ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਚੱਲ ਰਹੀ ਤਕਰਾਰ ਦੇ ਵਿਚਕਾਰ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ 19 ਜੁਲਾਈ ਨੂੰ ਪਾਰਟੀ ਵਿਧਾਇਕਾਂ ਅਤੇ ਜ਼ਿਲ੍ਹਾ ਮੁਖੀਆਂ ਦੀ ਇੱਕ ਜ਼ਰੂਰੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਦੁਪਹਿਰ 3 ਵਜੇ ਪੰਜਾਬ ਕਾਂਗਰਸ ਭਵਨ, ਚੰਡੀਗੜ੍ਹ ਵਿਖੇ ਹੋਵੇਗੀ। ਜਾਖੜ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਸਾਰੇ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਇੱਕ ਮਤਾ ਪਾਸ ਕਰਨਗੇ ਅਤੇ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜਣਗੇ ਕਿ ਪਾਰਟੀ ਹਾਈਕਮਾਂਡ ਜੋ ਵੀ ਪੰਜਾਬ ਬਾਰੇ ਫੈਸਲਾ ਲੈਣਾ ਚਾਹੁੰਦੀ ਹੈ, ਉਹ ਸਾਰਿਆਂ ਵੱਲੋਂ ਮਨਜ਼ੂਰ ਹੋਵੇਗਾ।
ਇਸਦੇ ਨਾਲ ਹੀ ਇੱਕ ਅਪੀਲ ਇਹ ਵੀ ਕੀਤੀ ਜਾਏਗੀ ਕਿ ਉਹ ਜੋ ਵੀ ਫੈਸਲਾ ਪੰਜਾਬ ਬਾਰੇ ਲੈਣਾ ਚਾਹੁੰਦੇ ਹਨ, ਨੂੰ ਜਲਦੀ ਤੋਂ ਜਲਦ ਲਿਆ ਜਾਵੇ ਤਾਂ ਜੋ ਪਾਰਟੀ ਪੰਜਾਬ ਦੇ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਜਲਦੀ ਹੱਲ ਕਰ ਸਕੇ।
ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਸਣੇ ਕੈਪਟਨ ਦੇ ਹੱਕ ‘ਚ ਆਏ 10 ਵਿਧਾਇਕ, ਹਾਈਕਮਾਂਡ ਨੂੰ ਕੀਤੀ ਇਹ ਅਪੀਲ
ਕੈਪਟਨ ਅਮਰਿੰਦਰ ਸਿੰਘ ਬਨਾਮ ਨਵਜੋਤ ਸਿੰਘ ਸਿੱਧੂ ਦੇ ਮਾਮਲੇ ਵਿੱਚ ਸ਼ਨੀਵਾਰ ਨੂੰ ਇੱਕ ਨਵਾਂ ਮੋੜ ਆਇਆ। ਸਿੱਧੂ ਨੇ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਉਨ੍ਹਾਂ ਦੀ ਪੰਚਕੂਲਾ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਨੇਤਾਵਾਂ ਨੇ ਇੱਕ ਦੂਜੇ ਨੂੰ ਜੱਫੀ ਵੀ ਪਾਈ। ਦਰਅਸਲ, ਵਿਵਾਦ ਨੂੰ ਸੁਲਝਾਉਣ ਲਈ ਸਿੱਧੂ ਨੂੰ ਕਾਂਗਰਸ ਦਾ ਸੂਬਾ ਪ੍ਰਧਾਨ ਬਣਾਉਣ ਦਾ ਫਾਰਮੂਲਾ ਅੱਗੇ ਰੱਖਿਆ ਗਿਆ ਸੀ। ਹਾਲਾਂਕਿ, ਕੈਪਟਨ ਅਮਰਿੰਦਰ ਨੇ ਇਸ ਫੈਸਲੇ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਸੀ।
ਪੰਜਾਬ ਵਿਚ ਕਾਂਗਰਸ ਨੂੰ ਲੈ ਕੇ ਚੱਲ ਰਹੇ ਸੰਕਟ ਦੌਰਾਨ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਵੀ 19 ਜੁਲਾਈ ਨੂੰ ਕਾਂਗਰਸ ਦੇ ਪੰਜਾਬ ਨਾਲ ਸਬੰਧਤ ਸਾਰੇ ਲੋਕ ਸਭਾ ਤੇ ਰਾਜ ਸਭਾ ਮੈਂਬਰਾਂ ਨਾਲ ਵਰਚੂਅਲ ਬੈਠਕ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੌਰਾਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਲੋਂ ਪੰਜਾਬ ਕਾਂਗਰਸ ਵਿਚ ਚੱਲ ਰਹੇ ਇਸ ਸੰਕਟ ਦਾ ਨਿਪਟਾਰਾ ਕਰਨ ਸਬੰਧੀ ਕਾਂਗਰਸੀ ਸੰਸਦ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।