Six people including four doctors : ਫਰੀਦਕੋਟ ਜ਼ਿਲੇ ਵਿਚ ਅੱਜ ਬੁੱਧਵਾਰ ਕੋਰੋਨਾ ਦੇ 6 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਚਾਰ ਡਾਕਟਰ ਵੀ ਸ਼ਾਮਲ ਹਨ। ਇਨ੍ਹਾਂ ਮਾਮਲਿਆਂ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਏ ਨਤੀਜਿਆਂ ਵਿੱਚ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ 4 ਡਾਕਟਰ, 1 ਫਰੀਦਕੋਟ ਦੀ ਬਾਲਾ ਜੀ ਕਲੌਨੀ ਦੇ ਪਹਿਲਾਂ ਆਏ ਪਾਜ਼ੀਟਿਵ ਵਿਅਕਤੀ ਦਾ 39 ਸਾਲਾ ਭਰਾ ਅਤੇ ਕੋਟਕਪੂਰਾ ਦੀ ਧੰਨਾ ਬਸਤੀ ਦਾ 10 ਸਾਲਾ ਲੜਕੇ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਉਨ੍ਹਾਂ ਕਿਹਾ ਕਿ ਪਾਜ਼ੀਟਿਵ ਆਏ ਕੇਸਾਂ ਦੇ ਸੰਪਰਕ ਵਿੱਚ ਆਏ ਪਰਿਵਾਰਕ ਮੈਂਬਰਾਂ ਅਤੇ ਹੋਰ ਵਿਅਕਤੀਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਨਾਂ ਦੇ ਸੈਂਪਲ ਇਕੱਤਰ ਕਰਕੇ ਉਨਾਂ ਨੂੰ ਇਕਾਂਤਵਾਸ ਕੀਤਾ ਜਾ ਸਕੇ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਦੇ ਨਾਲ ਹੀ ਅੱਜ ਸਿਹਤਯਾਬ ਹੋਣ ਤੇ ਹਸਪਤਾਲ ਤੋਂ 6 ਵਿਅਕਤੀਆਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਹੁਣ ਤੱਕ ਜ਼ਿਲੇ ਦੇ 125 ਵਿਅਕਤੀ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ।ਹਾਲ ਹੀ ਵਿੱਚ ਪਾਜ਼ੀਟਿਵ ਆਏ ਮਰੀਜ਼ਾਂ ਨੂੰ ਆਈਸੋਲੇਸ਼ੇਨ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ।ਹੁਣ ਜ਼ਿਲ੍ਹੇ ਵਿੱਚ ਕੋਰੋਨਾ ਦੇ ਐਕਟਿਵ ਕੇਸ 49 ਹਨ। ਉਨ੍ਹਾਂ ਦੱਸਿਆ ਕਿ ਕਿ ਹੁਣ ਤੱਕ 12004 ਸੈਂਪਲ ਜਾਂਚ ਲਈ ਭੇਜੇ ਜਾ ਚੱਕੇ ਹਨ, ਜਿੰਨਾਂ ਵਿੱਚੋਂ 11507 ਰਿਪੋਰਟਾਂ ਨੈਗੇਟਿਵ ਆਈਆਂ ਹਨ। ਸਿਵਲ ਸਰਜਨ ਡਾ.