Sukhbir badal expressed : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਭਾਰਤ ਦੇ ਰਾਸ਼ਟਰਪਤੀ ਵੱਲੋਂ ਤਿੰਨ ਖੇਤੀ ਬਿੱਲਾਂ ਅਤੇ ਪੰਜਾਬੀ ਭਾਸ਼ਾ ਨੂੰ ਜੰਮੂ-ਕਸ਼ਮੀਰ ਦੀ ਰਾਜ ਭਾਸ਼ਾ ਤੋਂ ਬਾਹਰ ਰੱਖਣ ਸੰਬੰਧੀ ਬਿੱਲ ਨੂੰ ਮਨਜ਼ੂਰੀ ਦਿੱਤੇ ਜਾਣ ’ਤੇ ਦੁੱਖ ਜ਼ਾਹਿਰ ਕਰਦੇ ਹੋਏ ਇਸ ਨੂੰ ਬਹੁਤ ਹੀ ਨਿਰਾਸ਼ਾਜਨਕ ਅਤੇ ਮੰਦਭਾਗਾ ਦੱਸਿਆ। ਇਹ ਦੇਸ਼ ਲਈ ਸੱਚਮੁੱਚ ਇੱਕ ‘ਕਾਲਾ ਦਿਨ’ ਹੈ ਕਿ ਮਾਣਯੋਗ ਰਾਸ਼ਟਰਪਤੀ ਨੇ ਦੇਸ਼ ਦੀ ਜ਼ਮੀਰ ਵਜੋਂ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ। “ਸਾਨੂੰ ਬਹੁਤ ਉਮੀਦ ਸੀ ਕਿ ਮਾਣਯੋਗ ਰਾਸ਼ਟਰਪਤੀ ਇਨ੍ਹਾਂ ਬਿੱਲਾਂ ਨੂੰ ਮੁੜ ਵਿਚਾਰ ਲਈ ਸੰਸਦ ਨੂੰ ਵਾਪਸ ਕਰ ਦੇਣਗੇ ਜਿਵੇਂ ਕਿ ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਸੀ ਅਤੇ ਕੁਝ ਹੋਰ ਵਿਰੋਧੀ ਪਾਰਟੀਆਂ ਵੱਲੋਂ ਵੀ ਇਸ ਦਾ ਵਿਰੋਧ ਕੀਤਾ ਗਿਆ ਸੀ।” ਸ੍ਰੀ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਿਚਾਰ-ਵਟਾਂਦਰੇ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿੱਚ ਲਵੇਗੀ।
ਦੱਸਣਯੋਗ ਹੈ ਕਿ ਸੰਸਦ ਵਿੱਚ ਇਨ੍ਹਾਂ ਬਿੱਲਾਂ ਦਾ ਵਿਰੋਧ ਕਰਦੇ ਹੋਏ ਹਰਸੀਮਤ ਕੌਰ ਬਾਦਲ ਜੋਕਿ ਕੈਬਨਿਟ ਮੰਤਰੀ ਸਨ, ਨੇ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ। ਖੇਤੀ ਬਿੱਲਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਨਾਲ ਗਠਜੋੜ ਤੋੜ ਦਿੱਤਾ। ਦੱਸਣਯੋਗ ਹੈ ਕਿ ਅਕਾਲੀ ਦਲ-ਭਾਜਪਾ ਦਾ ਗਠਜੋੜ 1996 ਤੋਂ ਚੱਲਿਆ ਆ ਰਿਹਾ ਸੀ। ਦੋਵਾਂ ਪਾਰਟੀਆਂ ਦਾ ਗਠਜੋੜ ਹਰ ਵਾਰ ਚੋਣਾਂ ਵਿੱਚ ਸਿਖਰਾਂ ’ਤੇ ਰਿਹਾ ਸੀ, ਜਿਸਦੀ ਬਦੌਲਤ ਅਕਾਲੀ ਦਲ ਕਈ ਵਾਰ ਪੰਜਾਬ ਦੀ ਸੱਤਾ ’ਤੇ ਕਾਬਜ਼ ਵੀ ਰਹੀ ਹੈ, ਪਰ ਦਹਾਕਿਆਂ ਬਾਅਦ ਕੇਂਦਰ ਸਰਕਾਰ ਨੇ ਅਕਾਲੀ ਦਲ ਨੂੰ ਅਣਗੌਲਿਆਂ ਕਰਕੇ ਖੇਤੀ ਆਰਡੀਂਨੈਂਸਾਂ ਦਾ ਫਰਮਾਨ ਸੁਣਾ ਦਿੱਤਾ, ਜਿਸ ਕਰਕੇ ਅਕਾਲੀ ਦਲ ਨੇ ਭਾਜਪਾ ਨਾਲ 24 ਸਾਲ ਪੁਰਾਣਾ ਨਾਤਾ ਤੋੜ ਦਿੱਤਾ।