Suwidha Kendra at Delhi Airport for : ਕੋਵਿਡ-19 ਦੇ ਮੱਦੇਨਜ਼ਰ ਵਿਦੇਸ਼ਾਂ ਤੋਂ ਵਾਪਸ ਆ ਰਹੇ ਪੰਜਾਬੀਆਂ ਨੂੰ ਆਪੋ-ਆਪਣੇ ਜ਼ਿਲਿਆਂ ਵਿਚ ਭੇਜਣ ਲਈ ਪੰਜਾਬ ਸਰਕਾਰ ਵੱਲੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਸੁਵਿਧਾ ਕੇਂਦਰ ਸਥਾਪਤ ਕੀਤਾ ਗਿਆ ਹੈ। ਸੂਬੇ ਵਿਚ ਪਹੁੰਚਣ ਤੋਂ ਬਾਅਦ ਉਨ੍ਹਾਂ ਨੂੰ ਪਹਿਲਾਂ ਸੰਸਥਾਗਤ ਇਕਾਂਤਵਾਸ ਵਿਚ ਰਹਿਣਾ ਪਏਗਾ। ਇਹ ਪ੍ਰਗਟਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ।
ਉਨ੍ਹਾਂ ਕਿਹਾ ਕਿ ਇਸ ਸੁਵਿਧਾ ਕੇਂਦਰ ਵਿਖੇ ਆਵਾਜਾਈ ਦੀ ਸਹੂਲਤ ਦਾ ਬੰਦੋਬਸਤ ਕੀਤਾ ਗਿਆ ਤਾਂ ਕਿ ਵਿਦੇਸ਼ਾਂ ‘ਚ ਫਸੇ ਐਨ.ਆਰ.ਆਈਜ਼ ਅਤੇ ਪੰਜਾਬੀਆਂ ਦੀ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਿਆਂ ਵਿੱਚ ਸੁਖਾਲੀ ਵਾਪਸੀ ਨੂੰ ਯਕੀਨੀ ਬਣਾਇਆ ਜਾ ਸਕੇ ਜਿੱਥੇ ਉਨ੍ਹਾਂ ਨੂੰ 14 ਦਿਨਾਂ ਲਈ ਏਕਾਂਤਵਾਸ ਵਿੱਚ ਰਹਿਣ ਰੁਕਣਾ ਪਵੇਗਾ ਅਤੇ ਕੋਰੋਨਾ ਲਈ ਟੈਸਟ ਵੀ ਲਿਆ ਜਾਵੇਗਾ। ਜਿਨ੍ਹਾਂ ਵਿਅਕਤੀਆਂ ਦੇ ਟੈਸਟ ਨੈਗੇਟਿਵ ਪਾਏ ਜਾਣਗੇ, ਉਨ੍ਹਾਂ ਨੂੰ ਦੋ ਹੋਰ ਹਫਤਿਆਂ ਦੇ ਸਵੈ-ਏਕਾਂਤਵਾਸ ਲਈ ਘਰ ਭੇਜ ਦਿੱਤਾ ਜਾਵੇਗਾ ਜਦਕਿ ਪਾਜ਼ੇਟਿਵ ਪਾਏ ਜਾਣ ਵਾਲਿਆਂ ਨੂੰ ਦੇਖਭਾਲ/ਇਲਾਜ ਲਈ ਏਕਾਂਤਵਾਸ ਕੇਂਦਰਾਂ ਵਿੱਚ ਭੇਜ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ‘ਵੰਦੇ ਮਾਤਰਮ ਮਿਸ਼ਨ’ ਤਹਿਤ 20,000 ਪੰਜਾਬੀਆਂ ਅਤੇ ਐਨ.ਆਰ.ਆਈਜ਼ ਦੀ ਘਰ ਵਾਪਸੀ ਦੀ ਉਮੀਦ ਹੈ ਅਤੇ ਇਨ੍ਹਾਂ ਵਿੱਚ ਬਹੁਤੇ ਉਡਾਨਾਂ ਰਾਹੀਂ ਨਵੀਂ ਦਿੱਲੀ ਪਹੁੰਚ ਰਹੇ ਹਨ।
ਉਨ੍ਹਾਂ ਦੱਸਿਆ ਕਿ ਹਵਾਈ ਅੱਡੇ ‘ਤੇ ਸਥਾਪਤ ਕੀਤਾ ਸੁਵਿਧਾ ਕੇਂਦਰ ਬਿਨਾਂ ਕਿਸੇ ਹਫੜਾ-ਦਫੜੀ ਜਾਂ ਦੁਬਿਧਾ ਤੋਂ ਬਿਹਤਰ ਤਾਲਮੇਲ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚੋਂ ਪੰਜਾਬ ਵਿੱਚ ਆਪਣੀਆਂ ਜੱਦੀ ਥਾਵਾਂ ‘ਤੇ ਵਾਪਸ ਆਉਣ ਲਈ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਦੀ ਸੁਰੱਖਿਅਤ ਵਾਪਸੀ ਲਈ ਵੱਖ-ਵੱਖ ਮੁਲਕਾਂ ਵਿੱਚ ਕੋਆਰਡੀਨੇਟਰ ਉਸੇ ਤਰਜ਼ ‘ਤੇ ਨਿਯੁਕਤ ਕੀਤੇ ਗਏ ਹਨ, ਜਿਸ ਤਰ੍ਹਾਂ ਉਨ੍ਹਾਂ ਦੀ ਸਰਕਾਰ ਵੱਲੋਂ ਵਿਸ਼ੇਸ਼ ਸ਼੍ਰਮਿਕ ਰੇਲਾਂ ਰਾਹੀਂ ਪਰਵਾਸੀ ਕਿਰਤੀਆਂ ਦੇ ਆਉਣ-ਜਾਣ ਦੀ ਸਹੂਲਤ ਲਈ ਨੋਡਲ ਅਫਸਰ ਨਿਯੁਕਤ ਕੀਤੇ ਗਏ ਹਨ। ਦੱਸਣਯੋਗ ਹੈ ਕਿ ਇਹ ਸੁਵਿਧਾ ਕੇਂਦਰ ਦਿਨ ਦੇ 24 ਘੰਟੇ ਕੰਮ ਕਰ ਰਿਹਾ ਹੈ। ਇਨ੍ਹਾਂ ਵਿਦੇਸ਼ਾਂ ਤੋਂ ਆਏ ਲੋਕਾਂ ਦੇ ਏਕਾਂਤਵਾਸ ਲਈ ਸਬੰਧਤ ਜ਼ਿਲ੍ਹਿਆਂ ਦੇ ਹੋਟਲਾਂ ਅੰਦਰ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਜਿਹੜੇ ਵਿਦਿਆਰਥੀ ਅਤੇ ਪਰਵਾਸੀ ਹੋਟਲਾਂ ਦਾ ਖਰਚ ਨਹੀਂ ਚੁੱਕ ਸਕਦੇ, ਉਨ੍ਹਾਂ ਲਈ ਏਕਾਂਤਵਾਸ ਦੀ ਸੁਵਿਧਾ ਮੁਫਤ ਮੁਹੱਈਆ ਕਰਵਾਈ ਜਾਵੇਗੀ।