤੋਂ ਬਾਅਦ ਉਸ ਦੀ ਪਤਨੀ ਨੇ ਵੀ ਖੁਦਕੁਸ਼ੀ ਕਰ ਲਈ। ਵਿਕਰਮਜੀਤ ਦੀ ਧੀ ਨੇ ਪੰਜਾਬ ਦੇ ਮੁੱਖ ਮੰਤਰੀ ਅੱਗੇ ਇਸ ਮਾਮਲੇ ਵਿੱਚ ਇਨਸਾਫ ਦੀ ਗੁਹਾਰ ਲਗਾਈ, ਜਿਸ ਤੋਂ ਬਾਅਦ ਪੁਲਿਸ ਨੇ ਸਬ-ਇੰਸਪੈਕਟਰ ਸੰਦੀਪ ਕੌਰ ਗ੍ਰਿਫਤਾਰ ਕੀਤਾ ਅਤੇ ਤਿੰਨ ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਿਨ੍ਹਾਂ ਨੇ ਉਸ ਨੂੰ ਪਨਾਹ ਦਿੱਤੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਅੰਮ੍ਰਿਤਸਰ ਰੂਰਲ ਧਰੁਵ ਦਹੀਆ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਹੋਏ ਦੋਹਰੇ ਕਤਲ ਕੇਸ ਵਿੱਚ ਮੁੱਖ ਦੋਸ਼ੀ ਸਬ ਇੰਸਪੈਕਟਰ ਸੰਦੀਪ ਕੌਰ, ਜੋ ਪਿਛਲੇ ਦਸ ਦਿਨਾਂ ਤੋਂ ਫਰਾਰ ਸੀ, ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਮ੍ਰਿਤਸਰ ਦੇ ਪਿੰਡ ਨਵਾਂ ਪਿੰਡ ਦੇ ਵਸਨੀਕ ਵਿਕਰਮਜੀਤ ਨੇ ਇੱਕ ਹੋਟਲ ਵਿੱਚ ਖੁਦਕੁਸ਼ੀ ਕਰ ਲਈ ਸੀ। ਆਪਣੇ ਸੁਸਾਈਡ ਨੋਟ ਵਿੱਚ ਉਸਨੇ ਸਬ-ਇੰਸਪੈਕਟਰ ਸੰਦੀਪ ਕੌਰ ਨੂੰ ਆਪਣੀ ਜ਼ਿੰਮੇਵਾਰ ਠਹਿਰਾਇਆ ਸੀ। ਉਸ ਦੀ ਪਤਨੀ ਨੇ ਵੀ ਖੁਦਕੁਸ਼ੀ ਕਰ ਲਈ ਸੀ, ਜਿਸ ਤੋਂ ਬਾਅਦ ਪੁਲਿਸ ਲਈ ਸੰਦੀਪ ਕੌਰ ਨੂੰ ਫੜਨਾ ਜ਼ਰੂਰੀ ਹੋ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਸੰਦੀਪ ਕੌਰ ਨੂੰ ਫੜ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੰਦੀਪ ਕੌਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਦੋਸ਼ੀ ਪਾਏ ਜਾਣ ‘ਤੇ ਰਿਮਾਂਡ ਹਾਸਲ ਕੀਤਾ ਜਾਵੇਗਾ। ਉਸਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