ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀਰਵਾਰ ਨੂੰ ਸਾਬਕਾ ਆਈਪੀਐਸ ਅਧਿਕਾਰੀ ਮੁਹੰਮਦ ਮੁਸਤਫ਼ਾ ਨੂੰ ਆਪਣਾ ਮੁੱਖ ਰਣਨੀਤਕ ਸਲਾਹਕਾਰ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਵਜੋਂ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
ਮੁਸਤਫਾ ਨੇ ਉਦੋਂ ਕਿਹਾ ਸੀ ਕਿ ਉਹ ਕਿਸੇ ਵੀ ਰਾਜਨੀਤਿਕ ਅਹੁਦੇ ‘ਤੇ ਕੰਮ ਨਹੀਂ ਕਰ ਸਕਦੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਨਵਜੋਤ ਸਿੱਧੂ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਅਹੁਦੇ ਦੀ ਪੇਸ਼ਕਸ਼ ਕੀਤੀ। ਪਰ ਉਹ ਇਸ ਅਹੁਦੇ ਨੂੰ ਸਵੀਕਾਰ ਨਹੀਂ ਕਰ ਸਕਦੇ।
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਾਈਕਮਾਨ ਤੋਂ ਕੈਬਨਿਟ ਵਿਸਥਾਰ ਲਈ ਹਰੀ ਝੰਡੀ ਮਿਲਣ ਤੋਂ ਬਾਅਦ ਸੂਬਾ ਇਕਾਈ ਵਿੱਚ ਆਪਣੀ ਸਰਗਰਮੀ ਵਧਾ ਦਿੱਤੀ ਹੈ। ਲੋਕਾਂ ਤੱਕ ਪਹੁੰਚ ਕਰਨ ਲਈ ਸਿੱਧੂ ਨੇ ਹੁਣ ਦੋ ਮੀਡੀਆ ਸਲਾਹਕਾਰ ਨਿਯੁਕਤ ਕੀਤੇ ਹਨ, ਜਦੋਂ ਕਿ ਕੈਪਟਨ ਕੋਲ ਸਿਰਫ ਇੱਕ ਮੀਡੀਆ ਸਲਾਹਕਾਰ ਹੈ।
ਮੰਨਿਆ ਜਾ ਰਿਹਾ ਹੈ ਕਿ ਟਵਿੱਟਰ ਦੇ ਜ਼ਰੀਏ ਸਿੱਧੂ ਆਮ ਲੋਕਾਂ ਤੱਕ ਓਨਾ ਨਹੀਂ ਪਹੁੰਚ ਨਹੀਂ ਬਣਾ ਪਾ ਰਹੇ ਹਨ ਜਿੰਨੀ ਸਰਕਾਰ ਦੇ ਮੁਖੀ ਵਜੋਂ ਕੈਪਟਨ ਬਣਾ ਚੁੱਕੇ ਹਨ, ਇਸ ਲਈ ਜਗਤਾਰ ਸਿੱਧੂ ਅਤੇ ਸੁਰਿੰਦਰ ਡੱਲਾ ਨੂੰ ਮੀਡੀਆ ਸਲਾਹਕਾਰ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਸਿੱਧੂ ਨੇ ਪਰਗਟ ਸਿੰਘ ਨੂੰ ਸੂਬਾ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਸੀ। ਸਿੱਧੂ ਨੇ ਸੋਮਵਾਰ ਨੂੰ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਸਿਆਸੀ ਮਾਹਿਰਾਂ ਅਨੁਸਾਰ ਇਸ ਨਾਲ ਸੂਬਾ ਕਾਂਗਰਸ ਕਮੇਟੀ ਦਾ ਪੁਨਰਗਠਨ ਸ਼ੁਰੂ ਹੋ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਦਿੱਤੀ ਗੰਨੇ ਦੀਆਂ ਕੀਮਤਾਂ ‘ਚ ਵਾਧੇ ਨੂੰ ਪ੍ਰਵਾਨਗੀ
ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਪਰਗਟ ਸਿੰਘ ਨੂੰ ਸਿੱਧੂ ਦੇ ਬੇਹੱਦ ਕਰੀਬੀ ਅਤੇ ਕੈਪਟਨ ਦੇ ਵਿਰੋਧੀ ਮੰਨਿਆ ਜਾਂਦਾ ਹੈ। ਪਰਗਟ ਸਿੰਘ ਨੂੰ ਜਨਰਲ ਸਕੱਤਰ ਨਿਯੁਕਤ ਕਰਨ ਦੇ ਪੱਤਰ ਵਿੱਚ ਲਿਖਿਆ ਹੈ ਕਿ ਰਾਸ਼ਟਰੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦੀ ਪ੍ਰਵਾਨਗੀ ਤੋਂ ਬਾਅਦ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਕਮੇਟੀ ਦੇ ਤੁਰੰਤ ਪ੍ਰਭਾਵ ਨਾਲ ਜਨਰਲ ਸਕੱਤਰ (ਸੰਗਠਨ) ਨਿਯੁਕਤ ਕੀਤਾ ਗਿਆ ਹੈ।