ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਰਾਜ ਵਿੱਚ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਦੌਰਾਨ ਪੁਲਿਸ ਸਬ-ਇੰਸਪੈਕਟਰ ਬਲਜੀਤ ਸਿੰਘ ਨੂੰ ਸੱਤ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਰੰਗੀਂ ਹੱਥੀਂ ਕਾਬੂ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਤਰਨਤਾਰਨ ਵਿਖੇ ਬਤੌਰ ਟ੍ਰੈਫਿਕ ਇੰਚਾਰਜ ਤਾਇਨਾਤ ਇੰਸਪੈਕਟਰ ਬਲਜੀਤ ਸਿੰਘ (ਨੰਬਰ 111/ਬੀ.ਆਰ. ਤਰਨਤਾਰਨ) ਨੂੰ ਸ਼ਰਨਜੀਤ ਸਿੰਘ ਜਿੰਮੀ ਵਾਸੀ ਮਾਡਲ ਟਾਊਨ ਖਰੜ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਇਹ ਦੋਸ਼ੀ ਪੁਲਿਸ ਮੁਲਾਜ਼ਮ ਪਹਿਲਾਂ ਐਨਡੀਪੀਐਸ ਕੇਸ ਵਿੱਚ ਸਸਪੈਂਡ ਹੋ ਚੁੱਕਾ ਹੈ।
ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਸ ਦੇ ਪਿਤਾ ਅਤੇ ਮਾਤਾ ਨੂੰ ਅਦਾਲਤ ਵਿੱਚ ਪੇਸ਼ ਹੋਣ ਤੋਂ ਛੋਟ ਦੇਣ ਬਦਲੇ 10 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਪੁਲਿਸ ਮੁਲਾਜ਼ਮ ਨੇ ਰਿਸ਼ਵਤ ਦੀ ਇਹ ਰਕਮ 7 ਲੱਖ ਅਤੇ 3 ਲੱਖ ਰੁਪਏ ਦੀਆਂ ਦੋ ਕਿਸ਼ਤਾਂ ਵਿੱਚ ਦੇਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਪੁਲਿਸ ਹਿਰਾਸਤ ‘ਚ 47 ਸਾਲਾਂ ਨੌਜਵਾਨ ਦੀ ਮੌਤ, ਪਰਿਵਾਰ ਵੱਲੋਂ ਹੰਗਾਮਾ
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪਹਿਲੀ ਕਿਸ਼ਤ ਵਜੋਂ 7 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਇੰਸਪੈਕਟਰ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: