Suicide by married girl : ਅੰਮ੍ਰਿਤਸਰ ਦੇ ਟੁੰਡੇ ਤਾਲਾਬ ਤੋਂ ਇੱਕ ਕੁੜੀ ਨੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਦਿਮਾਗੀ ਤੌਰ ‘ਤੇ ਪ੍ਰੇਸ਼ਾਨ ਸੀ। ਉਸ ਨੂੰ ਉਸ ਦੇ ਸਹੁਰੇ ਪਰਿਵਾਰ ਵੱਲੋਂ ਦਾਜ ਲਈ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਕਰਕੇ ਉਹ ਪਿਛਲੇ ਕੁਝ ਮਹੀਨਿਆਂ ਤੋਂ ਆਪਣੇ ਪੇਕੇ ਹੀ ਰਹਿ ਰਹੀ ਸੀ। ਮ੍ਰਿਤਕਾ ਦੀ ਪਛਾਣ 28 ਸਾਲਾ ਕੋਮਲ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਲੜਕੀ ਦੇ ਪਿਤਾ ਰਜਿੰਦਰ ਕੁਮਾਰ ਨੇ ਦੱਸਿਆ ਕਿ ਉਸਨੇ ਆਪਣੀ ਲੜਕੀ ਕੋਮਲ ਦਾ ਵਿਆਹ ਪੰਜ ਸਾਲ ਪਹਿਲਾਂ ਕੀਤਾ ਸੀ ਅਤੇ ਸਾਢੇ ਚਾਰ ਸਾਲਾਂ ਤੋਂ ਉਸ ਨੂੰ ਸਹੁਰਿਆਂ ਵੱਲੋਂ ਦਾਜ ਲਈ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਚਾਰ ਮਹੀਨਿਆਂ ਤੋਂ ਮਾਰਿਆ- ਕੁੱਟਿਆ ਵੀ ਜਾ ਰਿਹਾ ਸੀ, ਉਹ ਆਪਣੇ ਪੇਕੇ ਘਰ ਆ ਗਈ ਸੀ। ਪਰ ਇੱਥੇ ਵੀ ਉਸ ਦੇ ਸਹੁਰੇ ਪਰਿਵਾਰ ਵਾਲੇ ਉਸ ਨੂੰ ਲਗਾਤਾਰ ਫੋਨ ‘ਤੇ ਦਾਜ ਦੀ ਮੰਗ ਕਰ ਰਹੀ ਸੀ ਅਤੇ ਅੱਜ ਆਖਿਰਕਾਰ ਉਸਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਇਸ ਬਾਰੇ ਥਾਣੇਦਾਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਅਧਾਰ ‘ਤੇ ਕਾਰਵਾਈ ਕੀਤੀ ਜਾਏਗੀ। ਮ੍ਰਿਤਕਾ ਦਾ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।






















