ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਸ਼ਹੀਦ ਸਰਾਭਾ ਨੂੰ ਮਿੱਟੀ ਦੇ ਪੁੱਤ ਕਹਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ 19 ਸਾਲ ਦੀ ਕੋਮਲ ਉਮਰ ਵਿੱਚ ਮਾਤ ਭੂਮੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਦੇਸ਼ ਲਈ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਮਹਾਨ ਅਜ਼ਾਦੀ ਘੁਲਾਟੀਏ ਕਰਤਾਰ ਸਿੰਘ ਸਰਾਭਾ ਨੂੰ ਯਾਦ ਕਰਦੇ ਹੋਏ ਉਹਨਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਉਹ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਸਣੇ ਬਹੁਤ ਸਾਰੇ ਆਜ਼ਾਦੀ ਘੁਲਾਟੀਆਂ ਲਈ ਪ੍ਰੇਰਣਾ ਸਰੋਤ ਸਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ।
ਦੱਸਣਯੋਗ ਹੈ ਕਿ ਕਰਤਾਰ ਸਿੰਘ ਸਰਾਭਾ ਬਰਤਾਨਵੀ ਸਰਕਾਰ ਖਿਲਾਫ ਚਲਾਈ ਗਈ ਗ਼ਦਰ ਲਹਿਰ ਦੇ ਮੋਹਰੀ ਆਗੂਆਂ ਵਿਚੋਂ ਸਨ। ਉਨ੍ਹਾਂ ਦਾ ਜਨਮ 24 ਮਈ 1896 ਵਿੱਚ ਲੁਧਿਆਣਾ ਦੇ ਪਿੰਡ ਸਰਾਭਾ ਵਿੱਚ ਹੋਇਆ ਸੀ।
1912 ਵਿੱਚ ਉਹ ਅਮਰੀਕਾ ਦੇ ਸਾਨ ਫਰਾਂਸਿਸਕੋ ਪੜ੍ਹਨ ਗਏ ਸਨ ਜਿੱਥੇ ਉਹ ਗ਼ਦਰ ਪਾਰਟੀ ਵਿਚ ਸਰਗਰਮ ਹੋ ਗਏ। ਗਦਰ ਪਾਰਟੀ ਭਾਰਤ ਨੂੰ ਬਰਤਾਨਵੀਂ ਹਕੂਮਤ ਤੋਂ ਅਜ਼ਾਦ ਕਰਾਉਣ ਲਈ ਸੰਘਰਸ਼ ਕਰ ਰਹੀ ਸੀ।
ਕਰਤਾਰ ਸਿੰਘ ਸਰਾਭਾ 1915 ਵਿੱਚ ਭਾਰਤ ਵਿੱਚ ਵਾਪਸ ਆਏ ਅਤੇ ਬਰਤਾਨਵੀ ਸਰਕਾਰ ਖਿਲਾਫ਼ ਗਦਰ ਦੀ ਤਿਆਰੀ ਕਰਨ ਲੱਗੇ ਪਰ ਸਰਕਾਰ ਨੂੰ ਉਨ੍ਹਾਂ ਦੀਆਂ ਗਤੀਵਿਧੀਆਂ ਬਾਰੇ ਪਤਾ ਲੱਗ ਗਿਆ ਅਤੇ 16 ਨਵੰਬਰ 1915 ਵਿੱਚ ਉਨ੍ਹਾਂ ਨੂੰ ਫਾਂਸੀ ਦੇ ਦਿੱਤੀ ਗਈ।
ਵੀਡੀਓ ਲਈ ਕਲਿੱਕ ਕਰੋ -: