Sukhbir Badal Urges Center : ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਉਨ੍ਹਾਂ ਦੀ ਨਾ ਖਤਮ ਰਹੀ ਕੈਦ ਦਾ ਫੈਸਲਾਕੁੰਨ ਅੰਤ ਕਰਦੇ ਹੋਏ ਉਨ੍ਹਾਂ ਨੂੰ ਰਿਹਾਅ ਕਰਨ ਦੀ ਅਪੀਲ ਕੀਤੀ। ਇਹ ਮਨੁੱਖਤਾ ਭਰਿਆ ਕਦਮ ਸੱਭਿਆਚਾਰਕ ਕਦਰਾਂ-ਕੀਮਤਾਂ ਦੇ ਮੁਤਾਬਕ ਹੋਵੇਗਾ ਕਿਉਂਕਿ ਭਾਈ ਰਾਜੋਆਣਾ ਨੇ ਆਮ ਉਮਰ ਕੈਦ ਨਾਲੋਂ ਦੁੱਗਣਾ ਸਮਾਂ ਜੇਲ੍ਹ ਵਿਚ ਬਿਤਾਇਆ ਹੈ।
ਬਾਦਲ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਅਪੀਲ ਕੀਤੀ ਕਿ ਉਹ ਪੰਜਾਬੀਆਂ ਖਾਸ ਤੌਰ ’ਤੇ ਸਿੱਖ ਕੌਮ ਨਾਲ ਭਾਰਤ ਸਰਕਾਰ ਵੱਲੋਂ ਕੀਤਾ ਕੌਮੀ ਵਾਅਦਾ, ਜੋਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੀਤਾ ਗਿਆ ਸੀ, ਨੂੰ ਪੂਰਾ ਕਰਨ ਲਈ ਇਸ ਕਦਮ ਨੂੰ ਤੇਜ਼ੀ ਨਾਲ ਲਾਗੂ ਕੀਤੇ ਜਾਣਾ ਯਕੀਨੀ ਬਣਾਉਣ। ਭਾਰਤ ਸਰਕਾਰ ਨੇ ਪਹਿਲਾਂ ਇਹ ਗੱਲ ਸਰਕਾਰੀ ਤੌਰ ’ਤੇ ਕਹੀ ਸੀ ਕਿ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੁੰ ਉਮਰ ਕੈਦ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਸੇ ਵਾਅਦੇ ਦੇ ਮੱਦੇਨਜ਼ਰ ਭਾਈ ਰਾਜੋਆਣਾ ਨੂੰ ਇਕ ਦਿਨ ਵੀ ਹੋਰ ਜੇਲ੍ਹ ਵਿਚ ਰਹਿਣ ਦੇਣ ਦਾ ਕੋਈ ਤਰਕ ਨਹੀਂ ਬਣਦਾ ਕਿਉਂਕਿ ਉਹਨਾਂ ਨੇ ਤਾਂ ਪਹਿਲਾਂ ਹੀ 26 ਸਾਲ ਜੇਲ੍ਹ ਕੱਟ ਲਈ ਹੈ ਜੋ ਕਿ ਇਕ ਆਮ ਉਮਰ ਕੈਦ ਨਾਲੋਂ ਕਿਤੇ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕੀਤੀ ਗਈ ਤੇ ਭਾਈ ਰਾਜੋਆਣਾ ਨੇ ਇਕ ਉਮਰ ਕੈਦ ਨਾਲੋਂ 10 ਤੋਂ 14 ਸਾਲ ਜ਼ਿਆਦਾ ਜੇਲ੍ਹ ਵਿਚ ਗੁਜ਼ਾਰ ਲਏ ਹਨ।
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰ ਨੂੰ 26 ਜਨਵਰੀ ਤੱਕ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਬਲਵੰਤ ਸਿੰਘ ਰਾਜੋਆਣਾ ਵੱਲੋਂ ਮੌਤ ਦੀ ਸਜ਼ਾ ਨੂੰ ਘਟਾਉਣ ਲਈ ਦਿੱਤੀ ਪਟੀਸ਼ਨ ਦਾ ਫ਼ੈਸਲਾ ਸੁਣਾਉਣ ਲਈ ਕਿਹਾ ਹੈ। 1995 ਵਿਚ ਬੇਅੰਤ ਸਿੰਘ ਦੀ ਹੱਤਿਆ ਦਾ ਦੋਸ਼ੀ ਰਾਜੋਆਣਾ 25 ਸਾਲਾਂ ਤੋਂ ਆਪਣੀ ਸਜ਼ਾ ਕੱਟ ਰਿਹਾ ਹੈ। ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ 16 ਹੋਰ ਲੋਕ 1995 ਵਿੱਚ ਚੰਡੀਗੜ੍ਹ ਵਿੱਚ ਸਿਵਲ ਸਕੱਤਰੇਤ ਦੇ ਬਾਹਰ ਹੋਏ ਇੱਕ ਧਮਾਕੇ ਵਿੱਚ ਮਾਰੇ ਗਏ ਸਨ। ਰਾਜੋਆਣਾ ਨੂੰ 2007 ਵਿੱਚ ਇੱਕ ਵਿਸ਼ੇਸ਼ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ। ਸੰਵਿਧਾਨ ਦੀ ਧਾਰਾ 72 ਅਧੀਨ ਪਿਛਲੇ ਅੱਠ ਸਾਲਾਂ ਤੋਂ ਉਸ ਨੇ ਰਹਿਮ ਦੀ ਅਪੀਲ ਕੀਤੀ ਹੋਈ ਹੈ।