Sukhbir Badal slams Centre : ਫਿਰੋਜ਼ਪੁਰ : ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਕੜਾਕੇ ਦੀ ਠੰਡ ਦੌਰਾਨ ਦਿੱਲੀ ਬਾਰਡਰਾਂ ‘ਤੇ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ ਕਾਨੂੰਨ ਰੱਦ ਨਾ ਕਰਨ ‘ਤੇ ਅੜੀ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਸਾਨ ਅੰਦੋਲਨ ‘ਤੇ ਬੋਲਦਿਆਂ ਕਿਹਾ ਕਿ ਇਹ ਸ਼ਰਮ ਦੀ ਗੱਲ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਕਾਇਮ ਰੱਖ ਰਹੀ ਹੈ ਅਤੇ ਕਿਸਾਨਾਂ ਦੀ ਮੰਗ ਅਨੁਸਾਰ ਇਹ ਤਿੰਨੋਂ ਖੇਤੀਬਾੜੀ ਕਾਨੂੰਨ ਰੱਦ ਕਰਨ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਹੰਕਾਰ ਤਿਆਗ ਕੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ ਹੈ।
ਸੁਖਬੀਰ ਸਿੰਘ ਬਾਦਲ ਨਗਰ ਕੌਂਸਲ ਦੀ ਚੋਣ ਦੇ ਮੱਦੇਨਜ਼ਰ ਫਿਰੋਜ਼ਪੁਰ ਦੇ ਪੇਂਡੂ ਖੇਤਰ ਵਿੱਚ ਤਲਵੰਡੀ ਭਾਈ, ਮਮਦੋਟ ਅਤੇ ਮੁੱਦਕੀ ਦਾ ਦੌਰਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸ. ਬਾਦਲ ਨੇ ਕਿਹਾ ਕਿ ਦੇਸ਼ ਭਰ ਦੇ ਕਿਸਾਨ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਇਕਜੁੱਟ ਹਨ। ਕਿਉਂਕਿ ਇਹ ਕਿਸਾਨਾਂ ਦੇ ਭਵਿੱਖ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵੇਗਾ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਦੇਖ ਰਹੀ ਹੈ ਕਿ ਦੇਸ਼ ਦੇ ਕਿਸਾਨ ਰਾਸ਼ਟਰੀ ਰਾਜਧਾਨੀ ਦਿੱਲੀ ਦੀ ਸਰਹੱਦ ‘ਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ। ਉਹ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ, ਜਿਸ ਬਾਰੇ ਕੇਂਦਰ ਦਾ ਦਾਅਵਾ ਹੈ ਕਿ ਇਹ ਕਿਸਾਨਾਂ ਲਈ ਫਾਇਦੇਮੰਦ ਹੈ। ਉਥੇ ਹੀ ਕਿਸਾਨ ਇਹ ਕਹਿ ਰਹੇ ਹਨ ਕਿ ਉਨ੍ਹਾਂ ਨੇ ਇਸ ਕਾਨੂੰਨ ਨੂੰ ਬਣਾਉਣ ਦੀ ਮੰਗ ਨਹੀਂ ਕੀਤੀ।
ਅਕਾਲੀ ਦਲ ਦੇ ਪ੍ਰਧਾਨ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਝੂਠੇ ਕੇਸ ਦਾਇਰ ਕਰਨ ਦੀ ਵੀ ਨਿਖੇਧੀ ਕਰਦਿਆਂ ਕਿਹਾ ਕਿ ਜੋ ਵੀ ਕਿਸਾਨਾਂ ਦਾ ਸਮਰਥਨ ਕਰ ਰਿਹਾ ਹੈ, ਕੇਂਦਰ ਸਰਕਾਰ ਉਨ੍ਹਾਂ ਪ੍ਰਤੀ ਬਦਲਾ ਲੈ ਕੇ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿਰਸਾ ਪਹਿਲੇ ਦਿਨ ਤੋਂ ਹੀ ਕਿਸਾਨਾਂ ਲਈ ਲੰਗਰ ਦਾ ਪ੍ਰਬੰਧ ਕਰ ਰਹੇ ਹਨ। ਉਹ ਇਸ ਸੰਕਟ ਦੀ ਘੜੀ ਵਿਚ ਕਿਸਾਨਾਂ ਦੇ ਨਾਲ ਖੜ੍ਹੇ ਹਨ ਅਤੇ ਇਹੀ ਕਾਰਨ ਹੈ ਕਿ ਉਨ੍ਹਾਂ ਨੂੰ ਝੂਠੇ ਕੇਸਾਂ ਵਿਚ ਫਸਾਇਆ ਜਾ ਰਿਹਾ ਹੈ।