Sukhbir Badal Appeals: ਚੰਡੀਗੜ, 15 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਅਪੀਲ ਕੀਤੀ ਕਿ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਕਸ਼ਮੀਰ ਵਿਚ ਪੰਜਾਬੀ ਦਾ ਸਰਕਾਰੀ ਭਾਸ਼ਾ ਦਾ ਦਰਜਾ ਬਹਾਲ ਕੀਤਾ ਜਾਵੇ। ਲੋਕ ਸਭਾ ਵਿਚ ਇਸ ਮੁੱਦੇ ‘ਤੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜੰਮੂ ਕਸ਼ਮੀਰ ਸਰਕਾਰੀ ਭਾਸ਼ਾ ਬਿੱਲ 2020 ਤਹਿਤ ਕੇਂਦਰ ਸ਼ਾਸਤ ਪ੍ਰਦੇਸ਼ ਲਈ ਸਰਕਾਰੀ ਭਾਸ਼ਾਵਾਂ ਤੈਅ ਕਰਦਿਆਂ ਪੰਜਾਬੀ ਨੂੰ ਛੱਡ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ। ਉਹਨਾਂ ਕਿਹਾ ਕਿ ਖਾਲਸਾ ਰਾਜ ਵੇਲੇ ਤੋਂ ਜੰਮੂ ਕਸ਼ਮੀਰ ਵਿਚ ਪੰਜਾਬੀਆਂ ਦੀ ਵੱਡੀ ਆਬਾਦੀ ਹੈ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬੀ ਭਾਸ਼ਾ ਨਾਲ ਇਸ ਤਰੀਕੇ ਵਿਤਕਰਾ ਕੀਤਾ ਜਾ ਰਿਹਾ ਹੈ ਜਦਕਿ ਅੰਗਰੇਜ਼ੀ ਨੂੰ ਸਰਕਾਰੀ ਭਾਸ਼ਾ ਦਾ ਦਰਜਾ ਦਿੱਤਾ ਗਿਆ ਹੈ।
ਉਹਨਾਂ ਕਿਹਾ ਕਿ ਪਿਛਲੇ ਸੈਂਕੜੇ ਸਾਲਾਂ ਤੋਂ ਜੰਮੂ ਕਸ਼ਮੀਰ ਤੇ ਅਣਵੰਡੇ ਪੰਜਾਬ ਵਿਚ ਪੰਜਾਬੀ ਬੋਲੀ ਜਾਂਦੀ ਰਹੀ ਹੈ। ਉਹਨਾਂ ਕਿਹਾ ਕਿ ਜੰਮੂ ਕਸ਼ਮੀਰ ਸੂਬੇ ਦੇ ਸੰਵਿਧਾਨ ਵਿਚ ਵੀ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਮਾਨਤਾ ਦਿੱਤੀ ਗਈ ਸੀ। ਉਹਨਾਂ ਕਿਹਾ ਕਿ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਡਾ. ਫਾਰੂਕ ਅਬਦੁੱਲਾ ਖੁਦ ਪੰਜਾਬੀ ਬੋਲਦੇ ਹਨ ਤੇ ਉਹ ਇਸ ਬਿਆਨ ਦੀ ਪੁਸ਼ਟੀ ਵੀ ਕਰਨਗੇ। ਡਾ. ਅਬਦੁੱਲਾ ਨੇ ਤੁਰੰਤ ਹੁੰਗਾਰਾ ਭਰਿਆ ਤੇ ਦੱਸਿਆ ਕਿ ਸੂਬੇ ਵਿਚ ਪੰਜਾਬੀ ਬਹੁਤ ਵੱਡੀ ਗਿਣਤੀ ਵਿਚ ਲੋਕਾਂ ਵੱਲੋਂ ਬੋਲੀ ਜਾਂਦੀ ਹੈ।