ਸੋਸ਼ਲ ਮੀਡੀਆ ‘ਤੇ ਬੀਤੇ ਦਿਨੀਂ ਵਾਇਰਲ ਹੋ ਰਹੀ ਇੱਕ ਬਜ਼ੁਰਗ ਸਿੱਖ ਦੀ ਕੁੱਟਮਾਰ ਦੀ ਵੀਡੀਓ ਤੋਂ ਬਾਅਦ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖਤ ਨੋਟਿਸ ਲਿਆ ਹੈ। ਉਨ੍ਹਾਂ ਇਨ੍ਹਾਂ ਘਟਨਾਵਾਂ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਿਰਦੇਸ਼ ਦਿੱਤੇ ਹਨ ਹਨ ਕਿ ਇਨ੍ਹਾਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਤੇ ਦੋਸ਼ੀਆਂ ’ਤੇ ਬਣਦੀ ਕਾਨੂੰਨੀ ਕਾਰਵਾਈ ਕਰਵਾਈ ਜਾਵੇ।
ਦੱਸਣਯੋਗ ਹੈ ਕਿ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ 60-65 ਸਾਲਾਂ ਦੇ ਸਿੱਖ ਬਜ਼ੁਰਗ ਦੀ ਯੂਪੀ ਦੇ ਲਖਮੀਰਪੁਰ ਖੀਰੀ ਇਲਾਕੇ ਵਿੱਚ ਬੁਰੀ ਤਰ੍ਹਾਂ ਪਿੰਡ ਵਾਲਿਆਂ ਵੱਲੋਂ ਕੁੱਟਮਾਰ ਕੀਤੀ ਜਾ ਰਹੀ ਹੈ। ਇਸ ਦੌਰਾਨ ਬਜ਼ੁਰਗ ਸਿੱਖ ਦੇ ਕੇਸਾਂ ਦੀ ਵੀ ਬੇਅਦਬੀ ਕੀਤੀ ਗਈ ਅਤੇ ਪਿੰਡ ਵਾਲਿਆਂ ਨੇ ਲੱਠ ਤੇ ਪਥਰਾਅ ਕਰਕੇ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ।
ਇਹ ਵੀ ਪੜ੍ਹੋ : ਰਾਮ ਰਹੀਮ ਬਾਰੇ ਅਰਦਾਸ ਕਰਨ ਵਾਲੇ ਗ੍ਰੰਥੀ ਗੁਰਮੇਲ ਸਿੰਘ ਦੀ ਜ਼ਮਾਨਤ ਅਰਜ਼ੀ ਖਾਰਿਜ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ਨੇ ਇਸ ਸੰਬੰਧੀ ਪ੍ਰੈੱਸ ਨੋਟ ਜਾਰੀ ਕਰਦਿਆਂ ਇਸ ਘਟਨਾ ਨੂੰ ਬਹੁਤ ਹੀ ਮੰਦਭਾਗੀ ਦੱਸਿਆ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਰਾਜਸਥਾਨ ਦੇ ਜ਼ਿਲ੍ਹਾ ਭਰਤਪੁਰ ਦੇ ਕਸਬਾ ਸੀਕਰੀ ਵਿਖੇ ਇਕ ਸਿੱਖ ਨੌਜਵਾਨ ਨਾਲ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੁੱਟਮਾਰ ਕੀਤੀ ਗਈ ਸੀ।ਦੇਸ਼ ਵਿੱਚ ਸਿੱਖਾਂ ਨਾਲ ਇਸ ਤਰ੍ਹਾਂ ਦੀਆਂ ਵਾਪਰ ਰਹੀਆਂ ਘਟਨਾਵਾਂ, ਬਹੁਤ ਹੀ ਚਿੰਤਾ ਦਾ ਵਿਸ਼ਾ ਬਣਦੀਆਂ ਜਾ ਰਹੀਆਂ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਅਜਿਹੀਆਂ ਘਟਨਾਵਾਂ ਦੀ ਜਾਂਚ ਕਰਕੇ ਕਾਨੂੰਨ ਕਾਰਵਾਈ ਕਰਨ ਲਈ ਕਿਹਾ।