ਚੰਡੀਗੜ੍ਹ : ਪੰਜਾਬ ਕਾਂਗਰਸ ’ਚ ਚੱਲ ਰਹੇ ਘਮਾਸਾਨ ਨੂੰ ਲੈ ਕੇ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਖੁਦ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾਏ ਜਾਣ ਦੀਆਂ ਚਰਚਾਵਾਂ ਦੇ ਦਰਮਿਆਨ ਜਾਖੜ ਨੇ ਕਿਹਾ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਹਟਾਏ ਜਾਣ ਨਾਲ ਇਕਜੁੱਟ ਹੁੰਦੀ ਹੈ ਤਾਂ ਮੈਂ ਅਹੁਦਾ ਛੱਡਣ ਲਈ ਤਿਆਰ ਹਾਂ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਕਿਹਾ ਕਿ ਕਾਂਗਰਸ ਨੂੰ ਅਗਲੀਆਂ ਵਿਧਾਨ ਸਭਾ ਚੋਣਾਂ ਪੂਰੀ ਤਾਕਤ ਨਾਲ ਲੜਨੀਆਂ ਚਾਹੀਦੀਆਂ ਹਨ। ਮੈਂ ਪਹਿਲੇ ਦਿਨ ਤੋਂ ਹੀ ਪੂਰੇ ਮਾਮਲੇ ਵਿੱਚ ਇਹ ਕਹਿੰਦਾ ਆ ਰਿਹਾ ਹਾਂ ਕਿ ਜੇ ਕਿਸੇ ਨੂੰ ਪੰਜਾਬ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਉਣ ਨਾਲ ਪਾਰਟੀ ਮਜ਼ਬੂਤ ਹੁੰਦੀ ਹੈ ਤਾਂ ਮੈਨੂੰ ਹਟਾ ਦਿਓ। ਮੈਂ ਪ੍ਰਧਾਨ ਦੇ ਅਹੁਦੇ ਤੋਂ ਹੱਟਣ ਲਈ ਤਿਆਰ ਹਾਂ।
ਪਾਰਟੀ ਦੇ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੰਜਾਬ ਕਾਂਗਰਸ ਵਿਵਾਦ ਬਾਰੇ ਪਾਰਟੀ ਦੀ ਤਿੰਨ ਮੈਂਬਰੀ ਕਮੇਟੀ ਵੱਲੋਂ ਸੌਂਪੀ ਗਈ ਰਿਪੋਰਟ ਬਾਰੇ ਪੁੱਛੇ ਜਾਣ ’ਤੇ ਜਾਖੜ ਨੇ ਕਿਹਾ ਕਿ ਪਾਰਟੀ ਰਿਪੋਰਟ ਦੇ ਅਨੁਸਾਰ ਜੋ ਵੀ ਕਦਮ ਚੁੱਕਦੀ ਹੈ, ਉਹ ਸਾਰਿਆਂ ਨੂੰ ਮਨਜ਼ੂਰ ਹੋਵੇਗਾ। ਰਿਪੋਰਟ ਵਿਚ ਕੀ ਹੈ ਅਜੇ ਤੱਕ ਕਿਸੇ ਨੂੰ ਪਤਾ ਨਹੀਂ ਹੈ।
ਜਾਖੜ ਨੇ ਕਿਹਾ ਕਿ ਧਰਮ ਅਤੇ ਵਰਗ ਰਾਜਨੀਤੀ ਪੰਜਾਬ ਦੇ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੀ ਹੈ। ਅਜਿਹੀ ਸਥਿਤੀ ਵਿੱਚ ਕਾਂਗਰਸ ਨੂੰ ਇਕਜੁੱਟ ਅਤੇ ਮਜ਼ਬੂਤ ਹੋਣਾ ਪਏਗਾ। ਦੱਸ ਦੇਈਏ ਕਿ ਕਾਂਗਰਸ ਹਾਈਕਮਾਨ ਨੇ ਪਾਰਟੀ ਦੀ ਪੰਜਾਬ ਇਕਾਈ ਵਿਚ ਹੋਏ ਵਿਵਾਦ ਨੂੰ ਸੁਲਝਾਉਣ ਲਈ ਤਿੰਨ ਆਗੂਆਂ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ, ਜੈਪ੍ਰਕਾਸ਼ ਅਗਰਵਾਲ ਅਤੇ ਮੱਲਿਕਾਰਜੁਨ ਖੜਗੇ ਦੀ ਕਮੇਟੀ ਬਣਾਈ ਸੀ। ਇਸ ਕਮੇਟੀ ਨੇ ਪੰਜਾਬ ਦੇ ਸੰਸਦ ਮੈਂਬਰਾਂ, ਵਿਧਾਇਕਾਂ, ਨੇਤਾਵਾਂ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਕਮੇਟੀ ਨੇ ਇੱਕ ਦਿਨ ਪਹਿਲਾਂ ਆਪਣੀ ਰਿਪੋਰਟ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੀ ਦਿੱਤੀ।
ਇਹ ਵੀ ਪੜ੍ਹੋ : ਹਰਿਆਣਾ ਦੇ ਪਿੰਡ ਪਹਾੜਪੁਰ ‘ਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਬੀਬੀ ਜਗੀਰ ਕੌਰ ਨੇ ਲਿਆ ਸਖਤ ਨੋਟਿਸ
ਦੱਸਿਆ ਜਾਂਦਾ ਹੈ ਕਿ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਪੰਜਾਬ ਵਿਚ ਕਾਂਗਰਸ ਦੇ ਸੰਗਠਨ ਅਤੇ ਰਾਜ ਸਰਕਾਰ ਵਿਚ ਫੇਰਬਦਲ ਦਾ ਸੁਝਾਅ ਦਿੱਤਾ ਗਿਆ ਹੈ। ਅਜਿਹੀਆਂ ਚਰਚਾਵਾਂ ਹਨ ਕਿ ਨਵਜੋਤ ਸਿੰਘ ਸਿੱਧੂ ਨੂੰ ਕੈਪਟਨ ਦੇ ਮੰਤਰੀ ਮੰਡਲ ਵਿੱਚ ਉਪ ਮੁੱਖ ਮੰਤਰੀ ਜਾਂ ਸੂਬਾ ਕਾਂਗਰਸ ਦਾ ਪ੍ਰਧਾਨ ਬਣਾਇਆ ਜਾ ਸਕਦਾ ਹੈ। ਕੁਝ ਮੰਤਰੀਆਂ ਦੀ ਮੰਤਰੀ ਮੰਡਲ ਤੋਂ ਛੁੱਟੀ ਵੀ ਹੋ ਸਕਦੀ ਹੈ।