Sukhbir Badal arrives Gazipur border : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਗਾਜ਼ੀਪੁਰ ਬਾਰਡਰ ‘ਤੇ ਕਿਸਾਨ ਅੰਦੋਲਨ ਵਿੱਚ ਪਹੁੰਚੇ, ਜਿਥੇ ਉਨ੍ਹਾਂ ਨੇ ਕਿਸਾਨ ਆਗੂ ਰਾਕੇਸ਼ ਟਿਕੈਤ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਸਮਰਥਨ ਦਿੱਤਾ। ਉਨ੍ਹਾਂ ਕਿਸਾਨ ਆਗੂ ਲਈ ਅੰਮ੍ਰਿਤਸਰ ਤੋਂ ਲਿਆਂਦਾ ਜਲ ਉਨ੍ਹਾਂ ਨੂੰ ਦਿੱਤਾ। ਅਕਾਲੀ ਦਲ ਪ੍ਰਧਾਨ ਨੇ ਰਾਕੇਸ਼ ਟਿਕੈਤ ਨੂੰ ਸਨਮਾਨਤ ਕੀਤਾ ਅਤੇ ਉਨ੍ਹਾਂ ਲੋਕਾਂ ਨੂੰ ਵੀ ਮਿਲੇ ਜਿਨ੍ਹਾਂ ਦੇ ਬੱਚੇ 26 ਜਨਵਰੀ ਦੀ ਟਰੈਕਟਰ ਪਰੇਡ ਤੋਂ ਬਾਅਦ ਲਾਪਤਾ ਹਨ। ਸੁਖਬੀਰ ਬਾਦਲ ਨੇ ਦਿੱਲੀ ਅਕਾਲੀ ਦਲ ਪ੍ਰਧਾਨ ਅਤੇ ਹਰਮੀਤ ਸਿੰਘ ਕਾਲਕਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ਇੱਕ ਹੈਲਪਲਾਈਨ ਨੰਬਰ ਜਾਰੀ ਕਰਨ ਲਈ ਕਿਹਾ, ਜਿਸ ਨਾਲ ਅੰਦੋਲਨ ਵਿੱਚ ਸ਼ਾਮਲ ਲੋਕ ਉਨ੍ਹਾਂ ਨਾਲ ਸੰਪਰਕ ਕਰ ਸਕਣ।
ਸੁਖਬੀਰ ਬਾਦਲ ਨੇ ਕਿਸਾਨ ਆਗੂ ਜਗਤਾਰ ਬਾਜਵਾ ਨੂੰ ਵੀ ਸਨਮਾਨਤ ਕੀਤਾ ਅਤੇ ਕਿਹਾ ਕਿ ਉਹ ਹਮੇਸ਼ਾ ਕਿਸਾਨਾਂ ਦੇ ਨਾਲ ਹਨ, ਇਸੇ ਲਈ ਉਨ੍ਹਾਂ ਨੇ ਭਾਜਪਾ ਸਰਕਾਰ ਤੋਂ ਸਮਰਥਨ ਵਾਪਿਸ ਲਿਆ ਹੈ। ਬਾਦਲ ਨੇ ਵਿਰੋਧ ਪ੍ਰਦਰਸ਼ਨ ਵਾਲੀ ਜਗ੍ਹਾ ਲਗਭਗ 10 ਮਿੰਟ ਤੱਕ ਰੁਕੇ ਅਤੇ ਉਨ੍ਹਾਂ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਦੱਸਣਯੋਗ ਹੈ ਕਿ ਬੀਜੇਪੀ ਦੇ ਲੰਬੇ ਸਮੇਂ ਤੋਂ ਸਹਿਯੋਗੀ ਅਕਾਲੀ ਦਲ ਪਿਛਲੇ ਸਾਲ ਸਤੰਬਰ ਵਿੱਚ ਨੈਸ਼ਨਲ ਡੈਮੋਕਰੇਟਿਕ ਗੱਠਜੋੜ (ਐਨਡੀਏ) ਤੋਂ ਖੇਤੀ ਬਿੱਲਾਂ ਨੂੰ ਲੈ ਕੇ ਵੱਖ ਹੋ ਗਈ ਸੀ ਅਤੇ ਉਨ੍ਹਾਂ ਨੂੰ ‘ਕਾਲੇ ਕਾਨੂੰਨਾਂ’ ਕਰਾਰ ਦਿੱਤਾ ਸੀ ਅਤੇ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਸੀ।
ਦੱਸ ਦੇਈਏ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਅੰਦੋਲਨ 67ਵੇਂ ਦਿਨ ਵਿੱਚ ਪ੍ਰਵੇਸ਼ ਕਰ ਗਿਆ ਹੈ। ਸਿੰਘੂ ਬਾਰਡਰ ‘ਤੇ ਹੋਈ ਹਿੰਸਾ ਤੋਂ ਬਾਅਦ ਹੁਣ ਇਹ ਅੰਦੋਲਨ ਹੋਰ ਜ਼ੋਰ ਫੜਦਾ ਨਜ਼ਰ ਆ ਰਿਹਾ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨਾਂ ਨੂੰ ਗੱਲਬਾਤ ਦਾ ਪ੍ਰਸਤਾਵ ਦਿੱਤਾ ਹੈ, ਜਿਸ ਨੂੰ ਕਿਸਾਨਾਂ ਨੇ ਸਵੀਕਾਰ ਕੀਤਾ ਹੈ ਪਰ ਉਨ੍ਹਾਂ ਦੀ ਮੰਗ ਅਜੇ ਵੀ ਕਾਨੂੰਨ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੀ ਹੀ ਹੈ।