ਪਾਬੰਦੀਸ਼ੁਦਾ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਕੁਲਵਿੰਦਰਜੀਤ ਸਿੰਘ ਖਾਨਪੁਰੀਆ ਨੂੰ ਪੰਜਾਬ ਦੇ ਮੋਹਾਲੀ ਸਥਿਤ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਦੀ ਵਿਸ਼ੇਸ਼ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਵਿਸ਼ੇਸ਼ ਅਦਾਲਤ ਨੇ ਖਾਨਪੁਰੀਆ ਵਿਰੁੱਧ ਦੇਸ਼ ਵਿਰੁੱਧ ਜੰਗ ਛੇੜਨ ਲਈ ਹਥਿਆਰ ਇਕੱਠੇ ਕਰਨ ਦੀ ਧਾਰਾ ਸਣੇ ਹੋਰ ਗੰਭੀਰ ਧਾਰਾਵਾਂ ਵਿੱਚ ਦੋਸ਼ ਆਇਦ ਕੀਤੇ ਹਨ। ਖਾਨਪੁਰੀਆ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
NIA ਨੇ ਖਾਨਪੁਰੀਆ ਖਿਲਾਫ ਸਾਲ 2019 ‘ਚ ਮਾਮਲਾ ਦਰਜ ਕੀਤਾ ਸੀ। ਉਸ ਨੂੰ 18 ਨਵੰਬਰ, 2022 ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਹ ਬੈਂਕਾਕ ਤੋਂ ਵਾਪਸ ਆਇਆ ਸੀ। ਇਸ ਦੌਰਾਨ ਖੁਫੀਆ ਸੂਚਨਾ ਦੇ ਆਧਾਰ ‘ਤੇ ਭਾਰਤੀ ਏਜੰਸੀਆਂ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।
ਖਾਨਪੁਰੀਆ ਵਿਰੁੱਧ ਅਪਰਾਧਿਕ ਸਾਜ਼ਿਸ਼ ਅਤੇ ਗੈਰਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ (UAPA) ਦੀਆਂ ਧਾਰਾਵਾਂ ਲਈ ਵੀ ਦੋਸ਼ ਆਇਦ ਕੀਤੇ ਗਏ ਹਨ। ਅਦਾਲਤ ਨੇ ਖਾਨਪੁਰੀਆ ਵਿਰੁੱਧ ਆਈਪੀਸੀ ਦੀ ਧਾਰਾ 121, 122, 123, 120-ਬੀ, ਆਰਮਜ਼ ਐਕਟ ਦੀਆਂ ਧਾਰਾਵਾਂ 3 ਅਤੇ 25 ਅਤੇ ਯੂਏਪੀਏ ਦੀਆਂ ਧਾਰਾਵਾਂ 17, 18, 18-ਬੀ, 38 ਅਤੇ 39 ਤਹਿਤ ਦੋਸ਼ ਆਇਦ ਕੀਤੇ ਹਨ।
NIA ਨੇ ਖਾਨਪੁਰੀਆ ਦੇ ਖਿਲਾਫ ਦਾਇਰ ਆਪਣੀ ਚਾਰਜਸ਼ੀਟ ਵਿੱਚ ਕਿਹਾ ਸੀ ਕਿ ਉਸ ਨੇ ਆਪਣੇ ਸਾਥੀਆਂ ਰਵਿੰਦਰਪਾਲ ਸਿੰਘ, ਜਗਦੇਵ ਸਿੰਘ ਅਤੇ ਹਰਚਰਨ ਸਿੰਘ ਨਾਲ ਮਿਲ ਕੇ ਇੱਕ ਵਿਆਪਕ ਅਪਰਾਧਿਕ ਸਾਜ਼ਿਸ਼ ਰਚੀ ਸੀ। ਇਹ ਸਾਜ਼ਿਸ਼ ਦੇਸ਼ ‘ਚ ਵੱਡੇ ਪੱਧਰ ‘ਤੇ ਅੱਤਵਾਦੀ ਹਮਲੇ ਅਤੇ ਦੇਸ਼ ਵਿਰੁੱਧ ਜੰਗ ਛੇੜਨ ਨਾਲ ਜੁੜੀ ਸੀ। ਇਸ ਦਾ ਉਦੇਸ਼ ਦੇਸ਼ ਵਿੱਚ ਅੱਤਵਾਦ ਦੀ ਖਾਲਿਸਤਾਨੀ ਲਹਿਰ ਨੂੰ ਮੁੜ ਸੁਰਜੀਤ ਕਰਨਾ ਅਤੇ ਹਿੰਸਕ ਸਾਧਨਾਂ ਰਾਹੀਂ ਖਾਲਿਸਤਾਨੀ ਦੇਸ਼ ਦੀ ਸਥਾਪਨਾ ਕਰਨਾ ਸੀ।
ਇਹ ਵੀ ਪੜ੍ਹੋ : ਕੋਲਾ ਰੂਟ ‘ਤੇ ਕੇਂਦਰ ਦਾ ਜਵਾਬ, ਪੰਜਾਬ ਨੂੰ ਮਨਪਸੰਦ ਪੋਰਟ ਚੁਣਨ ਦੀ ਛੋਟ, ਮੰਨਣੀਆਂ ਪੈਣਗੀਆਂ ਸ਼ਰਤਾਂ
BKI ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਦੇ ਮੈਂਬਰ ਖਾਨਪੁਰੀਆ ਦੀ ਗ੍ਰਿਫਤਾਰੀ ਤੋਂ ਬਾਅਦ NIA ਨੇ ਉਸਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਲਿਆ ਸੀ। ਡੇਰਾ ਸੱਚਾ ਸੌਦਾ ਨਾਲ ਜੁੜੀਆਂ ਸੰਸਥਾਵਾਂ ‘ਤੇ ਹਮਲਿਆਂ ਦੀਆਂ ਘਟਨਾਵਾਂ ਵਿਚ ਵੀ ਉਸ ਦੀ ਭੂਮਿਕਾ ਦੀ ਜਾਂਚ ਕੀਤੀ ਗਈ ਸੀ। ਅੰਮ੍ਰਿਤਸਰ ਦੇ ਰਾਜਾਸਾਂਸੀ ਥਾਣੇ ਵਿੱਚ ਦਰਜ ਹੈਂਡ ਗ੍ਰੇਨੇਡ ਮਾਮਲੇ ਵਿੱਚ NIA ਨੇ ਖਾਨਪੁਰੀਆ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਸੀ।
ਦੱਸ ਦੇਈਏ ਕਿ ਸਾਲ 2019 ਵਿੱਚ ਇੱਕ ਚੈਕ ਪੋਸਟ ਦੌਰਾਨ ਦੋ ਮੋਟਰਸਾਈਕਲ ਸਵਾਰਾਂ ਤੋਂ ਦੋ ਹੈਂਡ ਗ੍ਰੇਨੇਡ ਅਤੇ ਇੱਕ ਬੈਗ ਵਿੱਚ ਇੱਕ ਮੋਬਾਈਲ ਫੋਨ ਬਰਾਮਦ ਕੀਤਾ ਗਿਆ ਸੀ। ਦੋਵੇਂ ਪੁਲਿਸ ਹਿਰਾਸਤ ‘ਚੋਂ ਭੱਜਣ ‘ਚ ਕਾਮਯਾਬ ਹੋ ਗਏ ਸਨ। ਖਾਨਪੁਰੀਆ ਦਾ ਨਾਮ ਉਸ ਮਾਮਲੇ ਵਿੱਚ ਐਫਆਈਆਰ ਵਿੱਚ ਸ਼ਾਮਲ ਸੀ।
ਖਾਨਪੁਰੀਆ ‘ਤੇ 5 ਲੱਖ ਰੁਪਏ ਦਾ ਇਨਾਮ ਸੀ। ਉਸ ਨੂੰ 18 ਨਵੰਬਰ 2022 ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਕਰੀਬ 3 ਸਾਲ ਪਹਿਲਾਂ ਇੰਟਰਪੋਲ ਨੇ ਉਸ ਦੇ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਸੀ। ਖਾਨਪੁਰੀਆ ਮੂਲ ਰੂਪ ਤੋਂ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਅਤੇ 2019 ਤੋਂ ਭਗੌੜਾ ਸੀ। ਉਹ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ, ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਦੇ ਮਾਮਲਿਆਂ ਵਿੱਚ ਲੋੜੀਂਦਾ ਸੀ। ਇਸ ਦੇ ਨਾਲ ਹੀ ਉਹ 90 ਦੇ ਦਹਾਕੇ ਵਿੱਚ ਦਿੱਲੀ ਦੇ ਕਨਾਟ ਪਲੇਸ ਵਿੱਚ ਗ੍ਰੇਨੇਡ ਹਮਲੇ ਦੀਆਂ ਘਟਨਾਵਾਂ ਵਿੱਚ ਵੀ ਸ਼ਾਮਲ ਦੱਸਿਆ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: