Sri Japji Sahib (Part 22th) : ਸ੍ਰੀ ਜਪੁਜੀ ਸਾਹਿਬ ਦੀ ਇਸ ਪਉੜੀ ‘ਆਖਣਿ ਜੋਰ ਜਪੈ ਨਹ ਜੋਰ..’ ਦਾ ਭਾਵ ਹੈ ਕਿ ਭਲੇ ਪਾਸੇ ਤੁਰਨਾ ਜਾਂ ਕੁਰਾਹੇ ਪੈ ਜਾਣਾ ਜੀਵਾਂ ਦੇ ਆਪਣੇ ਵੱਸ ਦੀ ਗੱਲ ਨਹੀਂ, ਜਿਸ ਪ੍ਰਭੂ ਨੇ ਪੈਦਾ ਕੀਤੇ ਹਨ ਉਹੀ ਇਨ੍ਹਾਂ ਪੁਤਲੀਆਂ ਨੂੰ ਖਿਡਾ ਰਿਹਾ ਹੈ। ਸੋ ਜੇ ਕੋਈ ਜੀਵ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਰਿਹਾ ਹੈ ਤਾਂ ਇਹ ਪ੍ਰਭੂ ਦੀ ਆਪਣੀ ਮਿਹਰ ਹੈ, ਜੇ ਕੋਈ ਇਸ ਪਾਸੇ ਵਲੋਂ ਖੁੰਝਾ ਪਿਆ ਹੈ ਤਾਂ ਵੀ ਇਹ ਮਾਲਕ ਦੀ ਰਜ਼ਾ ਹੈ। ਜੇ ਅਸੀਂ ਉਸ ਦੇ ਦਰ ਤੋਂ ਦਾਤਾਂ ਮੰਗਦੇ ਹਾਂ ਤਾਂ ਇਹ ਪ੍ਰੇਰਨਾ ਵੀ ਉਹ ਆਪ ਹੀ ਕਰਨ ਵਾਲਾ ਹੈ ਤੇ ਫਿਰ ਦਾਤਾਂ ਦਿੰਦਾ ਵੀ ਆਪ ਹੀ ਹੈ। ਜੇ ਕੋਈ ਜੀਵ ਰਾਜ ਤੇ ਧਨ ਦੇ ਮਦ ਵਿਚ ਮੱਤਾ ਪਿਆ ਹੈ, ਇਹ ਵੀ ਰਜ਼ਾ ਪ੍ਰਭੂ ਦੀ ਹੀ ਹੈ, ਜੇ ਕਿਸੇ ਦੀ ਸੁਰਤ ਪ੍ਰਭੂ-ਚਰਨਾਂ ਵਿਚ ਹੈ ਤੇ ਜੀਵਨ-ਜੁਗਤਿ ਸੁਥਰੀ ਹੈ ਤਾਂ ਇਹ ਮਿਹਰ ਭੀ ਪ੍ਰਭੂ ਦੀ ਹੀ ਹੈ
ਆਖਣਿ ਜੋਰੁ ਚੁਪੈ ਨਹ ਜੋਰੁ ॥ ਜੋਰੁ ਨ ਮੰਗਣਿ ਦੇਣਿ ਨ ਜੋਰੁ ॥ ਜੋਰੁ ਨ ਜੀਵਣਿ ਮਰਣਿ ਨਹ ਜੋਰੁ ॥ ਜੋਰੁ ਨ ਰਾਜਿ ਮਾਲਿ ਮਨਿ ਸੋਰੁ ॥
ਬੋਲਣ ਵਿਚ ਤੇ ਚੁੱਪ ਰਹਿਣ ਵਿਚ ਵੀ ਸਾਡਾ ਕੋਈ ਆਪਣਾ ਇਖ਼ਤਿਆਰ ਨਹੀਂ ਹੈ। ਨਾ ਹੀ ਮੰਗਣ ਵਿਚ ਸਾਡੀ ਮਨ-ਮਰਜ਼ੀ ਚੱਲਦੀ ਹੈ ਅਤੇ ਨਾ ਹੀ ਦੇਣ ਵਿਚ। ਜੀਵਨ ਵਿਚ ਤੇ ਮਰਨ ਵਿਚ ਵੀ ਸਾਡੀ ਕੋਈ ਸਮਰਥਾ ਕੰਮ ਨਹੀਂ ਦਿੰਦੀ। ਇਸ ਰਾਜ ਤੇ ਮਾਲ ਦੇ ਪ੍ਰਾਪਤ ਕਰਨ ਵਿਚ ਵੀ ਸਾਡਾ ਕੋਈ ਜ਼ੋਰ ਨਹੀਂ ਚੱਲਦਾ (ਜਿਸ ਰਾਜ ਤੇ ਮਾਲ ਦੇ ਕਾਰਨ ਸਾਡੇ) ਮਨ ਵਿਚ ਫੂੰ-ਫਾਂ ਹੁੰਦੀ ਹੈ।
ਜੋਰੁ ਨ ਸੁਰਤੀ ਗਿਆਨਿ ਵੀਚਾਰਿ ॥ ਜੋਰੁ ਨ ਜੁਗਤੀ ਛੁਟੈ ਸੰਸਾਰੁ ॥ ਜਿਸੁ ਹਥਿ ਜੋਰੁ ਕਰਿ ਵੇਖੈ ਸੋਇ ॥ ਨਾਨਕ ਉਤਮੁ ਨੀਚੁ ਨ ਕੋਇ ॥33॥
ਆਤਮਿਕ ਗਿਆਨ ਵਿਚ ਅਤੇ ਵਿਚਾਰ ਵਿਚ ਰਹਿਣ ‘ਤੇ ਵੀ ਸਾਡਾ ਵੱਸ ਨਹੀਂ ਚੱਲਦਾ। ਉਸ ਜੁਗਤੀ ਵਿਚ ਰਹਿਣ ਲਈ ਵੀ ਸਾਡਾ ਅਖ਼ਤਿਆਰ ਨਹੀਂ ਹੈ, ਜਿਸ ਕਰ ਕੇ ਜਨਮ ਮਰਨ ਮੁੱਕ ਜਾਂਦਾ ਹੈ। ਉਹੀ ਅਕਾਲ ਪੁਰਖ ਰਚਨਾ ਰਚ ਕੇ ਉਸ ਦੀ ਹਰ ਪ੍ਰਕਾਰ ਤੋਂ ਸੰਭਾਲ ਕਰਦਾ ਹੈ, ਜਿਸ ਦੇ ਹੱਥ ਵਿਚ ਸਮਰੱਥਾ ਹੈ। ਹੇ ਨਾਨਕ! ਆਪਣੇ ਆਪ ਵਿਚ ਨਾਹ ਕੋਈ ਮਨੁੱਖ ਉੱਤਮ ਹੈ ਅਤੇ ਨਾਹ ਹੀ ਨੀਚ (ਭਾਵ, ਜੀਵਾਂ ਨੂੰ ਸਦਾਚਾਰੀ ਜਾਂ ਦੁਰਾਚਾਰੀ ਬਣਾਉਣ ਵਾਲਾ ਉਹ ਪ੍ਰਭੂ ਆਪ ਹੀ ਹੈ।