ਰਜਿੰਦਰ ਨੇ ਜ਼ਿਲ੍ਹੇ ਵਧਦੇ ਪਾਜ਼ੀਟਿਵ ਮਾਮਲਿਆਂ ਦੇ ਮੱਦੇਨਜ਼ਰ ਕਿਹਾ ਕਿ ਸਾਨੂੰ ਇਸ ਭਿਆਨਕ ਬਿਮਾਰੀ ਨਾਲ ਗੰਭੀਰਤਾ ਨਾਲ ਨਜਿੱਠਣ ਦੀ ਲੋੜ ਹੈ, ਜਿਸ ਦੇ ਲਈ ਸਮਾਜਿਕ ਦੂਰੀ ਬਣਾ ਕੇ ਰੱਖਣਾ, ਮੂੰਹ ਤੇ ਨੱਕ ਮਾਸਕ ਜਾਂ ਕੱਪੜੇ ਨਾਲ ਢੱਕ ਕੇ ਰੱਖਣਾ ਅਤੇ ਵਾਰ-ਵਾਰ ਹੱਥ ਧੋਣਾ ਨਾ ਭੁਲੋ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਸੁਚੇਤ ਰਹਿਣ, ਲਾਪਰਵਾਹੀ ਨਾ ਵਰਤਣ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਤੇ ਅਡਵਾਇਜ਼ਰੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।
ਜ਼ਿਲ੍ਹਾ ਐਪੀਡਿਮੋਲੋਜਿਸਟ ਡਾ.ਵਿਕਰਮਜੀਤ ਸਿੰਘ, ਡਾ.ਅਨੀਤਾ ਚੌਹਾਨ ਅਤੇ ਮੀਡੀਆ ਇੰਚਾਰਜ ਕੋਵਿਡ-19 ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਦੱਸਿਆ ਕਿ ਮਿਸ਼ਨ ਫਤਿਹ ਤਹਿਤ ਤਿਆਰ ਕੀਤੀ ਜਾਗਰੂਕਤਾ ਸਮੱਗਰੀ ਅਤੇ ਬੋਰਡ ਜਨਤਕ ਸਥਾਨਾਂ ਤੇ ਪ੍ਰਦਰਸ਼ਿਤ ਕੀਤੇ ਜਾ ਰਹੇ ਹਨ। ਵਿਭਾਗ ਅਧੀਨ ਕੰਮ ਕਰ ਰਹੀਆਂ ਆਸ਼ਾ ਘਰ-ਘਰ ਸਰਵੇ ਦੌਰਾਨ ਕੋਰੋਨਾ ਤੋਂ ਬਚਾਅ ਸਬੰਧੀ ਜਾਣਕਾਰੀ ਦੇ ਰਹੀਆਂ ਹਨ। ਵਿਭਾਗ ਵੱਲੋਂ ਸੈਂਪਲਿੰਗ ਤੇਜ਼ ਕਰਨ ਅਤੇ ਲੋਕਾਂ ਨੂੰ ਸੈਂਪਲਿੰਗ ਪ੍ਰਕਿਰਿਆ ਪ੍ਰਤੀ ਜਾਗਰੂਕ ਕਰਨ ਲਈ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ। ਸ਼ੱਕੀ ਮਰੀਜ਼ਾਂ ਦੀ ਭਾਲ ਲਈ ਵਿਭਾਗ ਵੱਲੋਂ ਕੋਵਾ ਐਪ ਵੀ ਡਾਉਨਲੋਡ ਕਰਵਾਇਆ ਜਾ ਰਿਹਾ ਹੈ। ਵਿਭਾਗ ਵੱਲੋਂ ਅੱਜ 200 ਸ਼ੱਕੀ ਮਰੀਜ਼ਾਂ ਦੇ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਹਨ। ਉਨਾਂ ਕਿਹਾ ਜ਼ਿਲ੍ਹੇ ਅੰਦਰ 5 ਫਲੂ ਕਾਰਨਰ ਜੈਤੋ, ਬਾਜਾਖਾਨਾ, ਕੋਟਕਪੂਰਾ, ਸਾਦਿਕ ਅਤੇ ਫਰੀਦਕੋਟ ਵਿਖੇ ਸਥਾਪਿਤ ਕੀਤੇ ਗਏ ਹਨ, ਕੋਈ ਵੀ ਸ਼ੱਕ ਦੂਰ ਕਰਨ ਲਈ ਨੇੜੇ ਦੇ ਫਲੂ ਕਾਰਨਰ ਤੇ ਜਾ ਕੇ ਕੋਰੋਨਾ ਸੈਂਪਲ ਦੇ ਸਕਦਾ ਹੈ।