Sukhbir Badal Demands Investigation : ਚੰਡੀਗੜ੍ਹ : ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਵਿੱਚ ਇੱਕ ਦਲਿਤ ਲੜਕੀ ਨਾਲ ਹੋਈ ਦਰਿੰਦਗੀ ਦੇ ਮਾਮਲੇ ਪੂਰੇ ਦੇਸ਼ ਵਿੱਚ ਮੁਜ਼ਾਹਰੇ ਹੋ ਰਹੇ ਹਨ, ਦੋਸ਼ੀਆਂ ਖਿਲਾਫ ਲਗਾਤਾਰ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਇਸ ਮਾਮਲੇ ਨੂੰ ਸਹੀ ਤਰੀਕੇ ਨਾਲ ਨਹੀਂ ਨਜਿੱਠ ਰਹੀ।
ਸ. ਬਾਦਲ ਨੇ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਨੇ ਜਬਰ ਜਨਾਹ ਦੀ ਪੀੜਤ ਦਾ ਪਰਿਵਾਰ ਦੀ ਸਹਿਮਤੀ ਤੋਂ ਬਗੈਰ ਸਸਕਾਰ ਕਰ ਕੇ ਪੀੜਤ ਪਰਿਵਾਰ ਨਾਲ ਵਿਤਕਰਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਇਸ ਕਾਰਵਾਈ ਦੀ ਨਿਖੇਧੀ ਕਰਦਾ ਹੈ ਤੇ ਅਸੀਂ ਇਸ ਘਿਨੌਣੇ ਕਾਰੇ ਲਈ ਜ਼ਿੰਮੇਵਾਰ ਸਾਰੇ ਪੁਲਿਸ ਤੇ ਸਿਵਲ ਅਫਸਰਾਂ ਨੂੰ ਬਰਖ਼ਾਸਤ ਕੀਤੇ ਜਾਣ ਦੀ ਮੰਗ ਕਰਦਾ ਹੈ। ਉਨ੍ਹਾਂ ਕਿਹਾ ਕਿ ਸਿਰਫ ਬਦਲੀ ਕਰ ਦੇਣਾ ਜਾਂ ਮੁਅੱਤਲ ਕਰ ਦੇਣਾ ਹੀ ਕਾਫੀ ਨਹੀਂ ਹੈ। ਇਸ ਮਾਮਲੇ ਵਿੱਚ ਦੋਸ਼ੀ ਅਫਸਰਾਂ ਨੂੰ ਸਖਤ ਸਜ਼ਾ ਮਿਲਣੀ ਚਾਹੀਦੀ ਹੈ, ਨਹੀਂ ਤਾਂ ਦਲਿਤ ਭਾਈਚਾਰੇ ਦਾ ਸਰਕਾਰ ਤੋਂ ਵਿਸ਼ਵਾਸ ਉਠ ਜਾਵੇਗਾ।