ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀਆਂ ਨੂੰ ਫੜਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਦ੍ਰਿੜ ਵਚਨਬੱਧਤਾ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਸਹਾਇਤਾ ਪ੍ਰਦਾਨ ਕਰਨ, ਰੇਕੀ ਕਰਨ ਅਤੇ ਪਨਾਹ ਦੇਣ ਵਾਲੇ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਪੁਲਿਸ ਵੱਲੋਂ ਫੜੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਉਰਫ ਕੇਕੜਾ ਵਾਸੀ ਸਿਰਸਾ, ਮਨਪ੍ਰੀਤ ਸਿੰਘ ਉਰਫ ਮੰਨਾ ਵਾਸੀ ਤਲਵੰਡੀ ਸਾਬੋ, ਮਨਪ੍ਰੀਤ ਭਾਊ ਢੈਪਈ, ਸਾਰਜ ਮਿੰਟੂ ਪਿੰਡ ਦੋਦੇ ਕਲਸੀਆ, ਅੰਮ੍ਰਿਤਸਰ; ਪ੍ਰਭਦੀਪ ਸਿੱਧੂ ਉਰਫ਼ ਪੱਬੀ, ਮੋਨੂੰ ਡਾਗਰ; ਪਵਨ ਬਿਸ਼ਨੋਈ ਅਤੇ ਨਸੀਬ ਦੇ ਰੂਪ ਵਿੱਚ ਹੋਈ ਹੈ । ਪੁਲਿਸ ਵੱਲੋਂ ਇਸ ਵਾਰਦਾਤ ਵਿੱਚ ਸ਼ਾਮਲ ਚਾਰ ਸ਼ੂਟਰਾਂ ਦੀ ਵੀ ਪਛਾਣ ਕਰ ਲਈ ਗਈ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ADGP ਐਂਟੀ ਗੈਂਗਸਟਰ ਟਾਸਕ ਫੋਰਸ ਪਰਮੋਦ ਬਾਨ ਨੇ ਮੰਗਲਵਾਰ ਨੂੰ ਕਿਹਾ ਕਿ ਗੋਲਡੀ ਬਰਾੜ ਅਤੇ ਸਚਿਨ ਥਾਪਨ ਦੇ ਨਿਰਦੇਸ਼ਾਂ ‘ਤੇ ਸੰਦੀਪ ਉਰਫ ਕੇਕੜਾ ਨੇ ਆਪਣੇ ਆਪ ਨੂੰ ਆਪਣੇ ਪ੍ਰਸ਼ੰਸਕ ਵਜੋਂ ਪੇਸ਼ ਕਰਕੇ ਗਾਇਕ ਦੀਆਂ ਹਰਕਤਾਂ ‘ਤੇ ਨਜ਼ਰ ਰੱਖੀ ਹੋਈ ਸੀ । ਕੇਕੜਾ ਨੇ ਗਾਇਕ ਨਾਲ ਸੈਲਫੀ ਵੀ ਖਿੱਚੀ ।ਏਡੀਜੀਪੀ ਨੇ ਦੱਸਿਆ ਕਿ ਕੇਕੜੇ ਨੇ ਹੀ ਸ਼ੂਟਰਾਂ ਨੂੰ ਸਾਰੇ ਇੰਪੁੱਟ ਸਾਂਝੇ ਕੀਤੇ ਹਨ ਕਿ ਸਿੱਧੂ ਮੂਸੇਵਾਲਾ ਬਿਨ੍ਹਾਂ ਸਕਿਓਰਿਟੀ ਦੇ ਆਪਣੇ ਦੋ ਦੋਸਤਾਂ ਨਾਲ ਥਾਰ ‘ਤੇ ਘਰੋਂ ਨਿਕਲ ਚੁੱਕਿਆ ਹੈ।

ਉਨ੍ਹਾਂ ਕਿਹਾ ਕਿ ਮਨਪ੍ਰੀਤ ਮੰਨਾ ਨੇ ਮਨਪ੍ਰੀਤ ਭਾਊ ਨੂੰ ਟੋਇਟਾ ਕੋਰੋਲਾ ਕਾਰ ਮੁਹੱਈਆ ਕਰਵਾਈ ਸੀ, ਜਿਸ ਨੇ ਗੋਲਡੀ ਬਰਾੜ ਅਤੇ ਸਚਿਨ ਥਾਪਨ ਦੇ ਨਜ਼ਦੀਕੀ ਸਾਥੀ ਸਾਰਜ ਮਿੰਟੂ ਦੇ ਨਿਰਦੇਸ਼ਾਂ ‘ਤੇ ਕਾਰ ਨੂੰ ਦੋ ਵਿਅਕਤੀਆਂ ਤੱਕ ਪਹੁੰਚਾਇਆ ਸੀ । ਏਡੀਜੀਪੀ ਨੇ ਦੱਸਿਆ ਕਿ ਪੰਜਵੇਂ ਮੁਲਜ਼ਮ ਪ੍ਰਭਦੀਪ ਸਿੱਧੂ ਉਰਫ਼ ਪੱਬੀ ਨੇ ਜਨਵਰੀ 2022 ਵਿੱਚ ਹਰਿਆਣਾ ਤੋਂ ਆਏ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਪਨਾਹ ਦਿੱਤੀ ਸੀ ਅਤੇ ਉਨ੍ਹਾਂ ਰਾਹੀਂ ਸਿੱਧੂ ਮੂਸੇਵਾਲਾ ਦੇ ਘਰ ਅਤੇ ਆਸਪਾਸ ਦੇ ਇਲਾਕਿਆਂ ਦੀ ਰੇਕੀ ਵੀ ਕਰਵਾਈ ਸੀਆ ਤੇ ਮੋਨੂੰ ਡਾਗਰ ਨੇ ਦੋ ਸ਼ੂਟਰ ਮੁਹੱਈਆ ਕਰਵਾਏ ਸਨ।

ਉਨ੍ਹਾਂ ਦੱਸਿਆ ਕਿ ਪਵਨ ਬਿਸ਼ਨੋਈ ਅਤੇ ਨਸੀਬ ਨੇ ਬਲੇਰੋ ਗੱਡੀ ਸ਼ੂਟਰਾਂ ਨੂੰ ਸੌਂਪੀ ਸੀ ਅਤੇ ਉਨ੍ਹਾਂ ਨੂੰ ਲੁਕਣ ਦਾ ਟਿਕਾਣਾ ਵੀ ਦਿੱਤਾ ਸੀ। ਇਸ ਦੌਰਾਨ ਏਡੀਜੀਪੀ ਪਰਮੋਦ ਬਾਨ ਨੇ ਕਿਹਾ ਕਿ IGP ਪੀਏਪੀ ਜਸਕਰਨ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਰਣਨੀਤਕ ਤੌਰ ‘ਤੇ ਕੰਮ ਕਰ ਰਹੀ ਹੈ ਅਤੇ ਅਪਰਾਧ ਵਿੱਚ ਸ਼ਾਮਿਲ ਤੇ ਪਛਾਣੇ ਗਏ ਸ਼ੂਟਰਾਂ ਅਤੇ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਠੋਸ ਯਤਨ ਕੀਤੇ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”























