ਕੈਪਟਨ ਦੇ ਅਸਤੀਫਾ ਦੇਣ ਤੋਂ ਬਾਅਦ ਹਰੇਕ ਦੀਆਂ ਨਜ਼ਰਾਂ ਵਿਧਾਇਕ ਦਲ ਦੀ ਮੀਟਿੰਗ ‘ਤੇ ਹਨ ਕਿਉਂਕਿ ਬੈਠਕ ਵਿਚ ਹੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਐਲਾਨ ਕੀਤਾ ਜਾਵੇਗਾ। ਪੰਜਾਬ ਪ੍ਰਦੇਸ਼ ਕਾਂਗਰਸ ਵਿਧਾਇਕ ਦਲ ਦੀ ਇੱਕ ਹੋਰ ਮੀਟਿੰਗ ਐਤਵਾਰ ਨੂੰ ਸਵੇਰੇ 11 ਵਜੇ ਬੁਲਾਈ ਗਈ ਹੈ ਤੇ ਬੈਠਕ ਵਿਚ ਨਵੇਂ CM ਦੇ ਚਿਹਰੇ ਦਾ ਐਲਾਨ ਹੋ ਸਕਦਾ ਹੈ। ਇਸ ਮੀਟਿੰਗ ਵਿੱਚ ਹਾਈ ਕਮਾਂਡ ਵੱਲੋਂ ਭੇਜੇ ਗਏ ਤਿੰਨ ਆਬਜ਼ਰਵਰ ਵੀ ਵਿਧਾਇਕਾਂ ਦੇ ਨਾਲ ਮੌਜੂਦ ਰਹਿਣਗੇ। ਇਸ ਤੋਂ ਪਹਿਲਾਂ ਸ਼ਨੀਵਾਰ ਸ਼ਾਮ ਨੂੰ ਚੰਡੀਗੜ੍ਹ ਵਿੱਚ ਕਾਂਗਰਸ ਭਵਨ ਵਿਖੇ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵਿੱਚ ਨੇਤਾ ਦੀ ਚੋਣ ਦੀ ਜ਼ਿੰਮੇਵਾਰੀ ਪਾਰਟੀ ਹਾਈ ਕਮਾਂਡ ਨੂੰ ਸੌਂਪੀ ਗਈ ਸੀ।
ਸੂਤਰਾਂ ਅਨੁਸਾਰ ਮੀਟਿੰਗ ਵਿੱਚ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਨਾਂ ‘ਤੇ ਇੱਕ ਸਮਝੌਤਾ ਹੋਇਆ ਸੀ, ਪਰ ਇਹ ਵੀ ਪਤਾ ਲੱਗਾ ਹੈ ਕਿ ਮੀਟਿੰਗ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਇਕ ਦਲ ਦੇ ਨੇਤਾ ਵਜੋਂ ਇੱਕ ਹਿੰਦੂ ਦੀ ਨਿਯੁਕਤੀ ‘ਤੇ ਇਤਰਾਜ਼ ਕੀਤਾ, ਇੱਕ ਜੱਟ-ਸਿੱਖ ਨੇਤਾ ਬਣਾਉਣ ਦੀ ਬੇਨਤੀ ਕੀਤੀ । ਰੰਧਾਵਾ ਇਸ ਮੰਗ ‘ਤੇ ਅੜੇ ਹੋਏ ਹਨ, ਇਸ ਮੰਗ ਨੂੰ ਧਿਆਨ ‘ਚ ਰੱਖਦੇ ਹੋਏ, ਹਾਈਕਮਾਨ ਨੇ ਐਤਵਾਰ ਨੂੰ ਦੁਬਾਰਾ ਵਿਧਾਇਕ ਦਲ ਦੀ ਮੀਟਿੰਗ ਬੁਲਾਉਣ ਅਤੇ ਨੇਤਾ ਦੀ ਚੋਣ ਕਰਨ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ : ਸੁੱਕੇ ਮੇਵਿਆਂ ਦੇ ਫੇਰ ਤੋਂ ਘਟੇ ਭਾਅ, ਅਫ਼ਗ਼ਾਨਿਸਤਾਨ ਤੋਂ ਆਇਆ ਰੁਕਿਆ ਹੋਇਆ ਮਾਲ
ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਸ਼ਨੀਵਾਰ ਸ਼ਾਮ ਨੂੰ ਹੋਈ ਪੰਜਾਬ ਕਾਂਗਰਸ ਵਿਧਾਇਕ ਦਲ (ਸੀਐਲਪੀ) ਦੀ ਮੀਟਿੰਗ ਵਿੱਚ, ਪਾਰਟੀ ਦੇ ਨੇਤਾ ਦਾ ਫੈਸਲਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ ‘ਤੇ ਛੱਡ ਦਿੱਤਾ ਗਿਆ ਹੈ। ਇਸ ਸਬੰਧ ਵਿੱਚ ਸ਼ਨੀਵਾਰ ਦੇਰ ਰਾਤ ਜਾਂ ਐਤਵਾਰ ਸਵੇਰੇ ਐਲਾਨ ਹੋਣ ਦੀ ਉਮੀਦ ਹੈ। ਸ਼ਨੀਵਾਰ ਸ਼ਾਮ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਬੁਲਾਏ ਜਾਣ ਤੋਂ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਤੋਂ ਬਾਅਦ, ਕੈਪਟਨ ਵਿਧਾਇਕ ਦਲ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ, ਹਾਲਾਂਕਿ ਉਨ੍ਹਾਂ ਦੇ ਸਾਰੇ ਸਮਰਥਕ ਇਸ ਵਿੱਚ ਸ਼ਾਮਲ ਹੋਏ। ਪਾਰਟੀ ਹਾਈਕਮਾਂਡ ਵੱਲੋਂ ਨਿਯੁਕਤ 79 ਵਿਧਾਇਕ ਅਤੇ ਤਿੰਨ ਨਿਗਰਾਨ ਵੀ ਵਿਧਾਇਕ ਦਲ ਦੀ ਮੀਟਿੰਗ ਵਿੱਚ ਮੌਜੂਦ ਸਨ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਤੋਂ ਕਾਂਗਰਸ ਵਿੱਚ ਸ਼ਾਮਲ ਹੋਏ ਵਿਧਾਇਕ ਸੁਖਪਾਲ ਸਿੰਘ ਖਹਿਰਾ, ਜਗਦੇਵ ਸਿੰਘ ਕਮਾਲੂ, ਨਿਰਮਲ ਸਿੰਘ ਖਾਲਸਾ ਅਤੇ ਨਿਰਮਲ ਸਿੰਘ ਮਾਨਸ਼ੀਆ ਵੀ ਕਾਂਗਰਸ ਭਵਨ ਵਿੱਚ ਮੌਜੂਦ ਸਨ ਪਰ ਉਨ੍ਹਾਂ ਨੂੰ ਵਿਧਾਇਕ ਦਲ ਦੀ ਮੀਟਿੰਗ ਵਿੱਚ ਦਾਖਲ ਨਹੀਂ ਹੋਣ ਦਿੱਤਾ ਗਿਆ।
ਮੀਟਿੰਗ ਤੋਂ ਬਾਅਦ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਵਿਧਾਇਕ ਦਲ ਦੀ ਮੀਟਿੰਗ ਵਿੱਚ ਦੋ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ ਹਨ। ਇੱਕ ਮਤਾ ਪਾਸ ਕਰਕੇ, ਵਿਧਾਇਕਾਂ ਨੇ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਅਤੇ ਪਾਰਟੀ ਪ੍ਰਤੀ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ, ਜਦੋਂ ਕਿ ਦੂਜਾ ਮਤਾ ਪਾਸ ਕਰਕੇ ਨਵੇਂ ਮੁੱਖ ਮੰਤਰੀ ਦੀ ਚੋਣ ਦਾ ਅਧਿਕਾਰ ਪਾਰਟੀ ਹਾਈ ਕਮਾਂਡ ਨੂੰ ਸੌਂਪਿਆ।
ਰਾਵਤ ਨੇ ਅੱਗੇ ਕਿਹਾ ਕਿ ਵਿਧਾਇਕ ਦਲ ਦੇ ਨਵੇਂ ਨੇਤਾ ਦਾ ਐਲਾਨ ਛੇਤੀ ਹੀ ਕੀਤਾ ਜਾਵੇਗਾ। ਕੈਪਟਨ ਦੀ ਪ੍ਰਸ਼ੰਸਾ ਕਰਦਿਆਂ ਰਾਵਤ ਨੇ ਕਿਹਾ ਕਿ ਕੈਪਟਨ ਨੇ ਆਪਣੇ ਕਾਰਜਕਾਲ ਦੌਰਾਨ ਆਪਣੀ ਯੋਗਤਾ ਨਾਲ ਕੰਮ ਕੀਤਾ ਹੈ ਅਤੇ ਪੰਜਾਬ ਨੂੰ ਚੰਗੀ ਸਰਕਾਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕੈਪਟਨ ਨੂੰ ਇਸ ਦੌਰਾਨ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਪਰ ਉਨ੍ਹਾਂ ਨੇ ਇਨ੍ਹਾਂ ਚੁਣੌਤੀਆਂ ਦੇ ਹੱਲ ਵੀ ਲੱਭੇ। ਇਸ ਮੌਕੇ ਬੋਲਦਿਆਂ ਅਜੈ ਮਾਕਨ ਨੇ ਕਿਹਾ ਕਿ ਜਿੱਥੇ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਨ ਲਈ ਇੱਕ ਮਤਾ ਪਾਸ ਕੀਤਾ ਗਿਆ ਹੈ, ਉਥੇ ਪਾਰਟੀ ਨੂੰ ਇਹ ਵੀ ਉਮੀਦ ਹੈ ਕਿ ਕੈਪਟਨ ਭਵਿੱਖ ਵਿੱਚ ਵੀ ਪਾਰਟੀ ਨੂੰ ਇਸ ਤਰ੍ਹਾਂ ਸੇਧ ਦਿੰਦੇ ਰਹਿਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਨਵੇਂ CM ਬਣ ਸਕਦੇ ਹਨ ਸੁਨੀਲ ਜਾਖੜ, 2 ਡਿਪਟੀ CM ਬਣਾਉਣ ਦੀ ਹੋ ਰਹੀ ਹੈ ਚਰਚਾ