Sikh Mission to be set up : ਅੰਮ੍ਰਿਤਸਰ : ਤਖਤ ਸ੍ਰੀ ਪਟਨਾ ਸਾਹਿਬ ਬਿਹਾਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਮਿਸ਼ਨ ਸਥਾਪਿਤ ਕੀਤਾ ਜਾਵੇਗਾ, ਜਿਸ ਅਧੀਨ ਪ੍ਰਚਾਰਕ ਜਥਿਆਂ ਵੱਲੋਂ ਇਲਾਕੇ ਵਿੱਚ ਧਰਮ ਪ੍ਰਚਾਰ ਦਾ ਕਾਰਜ ਕੀਤਾ ਜਾਵੇਗਾ। ਇਸ ਮਿਸ਼ਨ ਅਧੀਨ ਸਾਲਾਸਰ ਵਿਖੇ ਗੁਰੂ ਘਰਾਂ ਵਿੱਚ ਬੱਚਿਆਂ ਨੂੰ ਪੰਜਾਬੀ ਸਿਖਾਉਣ ਅਤੇ ਗੁਰਬਾਣੀ ਸੰਥਿਆ ਲਈ ਤਖਤ ਸ੍ਰੀ ਪਟਨਾ ਸਾਹਿਬ ਤੋਂ ਪ੍ਰਚਾਰਕ ਭੇਜੇ ਜਾਣਗੇ। ਇਸ ਦੇ ਨਾਲ ਹੀ ਸਾਸਾਰਾਮ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਵੀ ਕਰਵਾਇਆ ਜਾਵੇਗਾ।
ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ, ਜੋਕਿ ਬਿਹਾਰ ਦੇ ਸਾਸਾਰਾਮ ਵਿੱਚ ਗੁਰਦੁਆਰਾ ਟਕਸਾਲ ਸੰਗਤ ਵਿੱਚ ਇੱਕ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਨ ਪਹੁੰਚੇ ਸਨ। ਦੱਸਣਯੋਗ ਹੈ ਕਿ ਸਾਸਾਰਾਮ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਨਾਲ ਸੰਬੰਧਤ ਚਾਰ ਗੁਰਦੁਆਰਾ ਸਾਹਿਬ ਮੌਜੂਦ ਹਨ। ਜਿਨ੍ਹਾਂ ਵਿੱਚ ਗੁਰਦੁਆਰਾ ਚਾਚਾ ਫੱਗੂ ਮੱਲ, ਗੁਰਦੁਆਰਾ ਸ੍ਰੀ ਗੁਰੂ ਕਾ ਬਾਗ, ਗੁਰਦੁਆਰਾ ਟਕਸਾਲੀ ਸੰਗਤ ਤੇ ਗੁਰਦੁਆਰਾ ਸ੍ਰੀ ਪੁਰਾਣੀ ਸੰਗਤ ਸ਼ਾਮਲ ਹਨ। ਬੀਬੀ ਜਗੀਰ ਕੌਰ ਨੇ ਇਸ ਦੌਰਾਨ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਦੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਇਨ੍ਹਾਂ ਚਾਰੇ ਗੁਰਦੁਆਰਾ ਸਾਹਿਬਾਨਾਂ ਦੀਆਂ ਕਮੇਟੀਆਂ ਦੇ ਸਾਂਝੇ ਸਹਿਯੋਗ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਇਆ ਜਾਵੇਗਾ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਟਕਸਾਲ ਸੰਗਤ ਨੂੰ 5 ਲੱਖ ਰੁਪਏ ਸ਼੍ਰੋਮਣੀ ਕਮੇਟੀ ਵੱਲੋਂ ਦੇਣ ਦਾ ਐਲਾਨ ਕੀਤਾ। ਇਸ ਮੌਕੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਵੀ ਮੌਜੂਦ ਸਨ ਅਤੇ ਹੋਰ ਵੀ ਉੱਚ ਸ਼ਖਸੀਅਤਾਂ ਹਾਜ਼ਰ ਸਨ।