ਚੰਡੀਗੜ੍ਹ, : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਦਾਗੀ ਵਿਧਾਇਕੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਗੁਰਕੀਰਤ ਸਿੰਘ ਕੋਟਲੀ ਨੂੰ ਵਜ਼ਾਰਤ ਵਿਚ ਸ਼ਾਮਲ ਕਰਨ ਦੇ ਫੈਸਲੇ ਨੂੰ ਉਨ੍ਹਾਂ ਦੇ ਘਿਨੌਣੇ ਅਪਰਾਧਾਂ ਦੇ ਬਾਵਜੂਦ ਉਨ੍ਹਾਂ ਦਾ ਬਚਾਅ ਕਰਨ ਦੀ ਕਾਰਵਾਈ ਕਰਾਰ ਦਿੱਤਾ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਅਤੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਿਹਾ ਕਿ ਦਾਗੀ ਆਗੂਆਂ ਨੂੰ ਵਜ਼ਾਰਤ ਵਿਚ ਸ਼ਾਮਲ ਕਰਨ ਦੇ ਫੈਸਲੇ ਨਾਲ ਸ਼ਾਂਤੀ ਤੇ ਇਨਸਾਫ ਪਸੰਦ ਨਾਗਰਿਕ ਹੱਕੇ-ਬੱਕੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਫੈਸਲੇ ਨੇ ਸਮੁੱਚੇ ਪੰਜਾਬੀਆਂ ਨੁੰ ਹੈਰਾਨੀ ਵਿਚ ਪਾ ਦਿੱਤਾ ਹੈ ਤੇ ਯੂਰਪ ਵਿਚ ਇਸ ਬਾਰੇ ਖਦਸ਼ੇ ਪ੍ਰਗਟ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵੜਿੰਗ ’ਤੇ ਠੇਕੇਦਾਰ ਕਰਨ ਕਟਾਰੀਆ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਲੱਗੇ ਹਨ। ਕਟਾਰੀਆ ਨੇ ਫਰੀਦਕੋਟ ਵਿਚ ਆਪਣੇ ਆਪ ਨੂੰ ਗੋਲੀ ਮਾਰਨ ਤੋਂ ਪਹਿਲਾਂ ਆਪਣੇ ਦੋ ਬੱਚਿਆਂ ਦਾ ਕਤਲ ਕਰ ਦਿੱਤਾ। ਇਸੇ ਤਰੀਕੇ ਕੋਟਲੀ ’ਤੇ 1994 ਵਿਚ ਫਰਾਂਸ ਦੀ ਪੰਜਾਬ ਆਈ ਸੈਲਾਨੀ ਕਾਤੀਆ ਡਰਨੈਡ ਨਾਲ ਜਬਰ-ਜ਼ਨਾਹ ਕਰਨ ਤੇ ਛੇੜਖਾਨੀ ਕਰਨ ਦੇ ਦੋਸ਼ ਲੱਗੇ ਸਨ।

ਦੋਹਾਂ ਆਗੂਆਂ ਨੇ ਕਿਹਾ ਕਿ ਵੜਿੰਗ ਦੇ ਸਾਲੇ ਦੇ ਖਿਲਾਫ ਪਹਿਲਾਂ ਹੀ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਹੈ ਜਦਕਿ ਕੌਮੀ ਮਹਿਲਾ ਕਮਿਸ਼ਨ ਨੇ ਕੋਟਲੀ ਦੇ ਕਾਤੀਆ ਜਬਰ-ਜ਼ਨਾਹ ਤੇ ਛੇੜਛਾੜ ਕੇਸ ਵਿਚ ਸ਼ਾਮਲ ਹੋਣ ’ਤੇ ਸੂਬਾ ਸਰਕਾਰ ਨੁੰ ਨੋਟਿਸ ਜਾਰੀ ਕੀਤਾ ਸੀ। ਰੋਮਾਣਾ ਤੇ ਸ੍ਰੀ ਬਰਕੰਦੀ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵੜਿੰਗ ਤੇ ਕੋਟਲੀ ਵਰਗੇ ਦਾਗੀ ਵਿਧਾਇਕਾਂ ਨੂੰ ਉਤਸ਼ਾਹਿਤ ਕਰ ਰਹੀ ਹੈ ਅਤੇ ਉਨ੍ਹਾਂ ਦੇ ਮਾੜੇ ਕੰਮਾਂ ਵਿਚ ਸ਼ਾਮਲ ਹੋਣ ਦੇ ਬਾਵਜੂਦ ਉਹਨਾਂ ਨੂੰ ਤਰੱਕੀ ਦੇ ਕੇ ਮੰਤਰੀ ਬਣਾ ਰਹੀ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਕਾਂਗਰਸ ਸਰਕਾਰ ਵਿਚ ਨੈਤਿਕਤਾ ਤੇ ਕਦਰਾਂ-ਕੀਮਤਾਂ ਦੀ ਕੋਈ ਥਾਂ ਨਹੀਂ ਹੈ।

ਉਨ੍ਹਾਂ ਕਿਹਾ ਕਿ ਜਬਰ-ਜ਼ਨਾਹ ਤੇ ਛੇੜਛਾੜ ਤੋਂ ਇਲਾਵਾ ਕੋਟਲੀ ਦੇ ਖਿਲਾਫ ਖੰਨਾ ਤੇ ਆਲੇ-ਦੁਆਲੇ ਦੇ ਇਲਾਕੇ ਵਿਚ ਗੈਰ-ਕਾਨੂੰਨੀ ਸ਼ਰਾਬ ਵੇਚਣ ਦੇ ਵੀ ਦੋਸ਼ ਲੱਗੇ ਹਨ। ਉਨ੍ਹਾਂ ਨੇ ਕਾਂਗਰਸੀ ਲੀਡਰਸ਼ਿਪ ਨੂੰ ਚੇਤੇ ਕਰਵਾਇਆ ਕਿ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਕੇਸ ਦੀ ਅਗਲੀ ਸੁਣਵਾਈ 8 ਅਕਤੂਬਰ 2021 ਨੂੰ ਹੈ ਜੋ ਨਵੇਂ ਮੰਤਰੀਆਂ ਦੇ ਸਹੁੰ ਚੁੱਕਣ ਦੇ ਦਿਨ ਤੋਂ ਕੁਝ ਦਿਨਾਂ ਬਾਅਦ ਹੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ CMO ‘ਚ ਅਧਿਕਾਰੀਆਂ ਨੂੰ ਇਨ੍ਹਾਂ ਵਿਭਾਗਾਂ ‘ਚ ਵੰਡੀਆਂ ਜ਼ਿੰਮੇਵਾਰੀਆਂ
ਰੋਮਾਣਾ ਤੇ ਰੋਜ਼ੀ ਬਰੰਕਦੀ ਨੇ ਰਾਹੁਲ ਗਾਂਧੀ ਨੂੰ ਵੀ ਸਵਾਲ ਪੁੱਛਿਆ ਤੇ ਆਖਿਆ ਕਿ ਉਹ ਦੱਸਣ ਕਿ ਕੀ ਉਹ ਵੜਿੰਗ ਤੇ ਕੋਟਲੀ ਦਾ ਬਚਾਅ ਕਰਨ ਵਿਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜੇਕਰ ਰਾਹੁਲ ਗਾਂਧੀ ਜਨਤਕ ਜੀਵਨ ਵਿਚ ਪਾਰਦਰਸ਼ਤਾ ਤੇ ਨੈਤਿਕਤਾ ਵਿਚ ਵਿਸ਼ਵਾਸ ਰੱਖਦੇ ਹਨ ਤਾਂ ਫਿਰ ਉਹ ਦੋਵੇਂ ਵਿਧਾਇਕਾਂ ਨੂੰ ਕੈਬਨਿਟ ਮੰਤਰੀ ਬਣਾਉਣ ਦੇ ਫੈਸਲੇ ’ਤੇ ਮੁੜ ਵਿਚਾਰ ਕਰਨ।






















