ਸੰਗਰੂਰ ਜ਼ਿਮਨੀ ਚੋਣਾਂ ਨੂੰ ਲੈ ਕੇ ਜਿਥੇ ਸਾਰੀਆਂ ਹੀ ਪਾਰਟੀਆਂ ਗੰਭੀਰ ਹਨ ਅਤੇ ਆਪਣੀਆਂ ਪੂਰੀਆਂ ਤਿਆਰੀਆਂ ਕਰ ਰਹੀਆਂ ਹਨ, ਉਥੇ ਹੀ ਪੰਥਕ ਜਥੇਬੰਦੀਆਂ ਨੇ ਇੱਕ ਮੰਚ ‘ਤੇ ਇਕੱਠੇ ਹੋ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲੀਪ ਕੌਰ ਨੂੰ ਸੰਗਰੂਰ ਜ਼ਿਮਨੀ ਚੋਣ ਮੈਦਾਨ ਵਿੱਚ ਉਤਾਰਨ ਦਾ ਐਲਾਨ ਕੀਤਾ ਹੈ।
ਪੰਥਕ ਸਿੱਖ ਜਥੇਬੰਦੀਆਂ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੂੰ ਸਾਂਝਾ ਉਮੀਦਵਾਰ ਐਲਾਨਿਆ। ਹਾਲਾਂਕਿ ਕਮਲਦੀਪ ਕੌਰ ਦਾ ਕਹਿਣਾ ਹੈ ਕਿ ਉਹ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਤੋਂ ਪੁੱਛ ਕੇ ਹੀ ਇਸ ਬਾਰੇ ਕੋਈ ਫੈਸਲਾ ਲੈਣਗੇ।
ਦੱਸ ਦੇਈਏ ਕਿ ਇਨ੍ਹਾਂ ਵੱਖ-ਵੱਖ ਪੰਥਕ ਸਿੱਖ ਜੱਥੇਬੰਦੀਆਂ ਦਾ ਕਹਿਣਾ ਹੈ ਕਿ ਸਮੂਹ ਸਿੱਖ ਜਥੇਬੰਦੀਆਂ ਜ਼ਿਮਨੀ ਚੋਣ ਵਿੱਚ ਬੰਦੀ ਸਿੱਖਾਂ ਦੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਟਿਕਟ ਦੇਣਾ ਚਾਹੁੰਦੀਆਂ ਹਨ ਤੇ ਰਾਜੋਆਣਾ ਦੀ ਭੈਣ ਨੂੰ ਸਾਂਝਾ ਉਮੀਦਵਾਰ ਐਲਾਨਿਆ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਉਨ੍ਹਾਂ ਦੇ ਫੈਸਲੇ ਦੀ ਹਿਮਾਇਤ ਕੀਤੀ ਜਾਵੇਗੀ।
ਦੱਸ ਦੇਈਏ ਕਿ ਸੰਗਰੂਰ ਸੀਟ ਭਗਵੰਤ ਮਾਨ ਵੱਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਖਾਲੀ ਕੀਤੀ ਗਈ ਸੀ। ਹਾਲਾਂਕਿ ਆਮ ਆਦਮੀ ਪਾਰਟੀ ਨੇ ਇਥੋਂ ਅਜੇ ਤੱਕ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਸਾਰੀਆਂ ਪਾਰਟੀਆਂ ਇਨ੍ਹਾਂ ਚੋਣਾਂ ਲਈ ਪੂਰਾ ਜ਼ੋਰ ਲਾ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਸੰਗਰੂਰ ਜ਼ਿਮਨੀ ਚੋਣਾਂ ਦੀ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 6 ਜੂਨ ਹੈ, ਜਦਕਿ ਵੋਟਾਂ 23 ਜੂਨ ਨੂੰ ਹੋਣਗੀਆਂ। ਇਸ ਦੀ ਗਿਣਤੀ 26 ਜੂਨ ਨੂੰ ਹੋਵੇਗੀ ਤੇ 28 ਜੂਨ ਤੋਂ ਪਹਿਲਾਂ ਇਹ ਚੋਣਾਂ ਮੁਕੰਮਲ ਹੋ ਜਾਣਗੀਆਂ।
ਵੀਡੀਓ ਲਈ ਕਲਿੱਕ ਕਰੋ -: