ਪੰਜਾਬ ਵਿੱਚ ਪਰਾਲੀ ਦੇ ਧੂੰਏਂ ਕਰਕੇ ਹਵਾ ਦੀ ਕੁਆਲਿਟੀ ਲਗਾਤਾਰ ਡਿੱਗਦੀ ਜਾ ਰਹੀ ਹੈ। ਸਰਕਾਰ ਨੇ ਹਾਲਾਂਕਿ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਹੈ ਪਰ ਸਹੂਲਤਾਂ ਨਾ ਮਿਲਣ ਕਰਕੇ ਬਹੁਤ ਸਾਰੀਆਂ ਥਾਵਾਂ ‘ਤੇ ਪਰਾਲੀ ਸਾੜੀ ਜਾ ਰਹੀ ਹੈ। ਇਸੇ ਵਿਚਾਲੇ ਸਰਦੂਲਗੜ੍ਹ ਦੇ ਪਿੰਡ ਮੀਰਪੁਰ ਖੁਰਦ ਵਿੱਚ ਮੰਗਲਵਾਰ ਨੂੰ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਆਈ ਟੀਮ ਨੂੰ ਕਿਸਾਨ ਯੂਨੀਅਨ ਨੇ ਬੰਦੀ ਬਣਾ ਲਿਆ।
ਬਲਾਕ ਪ੍ਰਧਾਨ ਹਰਪਾਲ ਸਿੰਘ ਪਾਲੀ ਮੀਰਪੁਰ ਕਲਾਂ ਨੇ ਦੱਸਿਆ ਕਿ ਕਿਸਾਨਾਂ ਨੇ ਮਜਬੂਰ ਹੋ ਕੇ ਝੋਨੇ ਦੀ ਪਰਾਲੀ ਨੂੰ ਅੱਗ ਲਾਈ ਸੀ, ਕਿਉਂਕਿ ਸਰਕਾਰ ਨੇ ਇਸ ਦਾ ਕੋਈ ਹੱਲ ਨਹੀਂ ਕੀਤਾ ਅਤੇ ਕਣਕ ਦੀ ਬਿਜਾਈ ਲੇਟ ਹੋ ਰਹੀ ਹੈ।
ਬਿਜਲੀ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਪਰਚਾ ਦਰਜ ਕਰਵਾਉਣ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨ, ਮਜ਼ਦੂਰ ਤੇ ਪਿੰਡ ਇਕਾਈ ਤੇ ਬੀ.ਕੇ.ਯੂ.ਏਕਤਾ ਉਗਰਾਹਾਂ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਉਪਰੋਕਤ ਮੁਲਾਜ਼ਮਾਂ ਨੂੰ ਬੰਦੀ ਬਣਾ ਲਿਆ।
ਸਰਦੂਲਗੜ੍ਹ ਥਾਣਾ ਮੁਖੀ ਨੇ ਟੀਮ ਸਣੇ ਪਹੁੰਚ ਕੇ ਮੁਲਾਜ਼ਮਾਂ ਨੂੰ ਛੁਡਵਾਇਆ। ਇਸ ਮੌਕੇ ਬਲਾਕ ਪ੍ਰਧਾਨ ਹਰਪਾਲ ਸਿੰਘ ਪਾਲੀ ਮੀਰਪੁਰ ਕਲਾਂ, ਗੁਰਤੇਜ ਸਿੰਘ ਟਿੱਬੀ ਅਤੇ ਮੀਰਪੁਰ ਕਲਾਂ ਅਤੇ ਮੀਰਪੁਰ ਖੁਰਦ ਪਿੰਡ ਇਕਾਈਆਂ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ। ਐੱਸ.ਡੀ.ਐੱਮ. ਪੂਨਮ ਸਿੰਘ ਨੇ ਕਿਹਾ ਕਿ ਉਹ ਖੁਦ ਘਟਨਾ ਦੀ ਜਾਂਚ ਕਰਨਗੇ।
ਇਸ ਤੋਂ ਪਹਿਲਾਂ ਬਰਨਾਲਾ ਜ਼ਿਲ੍ਹੇ ਦੇ ਪਿੰਡ ਕਲਾਲਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਬੁਝਾਉਣ ਲਈ ਗਈ ਫਾਇਰ ਬ੍ਰਿਗੇਡ ਦੀ ਟੀਮ, ਨਾਇਬ ਤਹਿਸੀਲਦਾਰ ਅਤੇ ਖੇਤੀਬਾੜੀ ਵਿਭਾਗ ਦੀ ਟੀਮ ਨੂੰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਬੰਧਕ ਬਣਾ ਲਿਆ ਸੀ। ਕਿਸਾਨ ਫਾਇਰ ਬ੍ਰਿਗੇਡ ਦੀ ਗੱਡੀ ਖੁਦ ਚਲਾ ਕੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ।
ਇਹ ਵੀ ਪੜ੍ਹੋ : ਮੂਸੇਵਾਲਾ ਦੇ ਨਾਂ ‘ਤੇ ਮੁਨਾਫਾ ਕਮਾਉਣ ਲੱਗੀ ਫੈਕਟਰੀ, ਕੁਰਕੁਰੇ ਦੇ ਪੈਕੇਟ ‘ਤੇ ਲਾਈ ਤਸਵੀਰ, ਪਿਆ ਪੰਗਾ
ਇਸ ਦੌਰਾਨ ਮੌਕੇ ’ਤੇ ਇਕੱਠੇ ਹੋਏ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਕਿਸਾਨ ਜੱਥੇਬੰਦੀਆਂ ਅਤੇ ਪਿੰਡ ਵਾਲਿਆਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੇ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਤਾਂ ਸੂਬੇ ਭਰ ਵਿੱਚ ਪਰਾਲੀ ਸਾੜ ਕੇ ਸੜਕਾਂ ਜਾਮ ਕੀਤੀਆਂ ਜਾਣਗੀਆਂ। ਫਾਇਰ ਬ੍ਰਿਗੇਡ, ਨਾਇਬ ਤਹਿਸੀਲਦਾਰ ਅਤੇ ਖੇਤੀਬਾੜੀ ਵਿਭਾਗ ਦੀ ਟੀਮ ਨੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੇ ਜਾਣ ਦਾ ਭਰੋਸਾ ਦਿੱਤਾ ਤਾਂ ਉਨ੍ਹਾਂ ਨੂੰ ਛੱਡਿਆ ਗਿਆ।
ਵੀਡੀਓ ਲਈ ਕਲਿੱਕ ਕਰੋ -: