ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਗੈਂਗਸਟਰ ਸਾਰਜ ਸੰਧੂ ਅਤੇ ਸਾਗਰ ਦੀ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਕੁੱਟਮਾਰ ਕੀਤੀ ਗਈ ਹੈ। ਇਹ ਘਟਨਾ 30 ਜੁਲਾਈ ਦੀ ਹੈ।
ਥਾਣਾ ਕੈਂਟ ਦੀ ਪੁਲੀਸ ਨੇ ਜੇਲ੍ਹ ਅਧਿਕਾਰੀ ਸੁਰਿੰਦਰਪਾਲ ਸਿੰਘ ਦੇ ਬਿਆਨਾਂ ‘ਤੇ ਗੈਂਗਸਟਰਾਂ ਜੋਗਿੰਦਰ ਸਿੰਘ ਅਤੇ ਪਲਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸੂਤਰਾਂ ਨੇ ਦੱਸਿਆ ਕਿ ਮੂਸੇਵਾਲਾ ਦੇ ਕਤਲ ਤੋਂ ਬਾਅਦ ਜਿਵੇਂ ਹੀ ਸਾਗਰ ਅਤੇ ਸਾਰਜ ਦਾ ਨਾਂ ਸਾਹਮਣੇ ਆਇਆ ਤਾਂ ਇਸ ਜੇਲ ‘ਚ ਬੰਦ ਹੋਰ ਗੈਂਗਸਟਰਾਂ ਨੇ ਦੋਹਾਂ ਤੋਂ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਇਸ ਕਾਰਨ ਦੋਵਾਂ ਗੈਂਗਸਟਰਾਂ ਦੀ ਕੁੱਟਮਾਰ ਕੀਤੀ ਗਈ। ਗੈਂਗਸਟਰ ਸਾਰਜ ਨੇ ਕਰੀਬ ਇੱਕ ਮਹੀਨਾ ਪਹਿਲਾਂ ਜੇਲ੍ਹ ਅੰਦਰ ਦੀ ਆਪਣੀ ਫੋਟੋ ਸੋਸ਼ਲ ਮੀਡੀਆ ‘ਤੇ ਅਪਲੋਡ ਕੀਤੀ ਸੀ। ਪੁਲੀਸ ਨੇ ਇਸ ਮਾਮਲੇ ਵਿੱਚ ਮੁਲਜ਼ਮਾਂ ਤੋਂ ਪੁੱਛਗਿੱਛ ਵੀ ਕੀਤੀ ਸੀ। ਸਾਰਜ ਅਤੇ ਸਾਗਰ ‘ਤੇ ਮੂਸੇਵਾਲਾ ਕਤਲ ਕਾਂਡ ‘ਚ ਸਾਜ਼ਿਸ਼ ਰਚਣ ਦਾ ਦੋਸ਼ ਹੈ।
ਸਿੱਧੂ ਮੂਸੇਵਾਲਾ ਦਾ 29 ਮਈ ਦੀ ਸ਼ਾਮ ਨੂੰ ਸੜਕ ‘ਤੇ ਸ਼ਰੇਆਮ ਕਤਲ ਕਰ ਦਿੱਤਾ ਗਿਆ ਸੀ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨੇ ਲਈ ਸੀ। ਲਾਰੈਂਸ ਬਿਸ਼ਨੋਈ ਇਨ੍ਹੀਂ ਦਿਨੀਂ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹੈ। ਉਸ ਨੇ ਤਿਹਾੜ ਜੇਲ੍ਹ ਤੋਂ ਕਤਲ ਦੀ ਸਾਜ਼ਿਸ਼ ਰਚੀ ਸੀ। ਕੈਨੇਡਾ ਬੈਠੇ ਗੋਲਡੀ ਬਰਾੜ ਦੇ ਇਸ਼ਾਰੇ ‘ਤੇ ਛੇ ਸ਼ਾਰਪ ਸ਼ੂਟਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ।