ਚੰਡੀਗੜ੍ਹ, 21 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਸੁਪਰੀਮ ਕੋਰਟ ਕਾਲਜੀਅਮ ਵੱਲੋਂ ਦੋ ਸਿੱਖ ਵਕੀਲਾਂ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਜੱਜ ਵਜੋਂ ਨਿਯੁਕਤੀ ਕਰਨ ਦੀ ਸਿਫਾਰਸ਼ ਦੇ ਮਾਮਲੇ ‘ਚ ਦਖਲ ਦੇ ਕੇ ਉਨ੍ਹਾਂ ਦੀ ਨਿਯੁਕਤੀ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਦੋ ਵਕੀਲਾਂ ਹਰਮੀਤ ਸਿੰਘ ਗਰੇਵਾਲ ਤੇ ਦੀਪਿੰਦਰ ਸਿੰਘ ਨਲਵਾ ਦੀ ਨਿਯੁਕਤੀ ਕੇਂਦਰ ਸਰਕਾਰ ਨੇ ਰੋਕ ਲਈ ਜਦੋਂ ਕਿ ਉਨ੍ਹਾਂ ਦੇ ਨਾਲ ਹੀ ਤਿੰਨ ਨਾਵਾਂ ਦੀ ਕੀਤੀ ਗਈ ਸਿਫਾਰਸ਼ ਨੂੰ ਪ੍ਰਵਾਨ ਕਰਦਿਆਂ ਉਨ੍ਹਾਂ ਦੇ ਨਾਵਾਂ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ।
ਸ. ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਸਿੱਖ ਕੌਮ ਤੇ ਹੋਰ ਘੱਟ ਗਿਣਤੀਆਂ ਨਾਲ ਕੋਈ ਵਿਤਕਰਾ ਨਾ ਹੋਵੇ ਤੇ ਉਨ੍ਹਾਂ ਦੀ ਹਾਈ ਕੋਰਟਾਂ ਵਿਚ ਜੱਜ ਵਜੋਂ ਨਿਯੁਕਤੀ ਹੋਵੇ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਟਿੱਪਣੀ ਕੀਤੀ ਹੈ ਕਿ ਇਸ ਮਾਮਲੇ ਵਿਚ ਕੇਂਦਰ ਸਰਕਾਰ ਆਪਣੀ ਮਰਜ਼ੀ ਮੁਤਾਬਕ ਚੁਣ ਚੁਣ ਕੇ ਫੈਸਲੇ ਲੈ ਰਹੀ ਹੈ ਜੋ ਕਿ ਬੇਹੱਦ ਪ੍ਰੇਸ਼ਾਨ ਕਰਨ ਵਾਲਾ ਹੈ ਤੇ ਇਸ ਨਾਲ ਸਿੱਖ ਕੌਮ ਪ੍ਰਤੀ ਸਰਕਾਰ ਦੀ ਮਨਸ਼ਾ ਬਾਰੇ ਗਲਤ ਸੰਦੇਸ਼ ਜਾਂਦਾ ਹੈ।
ਇਹ ਵੀ ਪੜ੍ਹੋ : PSPCL ਵੱਲੋਂ ਉਦਯੋਗਪਤੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਉਦਯੋਗਿਕ ਸੁਵਿਧਾ ਸੈੱਲ ਦੀ ਸ਼ੁਰੂਆਤ: ਹਰਭਜਨ ਸਿੰਘ ਈ.ਟੀ.ਓ.
ਸ. ਬਾਦਲ ਨੇ ਕਿਹਾ ਕਿ ਅਜਿਹਾ ਵਿਤਕਰਾ ਪਹਿਲਾਂ ਵੀ ਹੋਇਆ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਕਾਲਜੀਅਮ ਦੀ ਸਿਫਾਰਸ਼ ਨੂੰ ਮੰਨਿਆ ਜਾਣਾ ਚਾਹੀਦਾ ਹੈ ਤੇ ਸਰਕਾਰ ਨੂੰ ਬੇਤੁਕੇ ਆਧਾਰਾਂ ’ਤੇ ਨਾਂ ਨਹੀਂ ਰੋਕਣੇ ਚਾਹੀਦੇ। ਉਨ੍ਹਾਂ ਕਿਹਾ ਕਿ ਸ. ਗਰੇਵਾਲ ਤੇ ਸ. ਨਲਵਾ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤੀ ਹੋਣੀ ਚਾਹੀਦੀ ਹੈ ਅਤੇ ਇਸਨੂੰ ਛੇਤੀ ਤੋਂ ਛੇਤੀ ਨੋਟੀਫਾਈ ਕੀਤਾ ਜਾਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ : –